Punjab Farmers Rail Roko Andolan Today news: ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੈਂਕੜੇ ਵਰਕਰ ਸਵੇਰ ਤੋਂ ਹੀ ਸੁਨਾਮ ਰੇਲਵੇ ਸਟੇਸ਼ਨ ’ਤੇ ਖੜ੍ਹੇ ਹਨ। ਇਸੇ ਤਰ੍ਹਾਂ ਪੰਜਾਬ ਦੇ ਕਈ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ।  


COMMERCIAL BREAK
SCROLL TO CONTINUE READING

ਦੇਸ਼ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਮੁੜ ਰੇਲ ਪਟੜੀ 'ਤੇ ਖੜ੍ਹੇ ਹੋ ਗਏ ਹਨ ਅਤੇ ਸਰਕਾਰ ਦੇ ਖਿਲਾਫ ਨਾਅਰੇ ਲਗਾ ਰਹੇ ਹਨ। 


ਕੀ ਹਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੁੱਖ ਮੰਗਾਂ? 


  • ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 50000 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ

  • ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ

  • ਲਖੀਮਪੁਰ ਹਿੰਸਾ ਦੇ ਪੀੜਤਾਂ ਲਈ ਇਨਸਾਫ ਦੀ ਮੰਗ

  • ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਲਈ ਸਹੀ MSP ਦਿੱਤਾ ਜਾਵੇ ਅਤੇ ਉਹਨਾਂ ਦੀਆਂ ਫਸਲਾਂ ਨੂੰ ਲੁੱਟ ਤੋਂ ਬਚਾਇਆ ਜਾਵੇ।

  • ਪੰਜਾਬ ਵਿੱਚ ਨਸ਼ਿਆਂ ਦੀ ਮਾੜੀ ਹਾਲਤ: ਸਰਕਾਰਾਂ ਨੂੰ ਚਾਹੀਦਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਕਾਬੂ ਕੀਤਾ ਜਾਵੇ।

  • ਨਰੇਗਾ ਮਜ਼ਦੂਰੀ 100 ਦਿਨਾਂ ਤੋਂ ਵਧਾ ਕੇ 200 ਦਿਨ ਕੀਤੀ ਜਾਵੇ।


ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਵਿੱਚ 12 ਥਾਵਾਂ 'ਤੇ ਰੇਲ ਪਟੜੀਆਂ ਜਾਮ ਕੀਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ ਵਿੱਚ ਬਟਾਲਾ, ਜਲੰਧਰ ਛਾਉਣੀ, ਤਰਨਤਾਰਨ, ਸੁਨਾਮ, ਨਾਭਾ, ਬਸਤੀ ਟੈਂਕਵਾਲੀ ਅਤੇ ਫ਼ਿਰੋਜ਼ਪੁਰ ਵਿੱਚ ਮੱਲਾਂਵਾਲਾ, ਬਠਿੰਡਾ ਵਿੱਚ ਰਾਮਪੁਰਾ, ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ ਸ਼ਾਮਲ ਹਨ। 


ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ "ਜੇਕਰ ਕਿਸੇ ਨੇ ਪੰਜਾਬ ਦੇ ਕਿਸਾਨਾਂ ਨਾਲ ਦੁਰਵਿਵਹਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣਗੇ। ਪੂਰੇ ਦੇਸ਼ ਵਿੱਚ ਕਿਸਾਨ ਇੱਕਜੁੱਟ ਹਨ।"


ਦੱਸ ਦਈਏ ਕਿ ਪੰਜਾਬ ਵਿੱਚ ਕਈ ਥਾਵਾਂ 'ਤੇ ਕਿਸਾਨਾਂ ਵੱਲੋਂ ਦਿੱਤੇ ਰੇਲ ਰੋਕੋ ਅੰਦੋਲਨ ਦੇ ਸੱਦੇ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।  


ਇਹ ਵੀ ਪੜ੍ਹੋ: Sukhpal Khaira Arrest News: ਐਨਡੀਪੀਐਸ ਦੇ ਮਾਮਲੇ 'ਚ ਸੁਖਪਾਲ ਸਿੰਘ ਖਹਿਰਾ ਗ੍ਰਿਫਤਾਰ 

ਕਿਸਾਨਾਂ ਨੇ ਮੁੜ ਕੇਂਦਰ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ 
ਕਈ ਕਿਸਾਨ ਜਥੇਬੰਦੀਆਂ ਵੀ ਇੱਕ ਵਾਰ ਫਿਰ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਉਠਾਉਣ ਦੀ ਤਿਆਰੀ ਕਰ ਰਹੀਆਂ ਹਨ। ਇਹ ਅੰਦੋਲਨ ਉਸ ਤਰ੍ਹਾਂ ਦਾ ਹੋਵੇਗਾ ਜੋ ਦਿੱਲੀ ਅੰਦੋਲਨ ਤੋਂ ਪਹਿਲਾਂ ਪੰਜਾਬ ਵਿੱਚ ਸ਼ੁਰੂ ਹੋਇਆ ਸੀ। ਇਸੇ ਤਰ੍ਹਾਂ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 28, 29 ਅਤੇ 30 ਸਤੰਬਰ ਨੂੰ ਪੰਜਾਬ ਭਰ 'ਚ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ, ਜਿਸ ਨੂੰ ਲੈ ਕੇ ਅੱਜ ਜਲੰਧਰ ਦੇ ਕੈਂਟ ਰੇਲਵੇ ਸਟੇਸ਼ਨ 'ਤੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ ਪਰ ਹੁਣ ਤੱਕ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ।


ਫਰੀਦਕੋਟ ਵਿੱਚ ਰੋਕੀਆਂ ਟ੍ਰੇਨਾਂ 
ਫਰੀਦਕੋਟ 'ਚ ਵੀ ਕਿਸਾਨ ਜਥੇਬੰਦੀਆਂ ਨੇ ਗੋਲੇਵਾਲਾ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ ਜਾਮ ਕਰ ਦਿੱਤਾ। ਕਿਸਾਨਾਂ ਨੇ ਦੋ ਟਰੇਨਾਂ ਫ਼ਿਰੋਜ਼ਪੁਰ ਬਠਿੰਡਾ ਪੈਸੇਂਜਰ (01612) ਅਤੇ ਜੀਂਦ ਫ਼ਿਰੋਜ਼ਪੁਰ ਪੈਸੇਂਜਰ (14027) ਨੂੰ ਰੋਕਿਆ। ਧਰਨੇ ਕਾਰਨ ਫ਼ਿਰੋਜ਼ਪੁਰ ਬਠਿੰਡਾ ਰੇਲਵੇ ਲਾਈਨ ਪ੍ਰਭਾਵਿਤ ਹੋਈ ਹੈ।


ਮੋਗਾ ਵਿੱਚ ਧਰਨਾ ਜਾਰੀ 
ਮੋਗਾ ਵਿੱਚ ਵੀ ਕਿਸਾਨ ਰੇਲ ਪਟੜੀ ’ਤੇ ਬੈਠ ਗਏ ਹਨ। ਰੇਲਗੱਡੀ ਨੰਬਰ 06982 ਫ਼ਿਰੋਜ਼ਪੁਰ-ਲੁਧਿਆਣਾ ਐਕਸਪ੍ਰੈਸ ਨੂੰ ਮੋਗਾ ਸਟੇਸ਼ਨ 'ਤੇ ਰੋਕਿਆ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ 25 ਤੋਂ 30 ਕਿਸਾਨਾਂ ਨੇ ਰੇਲਵੇ ਲਾਈਨਾਂ ਵਿੱਚ ਬੈਠ ਕੇ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਐਸ.ਐਸ.ਪੀ ਮੋਗਾ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਰੇਲਵੇ ਲਾਈਨ ਨੂੰ ਖਾਲੀ ਕਰਵਾਇਆ ਅਤੇ ਰੇਲ ਗੱਡੀ 10:37 'ਤੇ ਰਵਾਨਾ ਹੋਈ। ਰੇਲਗੱਡੀ ਦੇ ਰਵਾਨਾ ਹੋਣ ਤੋਂ ਬਾਅਦ ਕਿਸਾਨ ਫਿਰ ਤੋਂ ਰੇਲਵੇ ਲਾਈਨਾਂ 'ਤੇ ਬੈਠ ਗਏ ਅਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।