agneepath ਦੇ ਵਿਰੋਧ `ਚ PM ਨਾਲ ਮੁਲਾਕਾਤ ਕਰੇ ਪੰਜਾਬ ਸਰਕਾਰ : ਪ੍ਰਤਾਪ ਬਾਜਵਾ
ਬਾਜਵਾ ਨੇ ਕਿਹਾ ਕਿ ਅਗਨੀਪਥ ਸਕੀਮ ਦਾ ਪੰਜਾਬ ਦੇ ਨੌਜਵਾਨਾਂ `ਤੇ ਮਾੜਾ ਅਸਰ ਪਵੇਗਾ। ਭਾਰਤੀ ਫੌਜ ਵਿੱਚ ਪੰਜਾਬ ਦੀ ਨੁਮਾਇੰਦਗੀ 7.8 ਫ਼ੀਸਦੀ ਹੈ, ਜੋ ਭਵਿੱਖ ਵਿੱਚ ਘੱਟ ਕੇ 2.3 ਫ਼ੀਸਦੀ ਤੱਕ ਪਹੁੰਚ ਜਾਵੇਗੀ।
ਚੰਡੀਗੜ੍ਹ: ਹਲਕਾ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋਣ ਵਾਲੇ ਸੈਸ਼ਨ 'ਚ ਭਾਰਤ ਸਰਕਾਰ ਵੱਲੋਂ ਐਲਾਨੀ ਗਈ ਅਗਨੀਪਥ ਭਰਤੀ ਯੋਜਨਾ ਦੇ ਵਿਰੁੱਧ ਮਤਾ ਲਿਆਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦਾ ਇਕ ਵਫ਼ਦ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰੇ ਤਾਂ ਜੋ ਅਗਨੀਪਥ ਸਕੀਮ ਨੂੰ ਤੁਰੰਤ ਵਾਪਸ ਲਿਆ ਜਾਵੇ।
ਬਾਜਵਾ ਨੇ ਕਿਹਾ ਕਿ ਅਗਨੀਪਥ ਸਕੀਮ ਦਾ ਪੰਜਾਬ ਦੇ ਨੌਜਵਾਨਾਂ 'ਤੇ ਮਾੜਾ ਅਸਰ ਪਵੇਗਾ। ਭਾਰਤੀ ਫੌਜ ਵਿੱਚ ਪੰਜਾਬ ਦੀ ਨੁਮਾਇੰਦਗੀ 7.8 ਫ਼ੀਸਦੀ ਹੈ, ਜੋ ਭਵਿੱਖ ਵਿੱਚ ਘੱਟ ਕੇ 2.3 ਫ਼ੀਸਦੀ ਤੱਕ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਫੈਸਲਾ ਪੰਜਾਬੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਅਪਮਾਨ ਹੈ। ਬਾਜਵਾ ਨੇ ਕਿਹਾ ਕਿ ਪੰਜਾਬੀਆਂ ਦੀਆਂ ਨੌਕਰੀਆਂ ਦਾ ਖੁੱਸਣਾ ਅਤੇ ਪੈਦਾ ਹੋਈ ਹਫੜਾ-ਦਫੜੀ ਇਸ ਸਰਹੱਦੀ ਸੂਬੇ ਨੂੰ ਅਸਥਿਰਤਾ ਵੱਲ ਲੈ ਜਾਵੇਗੀ, ਜਿਸ ਦਾ ਫਾਇਦਾ ਦੇਸ਼ ਵਿਰੋਧੀ ਤਾਕਤਾਂ ਅਤੇ ਸਰਹੱਦ ਪਾਰ ਦੇ ਦੁਸ਼ਮਣਾਂ ਵੱਲੋਂ ਉਠਾਇਆ ਜਾਵੇਗਾ।
ਅਗਨੀਪਥ ਸਕੀਮ ਕਿਸੇ ਨੂੰ ਲਾਭ ਨਹੀਂ ਦੇਵੇਗੀ ਤੇ ਇਹ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਕਰਨ ਵਾਲੇ ਲੱਖਾਂ ਨੌਜਵਾਨਾਂ ਨੂੰ ਨਿਰਾਸ਼ ਕਰ ਰਹੀ ਹੈ। ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਨੂੰ ਤੁਰੰਤ ਇਹ ਕਦਮ ਚੁੱਕਣੇ ਚਾਹੀਦੇ ਹਨ।