Verka ਨੂੰ ਸਹੀ ਮਾਇਨੇ ’ਚ ਕਿਸਾਨਾਂ ਦਾ ਅਦਾਰਾ ਬਣਾਏਗੀ ਸਰਕਾਰ: CM ਮਾਨ
ਮੁੱਖ ਮੰਤਰੀ ਨੇ ਵੇਰਕਾ ਦੇ ਉਤਪਾਦਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਾਡੇ ਘਿਓ, ਦੁੱਧ, ਲੱਸੀ, ਖੀਰ, ਦਹੀਂ, ਆਈਸ ਕਰੀਮ ਅਤੇ ਹੋਰ ਉਤਪਾਦਾਂ ਨੇ ਪਹਿਲਾਂ ਹੀ ਵਿਸ਼ਵ ਵਿਆਪੀ ਬਜ਼ਾਰ ’ਚ ਆਪਣਾ ਵੱਖਰਾ ਸਥਾਨ ਬਣਾਇਆ ਹੈ।
ਚੰਡੀਗੜ੍ਹ: ਲੁਧਿਆਣਾ ਦੇ ਵੇਰਕਾ ਪਲਾਂਟ ’ਚ ਨਵੇਂ ਬਣੇ ਮਿਲਕ ਪ੍ਰਾਸੈਸਿੰਗ ਅਤੇ ਬਟਰ ਪਲਾਂਟ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਉਦਘਾਟਨ ਕੀਤਾ। ਇਸ ਮੌਕੇ CM ਮਾਨ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਕਿਸਾਨਾਂ ਨੂੰ ਖੇਤੀ ਸੰਕਟ ’ਚੋਂ ਕੱਢਣ ਲਈ ਉਨ੍ਹਾਂ ਦੀ ਆਮਦਨ ’ਚ ਵਾਧਾ ਕਰਨਾ ਹੈ।
ਦਿੱਲੀ ਦੇ ਕੋਨੇ ਕੋਨੇ ਤੱਕ ਪਹੁੰਚਾਇਆ ਜਾਵੇਗਾ ਵੇਰਕਾ ਦਾ ਉਤਪਾਦ
ਮੁੱਖ ਮੰਤਰੀ ਨੇ ਕਿਹਾ ਵੇਰਕਾ ਦੇ ਦੁੱਧ ਉਤਪਾਦਾਂ ਦੀ ਸਪਲਾਈ ਦਿੱਲੀ ਤੱਕ ਪਹੁੰਚਾਈ ਜਾਵੇਗੀ, ਇਸ ਸਬੰਧ ’ਚ ਦਿੱਲੀ ਸਰਕਾਰ ਨਾਲ ਸਮਝੌਤਾ ਵੀ ਕੀਤਾ ਗਿਆ ਹੈ। ਇਸ ਸਮਝੌਤੇ ਤਹਿਤ ਪੰਜਾਬ ਦੇ ਦੁੱਧ ਅਤੇ ਦੁੱਧ ਉਤਪਾਦਾਂ ਦੀ ਸਪਲਾਈ ਲਈ ਦਿੱਲੀ ਦੇ ਹਰ ਕੋਨੇ ’ਚ ਵੇਰਕਾ ਦੇ ਨਵੇਂ ਬੂਥ ਖੋਲ੍ਹੇ ਜਾਣਗੇ।
ਭਗਵੰਤ ਮਾਨ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇੱਕੋ ਇੱਕ ਮੰਤਵ ਸਹਿਕਾਰਤਾ ਦੀ ਅਸਲ ਭਾਵਨਾ ’ਤੇ ਚੱਲਦਿਆਂ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਅਤੇ ਵਧੀਆ ਭਾਅ ਦੇਣਾ ਹੈ।
ਮੁੱਖ ਮੰਤਰੀ ਨੇ ਲੁਧਿਆਣਾ ਨੂੰ ਦੱਸਿਆ ਕਰਮ ਭੂਮੀ
ਮੁੱਖ ਮੰਤਰੀ ਨੇ ਵੇਰਕਾ ਦੇ ਉਤਪਾਦਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਾਡੇ ਘਿਓ, ਦੁੱਧ, ਲੱਸੀ, ਖੀਰ, ਦਹੀਂ, ਆਈਸ ਕਰੀਮ ਅਤੇ ਹੋਰ ਉਤਪਾਦਾਂ ਨੇ ਪਹਿਲਾਂ ਹੀ ਵਿਸ਼ਵ ਵਿਆਪੀ ਬਜ਼ਾਰ ’ਚ ਆਪਣਾ ਵੱਖਰਾ ਸਥਾਨ ਬਣਾਇਆ ਹੈ। ਲੁਧਿਆਣਾ ਸ਼ਹਿਰ ਨਾਲ ਭਾਵੁਕਤਾ ਭਰੀ ਸਾਂਝ ਪਾਉਂਦਿਆਂ CM ਮਾਨ ਨੇ ਕਿਹਾ ਕਿ ਜੇਕਰ ਪਿੰਡ ਸਤੌਜ ਉਨ੍ਹਾਂ ਦੀ ਜਨਮ ਭੂਮੀ ਹੈ ਤਾਂ ਲੁਧਿਆਣਾ ਉਨ੍ਹਾਂ ਦੀ ਕਰਮ ਭੂਮੀ ਹੈ।
ਡੇਅਰੀ ਕਿਸਾਨਾਂ ਲਈ ਦੀਵਾਲੀ ਦਾ ਤੋਹਫ਼ਾ: CM ਮਾਨ
ਮੁੱਖ ਮੰਤਰੀ ਨੇ ਵੇਰਕਾ ’ਚ ਲਗਾਏ ਅਤਿ-ਆਧੁਨਿਕ ਪ੍ਰਾਜੈਕਟ ਨੂੰ ਕਿਸਾਨਾਂ ਲਈ ਦੀਵਾਲੀ ਦਾ ਤੋਹਫ਼ਾ ਦੱਸਿਆ। ਉਨ੍ਹਾਂ ਕਿਹਾ ਕਿ 105 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਇਸ ਪਲਾਂਟ ਦੀ ਦੁੱਧ ਦੀ ਪ੍ਰੋਸੈਸਿੰਗ ਸਮਰੱਥਾ ਰੋਜ਼ਾਨਾ ਨੌਂ ਲੱਖ ਲੀਟਰ ਅਤੇ ਮੱਖਣ ਬਣਾਉਣ ਦੀ ਸਮਰੱਥਾ 10 ਮੀਟਰਿਕ ਟਨ ਦੀ ਹੈ।
CM ਮਾਨ ਨੇ ਮਾਰਕੀਟਿੰਗ ਮੁਹਿੰਮ ’ਤੇ ਜੋਰ ਦੇਣ ਲਈ ਕਿਹਾ
ਭਗਵੰਤ ਮਾਨ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ’ਚ ਸਗੋਂ ਦੇਸ਼ਾਂ ਵਿਦੇਸ਼ਾਂ ’ਚ ਖ਼ਪਤ ਮੰਟੀ ਦੇ ਵੱਡੇ ਹਿੱਸੇ ਨੂੰ ਆਪਣੀਆਂ ਸੇਵਾਵਾਂ ਮੁਹੱਈਆ ਕਰਨ ਲਈ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਸੰਸਥਾ ਦੀ ਘਰੇਲੂ ਬਜ਼ਾਰ ’ਚ ਸਰਦਾਰੀ ਹੈ, ਕਿਉਂਕਿ ਵੇਰਕਾ ਇਸ ਖਿੱਤੇ ’ਚ ਜਾਣਿਆ-ਪਹਿਚਾਣਿਆ ਨਾਮ ਹੈ।