Punjab News: ਪੰਜਾਬ ਦੇ ਵਿਕਾਸ ਲਈ ਕੇਂਦਰ ਤੇ ਸੂਬੇ ਵਿਚਾਲੇ ਪੁਲ ਦੇ ਰੂਪ ਵਿੱਚ ਕੰਮ ਕਰਾਂਗਾ-ਰਾਜਪਾਲ ਕਟਾਰੀਆ
Punjab News: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਚਿਤਾਵਨੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।
Punjab News: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਮੀਨ ਐਕਵਾਇਰ ਕਰਨ ਵਿੱਚ ਦੇਰੀ ਕਾਰਨ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਚਿਤਾਵਨੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਇਲਾਵਾ ਰੇਲਵੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ।
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਨਾਲ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਰਾਜਪਾਲ ਨੇ ਆਈ.ਏ.ਐਸ ਅਧਿਕਾਰੀਆਂ ਨਾਲ ਰਸਮੀ ਤੌਰ 'ਤੇ ਜਾਣ-ਪਛਾਣ ਕਰਨ ਉਪਰੰਤ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਰਾਜ ਵਿਚਕਾਰ ਪੁਲ ਦਾ ਕੰਮ ਕਰਨਗੇ |
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਭਲਾਈ ਸਕੀਮਾਂ ਨੂੰ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਜਿਸ ਲਈ ਉਹ ਵੀ ਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਸਮੇਂ-ਸਮੇਂ 'ਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖੁਦ ਸੂਬਾ ਸਰਕਾਰ ਨਾਲ ਜ਼ਮੀਨੀ ਪੱਧਰ 'ਤੇ ਜਾ ਕੇ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਣਗੇ।
ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਕੰਮ ਵਾਲੇ ਦਿਨਾਂ ਵਿੱਚ ਆਈਏਐਸ ਅਧਿਕਾਰੀ ਖੁਦ ਅਤੇ ਉਨ੍ਹਾਂ ਦੇ ਅਧੀਨ ਕੰਮ ਕਰਦੇ ਅਧਿਕਾਰੀ ਆਮ ਲੋਕਾਂ ਨੂੰ ਮਿਲਣ ਲਈ ਸਮਾਂ ਨਿਸ਼ਚਿਤ ਕਰਨ।
ਇਸ ਮੌਕੇ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭੇਜੇ ਜਾਣ ਵਾਲੇ ਵਿਕਾਸ ਪ੍ਰਸਤਾਵਾਂ ਸਬੰਧੀ ਸਬੰਧਤ ਕੇਂਦਰੀ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਕਿਸੇ ਵੀ ਪੱਧਰ 'ਤੇ ਕਿਸੇ ਪ੍ਰੋਜੈਕਟ ਨੂੰ ਲਾਗੂ ਕਰਨ 'ਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਨ੍ਹਾਂ ਦੀ ਮਦਦ ਲੈ ਸਕਦੇ ਹਨ।
ਇਹ ਵੀ ਪੜ੍ਹੋ : SGPC News: ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ