Moga News: ਮੋਗਾ `ਚ ਡਿਪਟੀ ਕਮਿਸ਼ਨਰ ਨੇ ਸਰਕਾਰੀ ਦਫ਼ਤਰਾਂ `ਚ ਕੀਤੀ ਅਚਨਚੇਤ ਚੈਕਿੰਗ, ਜਾਣੋ ਕੀ ਹੋਇਆ
Moga DC conducts raid at Government Offices News: ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੇ ਦਫ਼ਤਰੀ ਸਮੇਂ ਦੌਰਾਨ ਦਫ਼ਤਰਾਂ ਵਿੱਚ ਹਾਜ਼ਰ ਰਹਿਣਾ ਯਕੀਨੀ ਬਣਾਉਣ।
Punjab's Moga DC conducts raid at Government Offices News: ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸਰਕਾਰੀ ਦਫ਼ਤਰਾਂ ਵਿੱਚ ਪੂਰਾ ਸਮਾਂ ਸਟਾਫ਼ ਦੀ ਹਾਜ਼ਰੀ ਨੂੰ ਯਕੀਨੀ ਬਨਾਉਣ ਲਈ ਮੋਗਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਅੱਜ ਲੰਚ ਦੇ ਸਮੇਂ ਤੋਂ ਬਾਅਦ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਸਾਰੇ ਦਫ਼ਤਰਾਂ ਵਿੱਚ ਸਾਰਾ ਸਟਾਫ਼ ਹਾਜ਼ਰ ਪਾਇਆ ਗਿਆ।
ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਤੌਰ ਉੱਤੇ ਦੇਖਿਆ ਗਿਆ ਹੈ ਕਿ ਸ਼ੁੱਕਰਵਾਰ ਨੂੰ ਜਾਂ ਕਿਸੇ ਛੁੱਟੀ ਵਾਲੇ ਦਿਨ ਤੋਂ ਪਹਿਲਾਂ ਸਟਾਫ਼ ਸਮੇਂ ਤੋਂ ਪਹਿਲਾਂ ਛੁੱਟੀ ਕਰ ਜਾਂਦੇ ਹਨ ਜਿਸਦੇ ਨਾਲ ਦਫ਼ਤਰੀ ਕੰਮ ਤਾਂ ਪ੍ਰਭਾਵਿਤ ਹੁੰਦਾ ਹੀ ਹੈ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਾਉਣ ਲਈ ਆਉਣ ਵਾਲੇ ਆਮ ਲੋਕ ਵੀ ਖੱਜਲ ਖੁਆਰ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੇ ਨਾਲ ਪ੍ਰਸ਼ਾਸ਼ਨ ਅਤੇ ਸਰਕਾਰ ਦਾ ਅਕਸ ਖ਼ਰਾਬ ਹੁੰਦਾ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੇ ਦਫ਼ਤਰੀ ਸਮੇਂ ਦੌਰਾਨ ਦਫ਼ਤਰਾਂ ਵਿੱਚ ਹਾਜ਼ਰ ਰਹਿਣਾ ਯਕੀਨੀ ਬਣਾਉਣ।
ਉਹਨਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਅਜਿਹੀਆਂ ਅਚਾਨਕ ਚੈਕਿੰਗਾਂ ਜਾਰੀ ਰੱਖਣਗੇ। ਉਹਨਾਂ ਸਮੇਂ ਤੋਂ ਪਹਿਲਾਂ ਛੁੱਟੀ ਕਰਨ ਵਾਲਿਆਂ ਨੂੰ ਤਾੜਨਾ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਅਜਿਹਾ ਕਰਦਾ ਧਿਆਨ ਵਿੱਚ ਆਵੇਗਾ ਤਾਂ ਉਹ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ।
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਾਇਓਮੈਟ੍ਰਿਕ ਲਗਾਉਣ ਦਾ ਐਲਾਨ ਕੀਤਾ ਗਿਆ ਸੀ ਤਾਂ ਤੋਂ ਸਾਰੇ ਸਰਕਾਰੀ ਅਧਿਆਪਕਾਂ ਦੀ ਹਾਜ਼ਰੀ ਬਾਇਓਮੈਟ੍ਰਿਕਸ ਦੇ ਆਧਾਰ 'ਤੇ ਹੀ ਹੋਵੇ।
ਇਸ ਦੌਰਾਨ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਕੋਈ ਕਰਮਚਾਰੀ ਛੁੱਟੀ 'ਤੇ ਜਾਂ ਐਤਵਾਰ ਨੂੰ ਕੰਮ ਲਈ ਆਉਂਦਾ ਹੈ ਤਾਂ ਉਸ ਨੂੰ ਬਾਇਓਮੈਟ੍ਰਿਕਸ ਰਾਹੀਂ ਆਪਣੀ ਹਾਜ਼ਰੀ ਮਾਰਕ ਕਰਨੀ ਹੋਵੇਗੀ ਅਤੇ ਜੇਕਰ ਕੋਈ ਕਰਮਚਾਰੀ ਕਿਸੇ ਵਿਭਾਗੀ ਕੰਮ ਲਈ ਕਿਸੇ ਹੋਰ ਦਫ਼ਤਰ ਗਿਆ ਹੈ ਅਤੇ ਉਹ ਆਪਣੇ ਕੰਮ ਕਾਰਨ ਸਟੇਸ਼ਨ 'ਤੇ ਵਾਪਸ ਨਹੀਂ ਆ ਸਕਦਾ, ਤਾਂ ਉਸ ਦੀ ਹਾਜ਼ਰੀ ਉਸੇ ਦਫ਼ਤਰ ਵਿੱਚ ਮਾਰਕ ਕੀਤੀ ਜਾਵੇਗੀ ਅਤੇ ਉਸ ਨੂੰ ਉੱਥੇ ਬਾਇਓਮੈਟ੍ਰਿਕ ਵੀ ਕਰਵਾਉਣੀ ਪਵੇਗੀ।
ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ
ਇਹ ਵੀ ਪੜ੍ਹੋ: Punjab News: ਮੱਧ ਪ੍ਰਦੇਸ਼, ਗੁਜਰਾਤ ਤੋਂ ਪੰਜਾਬ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ