Gurdwara Act Protest: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਨਾਂਦੇੜ ਸੋਧ ਕਾਨੂੰਨ ਵਿਰੁੱਧ ਮਹਾਰਾਸ਼ਟਰ ਸਰਕਾਰ ਦਾ ਵਿਰੋਧ ਕਰ ਰਹੀ ਹੈ। ਅੱਜ ਨਾਂਦੇੜ ਸਾਹਿਬ ਵਿੱਚ ਸਿੱਖ ਸੰਗਤ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਨਾਂਦੇੜ ਦੇ ਗੁਰਦੁਆਰੇ ਸਾਹਿਬ ਤੋਂ ਡੀਸੀ ਦਫ਼ਤਰ ਲਈ ਰਵਾਨਾ ਹੋਇਆ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚੇ ਹਨ।


COMMERCIAL BREAK
SCROLL TO CONTINUE READING

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚਿਆ ਹੈ।  



ਦੱਸ ਦਈਏ ਕਿ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਐਕਟ ਵਿੱਚ ਸੋਧ ਕੀਤੀ ਹੈ। ਇਸ ਵਿੱਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਜਦਕਿ ਪ੍ਰਬੰਧਕੀ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਮੌਜੂਦਾ ਬੋਰਡ ਵਿੱਚ ਕੁੱਲ ਮੈਂਬਰਾਂ ਦੀ ਗਿਣਤੀ 17 ਹੋਵੇਗੀ। ਇਨ੍ਹਾਂ ਵਿੱਚੋਂ ਸਰਕਾਰ 12 ਮੈਂਬਰਾਂ ਨੂੰ ਨਾਮਜ਼ਦ ਕਰੇਗੀ।


ਸ਼੍ਰੋਮਣੀ ਕਮੇਟੀ ਵੱਲੋਂ ਦੋ ਮੈਂਬਰ ਨਾਮਜ਼ਦ ਕੀਤੇ ਜਾਣਗੇ। ਬਾਕੀ ਤਿੰਨ ਮੈਂਬਰਾਂ ਦੀ ਚੋਣ ਚੋਣ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ। ਪਹਿਲਾਂ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਮੈਂਬਰਾਂ ਦੀ ਗਿਣਤੀ ਸੱਤ ਸੀ। ਇਸ ਦੇ ਨਾਲ ਹੀ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਤੋਂ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਵੀ ਲੈ ਲਿਆ ਗਿਆ ਹੈ।