Punjab News: ਰਾਜਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ ਸਮੇਤ ਕਈ ਆਗੂ ਕਾਂਗਰਸ ਵਿੱਚ ਹੋਏ ਸ਼ਾਮਿਲ
Balbir Singh Sidhu News: ਉਨ੍ਹਾਂ ਦੇ ਨਾਲ ਗੁਰਪ੍ਰੀਤ ਸਿੰਘ ਕਾਂਗੜ ਅਤੇ ਬਲਬੀਰ ਸਿੱਧੂ ਵੀ ਦਿੱਲੀ ਪਹੁੰਚ ਚੁੱਕੇ ਹਨ।
Balbir Singh Sidhu News: ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਕਰੀਬ 6 ਮਹੀਨੇ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ (ਭਾਜਪਾ) ਪੰਜਾਬ 'ਚ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ 3 ਸਾਬਕਾ ਮੰਤਰੀ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦਈਏ ਕਿ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਵੀਰ ਸਿੱਧੂ ਅਤੇ ਗੁਰਪ੍ਰੀਤ ਕਾਂਗੜ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਉਹ ਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਪੁੱਜੇ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵੀ ਮੌਜੂਦ ਸਨ।
ਇਨ੍ਹਾਂ ਤੋਂ ਇਲਾਵਾ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਅਤੇ ਮਹਿੰਦਰ ਰਿਣਵਾ, ਹੰਸਰਾਜ ਜੋਸਨ ਵੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਦੋਵਾਂ ਆਗੂਆਂ ਨੂੰ ਅਕਾਲੀ ਦਲ ਵਿੱਚੋਂ ਕੱਢਣ ਲਈ ਕਾਰਵਾਈ ਕੀਤੀ ਜਾ ਰਹੀ ਸੀ।
ਇਸ ਤੋਂ ਪਹਿਲਾਂ ਅੰਮ੍ਰਿਤਸਰ 'ਚ ਬੁਲਾਈ ਗਈ ਪ੍ਰੈੱਸ ਕਾਨਫਰੰਸ 'ਚ ਵੇਰਕਾ ਨੇ ਦੱਸਿਆ ਕਿ ਉਨ੍ਹਾਂ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ- ਮੈਂ ਇੱਕ ਸਾਲ ਪਹਿਲਾਂ ਕਾਂਗਰਸ ਛੱਡ ਕੇ ਇਸ ਪਾਰਟੀ ਵਿੱਚ ਸ਼ਾਮਲ ਹੋਇਆ ਸੀ ਪਰ ਇੱਥੇ ਵਿਤਕਰਾ ਮਹਿਸੂਸ ਕੀਤਾ। ਮੈਨੂੰ ਭਾਜਪਾ ਵਿਚ ਉਹ ਸਨਮਾਨ ਨਹੀਂ ਮਿਲਿਆ ਜਿਸ ਦਾ ਮੈਂ ਹੱਕਦਾਰ ਸੀ। ਮੈਂ ਗਲਤੀ ਕੀਤੀ ਸੀ ਅਤੇ ਹੁਣ ਮੈਂ ਇਸ ਨੂੰ ਸੁਧਾਰਨ ਲਈ ਕਾਂਗਰਸ ਵਿੱਚ ਵਾਪਸ ਆ ਰਿਹਾ ਹਾਂ। ਮੇਰੇ ਤੋਂ ਬਾਅਦ ਕਈ ਹੋਰ ਕਾਂਗਰਸੀ ਆਗੂ ਵੀ ਅਗਲੇ ਦਿਨਾਂ ਵਿੱਚ ਵਾਪਸ ਆਉਣਗੇ।
ਦਰਅਸਲ, 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਅਤੇ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਰਾਜਕੁਮਾਰ ਵੇਰਕਾ ਅਤੇ ਕਾਂਗਰਸ ਦੇ ਕਈ ਹੋਰ ਵੱਡੇ ਆਗੂ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ 'ਚ ਪੈਦਾ ਹੋਈ ਅੰਦਰੂਨੀ ਕਲੇਸ਼ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਪਾਰਟੀ ਛੱਡ ਦਿੱਤੀ ਸੀ।
ਵੇਰਕਾ ਚੰਨੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਉਹ ਲੰਬੇ ਸਮੇਂ ਤੋਂ ਕਾਂਗਰਸ ਵਿੱਚ ਕੰਮ ਕਰ ਚੁੱਕੇ ਹਨ। ਵੇਰਕਾ ਪੰਜਾਬ ਦੀ ਸਿਆਸਤ ਦੇ ਵੱਡੇ ਦਲਿਤ ਚਿਹਰੇ ਵਜੋਂ ਜਾਣੇ ਜਾਂਦੇ ਹਨ। 20 ਮਾਰਚ 1963 ਨੂੰ ਅੰਮ੍ਰਿਤਸਰ ਵਿੱਚ ਜਨਮੇ ਵੇਰਕਾ ਸ਼ੁਰੂ ਤੋਂ ਹੀ ਅੰਮ੍ਰਿਤਸਰ ਦੇ ਸੰਸਦ ਮੈਂਬਰ ਰਘੁਨੰਦਨ ਲਾਲ ਭਾਟੀਆ ਦੇ ਕਰੀਬੀ ਸਨ।