Punjab News:  ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮਾਨ ਸਰਕਾਰ ਨੇ ਹੜ੍ਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫ਼ਸਲਾਂ ਦੇ ਹੋਏ ਨੁਕਸਾਨ ਲਈ 186 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ।  ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ ਮੁਆਵਜ਼ਾ ਦੇਣ ਲਈ 186 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੁਦਰਤੀ ਆਫ਼ਤ ਰਾਹਤ ਫੰਡ ਵਿੱਚੋਂ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫ਼ਸਲਾਂ ਦੇ ਨੁਕਸਾਨ ਸਬੰਧੀ ਰਾਹਤ ਦੇਣ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ।


ਜ਼ਿੰਪਾ ਨੇ ਕਿਹਾ ਕਿ ਜੁਲਾਈ ਅਤੇ ਅਗਸਤ ਦੇ ਮਹੀਨਿਆਂ ਵਿੱਚ ਸੂਬੇ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨਾਲ ਆਪਣਾ ਵਾਅਦਾ ਪੂਰਾ ਕਰਦਿਆਂ ਮੁਆਵਜ਼ੇ ਦੇ ਚੈੱਕ ਸੌਂਪੇ ਸਨ।


ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਉਪਰਾਲੇ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਹੋਰ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਫਸਲਾਂ ਨੂੰ ਰਾਹਤ ਦੇਣ ਲਈ ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨਤਾਰਨ ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ ਨੂੰ 59 ਕਰੋੜ ਰੁਪਏ ਦਿੱਤੇ ਗਏ ਹਨ। ਮਾਨਸਾ ਨੂੰ 50 ਲੱਖ ਅਤੇ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ।


ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 3 ਕਰੋੜ 73 ਲੱਖ 18,400 ਰੁਪਏ, ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ ਨੂੰ 2 ਕਰੋੜ 31 ਲੱਖ 26,800 ਰੁਪਏ ਖ਼ਰਚ ਕੀਤੇ ਗਏ ਹਨ।


3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐੱਸ.ਬੀ.ਐੱਸ. ਨਗਰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ 1 ਕਰੋੜ 59 ਲੱਖ 98,700 ਰੁਪਏ ਅਤੇ ਐੱਸ.ਏ.ਐੱਸ. ਸ਼ਹਿਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।


ਇਹ ਵੀ ਪੜ੍ਹੋ : Abohar News: ਇਨਸਾਨੀਅਤ ਸ਼ਰਮਸਾਰ! ਸ਼ਮਸ਼ਾਨ ਘਾਟ ਦੇ ਨੇੜੇ ਡਿਸਪੋਜਲ 'ਚੋਂ ਇੱਕ ਭਰੂਣ ਬਰਾਮਦ


ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਕਮ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਜ਼ਮੀਨੀ ਸਥਿਤੀ ਦਾ ਪਤਾ ਲਗਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।


ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰਾਂ ਤੋਂ ਰਾਹਤ ਅਤੇ ਲੋਕਾਂ ਦੀ ਫੀਡਬੈਕ ਸਬੰਧੀ ਲਗਾਤਾਰ ਰਿਪੋਰਟਾਂ ਲੈ ਰਿਹਾ ਹੈ। ਵਰਨਣਯੋਗ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਫਸਲਾਂ, ਪਸ਼ੂਆਂ, ਮਕਾਨਾਂ ਜਾਂ ਹੋਰ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਗਿਰਦਾਵਰੀ ਅਧੀਨ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਪੀੜਤਾਂ ਨੂੰ ਹਰ ਪੈਸੇ ਦਾ ਮੁਆਵਜ਼ਾ ਦੇਵੇਗੀ।


ਇਹ ਵੀ ਪੜ੍ਹੋ : Farmers Protest Today Live Updates: ਕਿਸਾਨਾਂ ਨੇ ਲੌਂਗੋਵਾਲ 'ਚ ਲਗਾਇਆ ਪੱਕਾ ਧਰਨਾ, ਚੰਡੀਗੜ੍ਹ ਵੱਲ ਕੂਚ ਕਰਨ ਦਾ ਵੀ ਦਿੱਤਾ ਹੋਇਆ ਹੈ ਧਰਨਾ