ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ HC ਤੋਂ ਮਿਲੀ ਰਾਹਤ, ਮਾਨਸਾ ਅਦਾਲਤ ਦੀ ਕਾਰਵਾਈ ’ਤੇ ਲਗਾਈ ਰੋਕ
ਮਾਨਸਾ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਦੇ ਇਸ ਦਾਅਵੇ ਨੂੰ ਗਲਤ ਕਰਾਰ ਦਿੰਦਿਆ ਕਿਹਾ ਕਿ ਦਰਅਸਲ ਚਰਨਜੀਤ ਸਿੰਘ ਚੰਨੀ ਕੇਸ ਦਰਜ ਹੋਣ ਤੋਂ ਬਾਅਦ ਇੱਕ ਵਾਰ ਵੀ ਪੇਸ਼ ਨਹੀਂ ਹੋਏ ਸਨ।
Ex CM Channi get relief from HC: ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab And Haryana High Court) ਨੇ ਵੱਡੀ ਰਾਹਤ ਦਿੱਤੀ ਹੈ। ਮਾਣਯੋਗ ਹਾਈ ਕੋਰਟ ਨੇ ਮਾਨਸਾ ਦੀ ਜ਼ਿਲ੍ਹਾ ਅਦਾਲਤ ਦੀ ਕਾਰਵਾਈ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ, ਜ਼ਿਕਰਯੋਗ ਹੈ ਕਿ ਸਾਬਕਾ CM ਚੰਨੀ ਦੀ 12 ਜਨਵਰੀ ਨੂੰ ਮਾਨਸਾ ਅਦਾਲਤ ’ਚ ਪੇਸ਼ੀ ਸੀ।
ਦੱਸਿਆ ਜਾ ਰਿਹਾ ਹੈ ਕਿ ਫ਼ਰਵਰੀ ਮਹੀਨੇ ’ਚ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਹੱਕ ’ਚ ਮਾਨਸਾ ’ਚ ਚੋਣ ਪ੍ਰਚਾਰ ਕੀਤਾ। ਜਿਸ ਤੋਂ ਬਾਅਦ ਮਾਨਸਾ ਪੁਲਿਸ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਸਾਬਕਾ CM ਚੰਨੀ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਪੁਸ਼ਟੀ ਬਕਾਇਦਾ ਮਾਨਸਾ ਦੇ ਐੱਸ. ਡੀ. ਐੱਮ. (SDM) ਅਤੇ ਉਸ ਸਮੇਂ ਦੇ ਚੋਣ ਅਫ਼ਸਰ ਹਰਜਿੰਦਰ ਸਿੰਘ ਜੱਸਲ ਨੇ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਿਸੰਬਰ ’ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਘਰ ਅਫ਼ਸੋਸ ਪ੍ਰਗਟ ਕਰਨ ਪਹੁੰਚੇ, ਜਿੱਥੇ ਉਨ੍ਹਾਂ ਮੂਸੇਵਾਲਾ ਦੇ ਘਰ ਰਾਤ ਗੁਜ਼ਾਰੀ। ਇਸ ਦੌਰਾਨ ਚੰਨੀ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਘਰ ਜਾਣ ਤੋਂ ਰੋਕਣ ਦਾ ਯਤਨ ਕੀਤਾ।
ਦੂਜੇ ਪਾਸੇ ਮਾਨਸਾ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਦੇ ਇਸ ਦਾਅਵੇ ਨੂੰ ਗਲਤ ਕਰਾਰ ਦਿੰਦਿਆ ਕਿਹਾ ਕਿ ਚਰਨਜੀਤ ਸਿੰਘ ਚੰਨੀ (Charanjit Singh Channi) ਕੇਸ ਦਰਜ ਹੋਣ ਤੋਂ ਬਾਅਦ ਇੱਕ ਵਾਰ ਵੀ ਪੇਸ਼ ਨਹੀਂ ਹੋਏ ਸਨ। ਜਿਸ ਕਾਰਨ ਮਾਮਲਾ ਅਦਾਲਤ ’ਚ ਵਿਚਾਰ ਅਧੀਨ ਹੈ ਅਤੇ ਅਦਾਲਤ ਦੇ ਹੁਕਮਾਂ ਤਹਿਤ ਹੀ ਸੰਮਨ ਤਾਮੀਲ ਕਰਵਾਏ ਗਏ ਹਨ।
ਇਹ ਵੀ ਪੜ੍ਹੋ: ਖਹਿਰਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਕੱਸਿਆ ਤੰਜ, "ਭ੍ਰਿਸ਼ਟਾਚਾਰ ਮਾਮਲੇ ’ਚ 3.71 ਲੱਖ ਸ਼ਿਕਾਇਤਾਂ ਚੋਂ ਕਾਰਵਾਈ ਸਿਰਫ਼ 172 ਮਾਮਲਿਆਂ ’ਚ ਹੋਈ"