Faridkot News: ਫ਼ਰੀਦਕੋਟ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰ ਦੇ ਬਾਹਰ ਧਰਨਾ ਲਗਾ ਕੇ ਭੁੱਖ ਹੜਤਾਲ ਕੀਤੀ ਗਈ ਤੇ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਲਈ ਚੌਪਿਹਰਾ ਸਾਹਿਬ ਦੇ ਪਾਠ ਕੀਤੇ ਗਏ। ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨਾਲ ਪੰਜਾਬ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਆਂਗਣਵਾੜੀ ਵਰਕਰਾਂ ਨੂੰ ਮਾਣ ਭੱਤਾ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ। ਆਂਗਣਵਾੜੀ ਵਿੱਚ ਪੜ੍ਹਨ ਵਾਲੇ ਬੱਚਿਆਂ ਦੀ ਖੁਰਾਕ ਵਿੱਚ ਘਪਲੇਬਾਜ਼ੀ ਹੋ ਰਹੀ ਹੈ ਤੇ ਅਜਿਹਾ ਸਾਮਾਨ ਭੇਜਿਆ ਜਾ ਰਿਹਾ ਜਿਸ ਨੂੰ ਪਸ਼ੂ ਵੀ ਨਾ ਖਾਣ। ਉਨ੍ਹਾਂ ਨੇ ਕਿਹਾ ਕਿ ਨਾਲ ਸਰਕਾਰ ਨੇ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਸਕੂਲਾਂ 'ਚ ਦਾਖ਼ਲਾ ਦੇ ਦਿੱਤਾ ਹੈ ਜਿਸ ਕਾਰਨ ਆਂਗਣਵਾੜੀ ਵਿਚ ਬੱਚਿਆਂ ਦੀ ਗਿਣਤੀ ਘੱਟ ਗਈ ਹੈ।


ਉਨ੍ਹਾਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜ ਦੇਣ, ਰੁਕਿਆ ਮਾਣ ਭੱਤਾ ਜਾਰੀ ਕਰਵਾਉਣ ਸਮੇਤ ਕਈ ਅਹਿਮ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਲਗਾਤਾਰ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਦੇ ਮੰਤਰੀ ਨਾਲ ਗੱਲਬਾਤ ਦਾ ਸਮਾਂ ਮੰਗਿਆ ਜਾ ਰਿਹਾ ਪਰ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ।


ਜਿਸ ਦੇ ਚੱਲਦੇ ਹੁਣ ਉਨ੍ਹਾਂ ਵੱਲੋਂ ਇਹ ਸੰਘਰਸ਼ ਵਿੱਢਿਆ ਗਿਆ ਹੈ ਜੋ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਸਰਕਾਰ ਉਨ੍ਹਾਂ ਦੀਆ ਮੰਗਾਂ ਨਹੀਂ ਮੰਨ ਲੈਂਦੀ। ਉਨ੍ਹਾਂ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉੱਨਾ ਚਿਰ ਹਰ ਐਤਾਵਾਰ ਉਨ੍ਹਾਂ ਦੀ ਯੂਨੀਅਨ ਵੱਲੋਂ ਇਥੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਭੁੱਖ ਹੜਤਾਲ ਦੇ ਨਾਲ-ਨਾਲ ਚੌਪਿਹਰਾ ਸਾਹਿਬ ਦੇ ਪਾਠ ਕੀਤੇ ਜਾਣਗੇ।


ਇਸ ਮੌਕੇ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਫਰੀਦਕੋਟ ਪੁਲਿਸ ਦੇ ਇੱਕ ਡੀਐਸਪੀ ਪੱਧਰ ਦੇ ਅਧਿਕਾਰੀ ਉਤੇ ਮਾੜਾ ਵਰਤਾਓ ਕਰਨ ਦੇ ਵੀ ਦੋਸ਼ ਲਗਾਏ ਗਏ। ਉਨ੍ਹਾਂ ਨੇ ਕਿਹਾ ਕਿ ਪੁਲਿਸ ਅਧਿਕਾਰੀ ਨੇ ਉਨ੍ਹਾਂ ਨੂੰ ਚੁੱਕਣ ਲਈ ਆਪਣੇ ਮਰਦ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਜਿਨ੍ਹਾਂ ਨੇ ਉਸ ਦੀਆ ਬਾਹਾਂ ਫੜ੍ਹ ਕੇ ਉਸ ਦੀ ਖਿੱਚਧੂਹ ਕੀਤੀ।


ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਪੂਰੀ ਕਲੋਨੀ ਨੂੰ ਘੇਰਿਆ ਹੋਇਆ ਹੈ ਤੇ ਆਂਗਣਵਾੜੀ ਵਰਕਰਾਂ ਨੂੰ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੀਆ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।


ਇਹ ਵੀ ਪੜ੍ਹੋ : Ludhiana Buddha Nullah: ਲੁਧਿਆਣਾ ਬੁੱਢੇ ਦਰਿਆ ਦਾ ਜਾਇਜਾ ਲੈਣ ਆਏ ED ਦੇ ਸਾਬਕਾ ਡਿਪਟੀ ਡਾਇਰੈਕਟਰ, ਕਹੀ ਇਹ ਗੱਲ