Farmers News: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ ਅਤੇ ਸੂਬਾ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ (ਡੀਏਪੀ) ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ। ਇਸ ਕਦਮ ਦਾ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਨਿਰਵਿਘਨ ਬਿਜਾਈ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ।


COMMERCIAL BREAK
SCROLL TO CONTINUE READING

ਖੇਤੀਬਾੜੀ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਹਾੜ੍ਹੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀਏਪੀ ਖਾਦ ਅਲਾਟ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਅਲਾਟਮੈਂਟ ਵਿੱਚੋਂ ਸੂਬੇ ਨੂੰ ਪਹਿਲਾਂ ਹੀ 22,204 ਮੀਟ੍ਰਿਕ ਟਨ ਡੀਏਪੀ ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਮੀਟ੍ਰਿਕ ਟਨ ਜਲਦ ਪ੍ਰਾਪਤ ਹੋ ਜਾਵੇਗੀ।


ਉਨ੍ਹਾਂ ਨੇ ਅੱਗੇ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਲਗਭਗ 1.77 ਲੱਖ ਮੀਟ੍ਰਿਕ ਟਨ ਡੀਏਪੀ ਪ੍ਰਾਪਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 51,612 ਮੀਟ੍ਰਿਕ ਟਨ ਡੀਏਪੀ ਦੇ ਬਰਾਬਰ ਫਾਸਫੇਟ ਦੇ ਵੱਖ-ਵੱਖ ਬਦਲ ਵੀ ਪ੍ਰਾਪਤ ਹੋਏ ਹਨ, ਜਿਸ ਨਾਲ ਕੁੱਲ ਉਪਲਬਧਤਾ 2,27,563 ਮੀਟ੍ਰਿਕ ਟਨ ਬਣਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਖਾਦ ਦੀ ਇਹ ਵੰਡ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਕਿਸਾਨਾਂ ਦੀਆਂ ਬਿਜਾਈ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਯਤਨਾਂ ਦਾ ਹਿੱਸਾ ਹੈ।


ਸੂਬੇ ਦੇ ਉੱਚ ਅਧਿਕਾਰੀਆਂ, ਜਿਹਨਾਂ ਵਿੱਚ ਮੁੱਖ ਸਕੱਤਰ ਅਨੁਰਾਗ ਵਰਮਾ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇਏਪੀ ਸਿਨਹਾ, ਪ੍ਰਮੁੱਖ ਸਕੱਤਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਵਿਕਾਸ ਗਰਗ, ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਅਤੇ ਇੰਟੈਲੀਜੈਂਸ ਚੀਫ਼ ਆਰਕੇ ਜੈਸਵਾਲ ਸ਼ਾਮਲ ਸਨ, ਨਾਲ ਇਥੇ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਨਦਾਤਾ (ਕਿਸਾਨਾਂ) ਦੀ ਭਲਾਈ ਲਈ ਸਮਰਪਿਤ ਹੈ।


ਉਨ੍ਹਾਂ ਨੇ ਕਿਹਾ ਕਿ ਸਰਕਾਰ ਫ਼ਸਲ ਦੇ ਝਾੜ ਨੂੰ ਵਧਾ ਕੇ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸਰੋਤ ਅਤੇ ਸਹਾਇਤਾ ਪ੍ਰਦਾਨ ਕਰਨ ਵਾਸਤੇ ਵਚਨਬੱਧ ਹੈ।


ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਅਤੇ ਰਮਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਲਈ ਆਏ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਉਠਾਏ ਮੁੱਦਿਆਂ ਬਾਰੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ. 60 ਫ਼ੀਸਦ ਅਲਾਟ ਕੀਤਾ ਜਾ ਰਹੀ ਹੈ, ਜਦਕਿ ਬਾਕੀ 40 ਫ਼ੀਸਦ ਖਾਦ ਡੀਲਰਾਂ ਨੂੰ ਦਿੱਤਾ ਜਾਵੇਗਾ।


ਉਨ੍ਹਾਂ ਕਿਹਾ ਕਿ ਡੀਏਪੀ ਅਤੇ ਹੋਰ ਖਾਦਾਂ ਦੇ ਨਾਲ-ਨਾਲ ਕਿਸੇ ਵੀ ਉਤਪਾਦ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਦੇਣ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।


ਇਹ ਵੀ ਪੜ੍ਹੋ : Tarn Taran Murder: ਲਾਲਜੀਤ ਸਿੰਘ ਭੁੱਲਰ ਦੇ ਨਜ਼ਦੀਕੀ 'ਆਪ' ਨੇਤਾ ਰਾਜਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ