Chandigarh Farmers Protest News: ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਧਾ ਕੇ ਸੂਬੇ ਦੇ ਲੋਕਾਂ 'ਤੇ ਬੋਝ ਪਾਇਆ ਹੈ। ਇਸ ਕਾਰਨ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਵਧੀਆਂ ਹੋਈਆਂ ਕੀਮਤਾਂ ਬੀਤੀ ਦਿਨੀ ਅੱਧੀ ਰਾਤ 12 ਤੋਂ ਲਾਗੂ ਹੋ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ  ਵਿੱਚ ਵਾਧਾ ਹੋਣ ਕਰਕੇ ਕਈ ਲੀਡਰ ਅਤੇ ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ।


COMMERCIAL BREAK
SCROLL TO CONTINUE READING

ਇਸ ਵਿਚਾਲੇ ਅੱਜ ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੀਆਂ 5 ਕਿਸਾਨ ਯੂਨੀਅਨਾਂ ਚੰਡੀਗੜ੍ਹ 'ਚ ਇਕੱਠੀਆਂ ਹੋ ਕੇ ਸਰਕਾਰ ਖਿਲਾਫ਼ ਐਕਸ਼ਨ ਪਲਾਨ ਬਣਾਉਣਗੀਆਂ। ਇਸ ਦੇ ਨਾਲ ਹੀ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਲੈ ਕੇ ਵੱਖ ਵੱਖ ਧਿਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।


ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਜਾਹਿਰ ਕਰਦੇ ਹੋਏ ਟਰੈਕਟਰ ਰੈਲੀ ਕੱਢੀ ਗਈ। ਨਾਭਾ ਦੀ ਨਵੀਂ ਅਨਾਜ ਮੰਡੀ ਤੋਂ ਸ਼ੁਰੂ ਕੀਤੀ ਕਿਸਾਨਾਂ ਦੀ ਇਹ ਟਰੈਕਟਰ ਰੈਲੀ ਐਸ ਡੀ ਐਮ ਦਫਤਰ ਨਾਭਾ ਵਿਖੇ ਸਮਾਪਤ ਹੋਈ, ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵਧੀਆਂ ਕੀਮਤਾਂ ਵਾਪਸ ਲੈਣ ਲਈ ਮੰਗ ਪੱਤਰ ਦਿੱਤਾ।


ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਘੁੰਮਣ ਸਿੰਘ ਰਾਜਗੜ੍ਹ ਅਤੇ ਹੋਰ ਆਗੂਆਂ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਤਾਂ ਪੰਜਾਬ ਸਰਕਾਰ ਨੇ ਤੇਲ ਦੀ ਕੀਮਤਾਂ ਕਿਉਂ ਵਧਾਈਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਐਮ ਐਸ ਪੀ ਵਧਾਉਣ ਤੋਂ ਬਾਅਦ ਹੀ ਪੰਜਾਬ ਸਰਕਾਰ ਨੇ ਇਹ ਕੀਮਤਾਂ ਵਧਾਈਆਂ ਜਿਸ ਨੂੰ ਜੇਕਰ ਸਰਕਾਰ ਜਲਦ ਵਾਪਸ ਨਹੀਂ ਲਵੇਗੀ ਤਾਂ ਪੂਰੇ ਪੰਜਾਬ ਵਿਚ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਛੇੜਿਆ ਜਾਵੇਗਾ।


ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਬੇਮੌਸਮੀ ਬਾਰਿਸ਼ ਕਾਰਨ ਹੋਏ ਫਸਲਾਂ ਦੇ ਨੁਕਸਾਨ ਨਾਲ ਜੂਝ ਰਹੇ ਹਨ, ਉੱਪਰੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਉੱਪਰ ਵੈਟ ਵਧਾ ਕੇ ਪੈਟਰੋਲ ਡੀਜ਼ਲ ਦੇ ਭਾਅ ਵਿਚ ਵਾਧਾ ਕਰ ਕੇ ਕਿਸਾਨਾਂ ਤੇ ਆਮ ਲੋਕਾਂ ਦਾ ਲੱਕ ਤੋੜ ਦਿੱਤਾ।


ਇਹ ਵੀ ਪੜ੍ਹੋ: Patiala News: PSPCL ਗੇਟ ਅੱਗੇ ਕਿਸਾਨਾਂ ਦੇ ਚੱਲ ਰਹੇ ਧਰਨੇ ਨੂੰ ਪੁਲਿਸ ਨੇ ਹਟਾਇਆ! ਕਈ ਹਿਰਾਸਤ 'ਚ

ਦੱਸ ਦੇਈਏ ਕਿ ਮਾਨਸਾ 'ਚ ਸ਼ਨੀਵਾਰ ਨੂੰ ਭਗਵੰਤ ਮਾਨ ਦੀ ਕੈਬਨਿਟ ਮੀਟਿੰਗ ਹੋਈ ਸੀ। ਮੀਟਿੰਗ 'ਚ ਹੀ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਧਾਉਣ ਦਾ ਫੈਸਲਾ ਲਿਆ ਗਿਆ ਸੀ। ਕੈਬਨਿਟ ਵਿੱਚ ਸਰਕਾਰ ਵੱਲੋਂ ਲਏ ਗਏ ਹੋਰ ਫੈਸਲਿਆਂ ਦੀ ਜਾਣਕਾਰੀ ਜਨਤਕ ਕੀਤੀ ਗਈ ਪਰ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਉਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਹ ਫੈਸਲਾ ਬੀਤੀ ਸ਼ਨੀਵਾਰ ਰਾਤ 12 ਵਜੇ ਤੋਂ ਲਾਗੂ ਹੋ ਕੀਤਾ ਗਿਆ ਸੀ।