Punjab News: ਬਟਾਲਾ `ਚ IELTS ਸੈਂਟਰ ਦੇ ਬਾਹਰ ਚੱਲੀਆਂ ਗੋਲੀਆਂ; ਸਭ ਪਾਸੇ ਦਹਿਸ਼ਤ ਦਾ ਮਾਹੌਲ
Punjab News: ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਲਲਿਤ ਕੁਮਾਰ ਮੌਕੇ ’ਤੇ ਪੁੱਜੇ। ਪੁਲਿਸ ਨੇ ਦੋਵਾਂ ਧੜਿਆਂ ਦੇ ਨੌਜਵਾਨਾਂ ਦੀ ਪਛਾਣ ਕਰਨ ਲਈ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab News: ਪੰਜਾਬ ਵਿਚ ਕਤਲ ਫਾਇਰਿੰਗ ਅਤੇ ਅਪਰਾਧ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਬਟਾਲਾ ਤੋਂ ਸਾਹਮਣੇ ਆਇਆ ਹੈ। ਗੁਰਦਾਸਪੁਰ ਦੇ ਬਟਾਲਾ 'ਚ ਦੋ ਧੜਿਆਂ 'ਚ ਲੜਾਈ ਤੋਂ ਬਾਅਦ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਦੋਵੇਂ ਧੜੇ ਮੌਕੇ ਤੋਂ ਫ਼ਰਾਰ ਹੋ ਗਏ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਲਲਿਤ ਕੁਮਾਰ ਮੌਕੇ ’ਤੇ ਪੁੱਜੇ। ਪੁਲਿਸ ਨੇ ਦੋਵਾਂ ਧੜਿਆਂ ਦੇ ਨੌਜਵਾਨਾਂ ਦੀ ਪਛਾਣ ਕਰਨ ਲਈ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਜਲੰਧਰ ਰੋਡ ਚਿੱਟੀ ਗਰਾਊਂਡ ਸਥਿਤ ਆਈਲੈਟਸ ਸੈਂਟਰ ਦੇ ਬਾਹਰ ਵਾਪਰੀ ਹੈ। ਨੌਜਵਾਨਾਂ ਦੇ ਦੋ ਗੁੱਟ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਉਲਝ ਗਏ। ਪਹਿਲਾਂ ਇਹ ਝਗੜਾ ਗਾਲ੍ਹਾਂ ਕੱਢਣ ਤੱਕ ਸੀ ਪਰ ਇਸ ਦੌਰਾਨ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਇਹ ਰਾਹਤ ਦੀ ਗੱਲ ਹੈ ਕਿ ਗੋਲੀ ਲੱਗਣ ਕਾਰਨ ਕੋਈ ਜ਼ਖਮੀ ਨਹੀਂ ਹੋਇਆ। ਡੀਐਸਪੀ ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: Income Tax News: ਇਨਕਮ ਟੈਕਸ ਭਰਦੇ ਸਮੇਂ ਨਾ ਕਰੋ ਇਹ ਗਲਤੀਆਂ, ਆ ਸਕਦਾ ਹੈ ਨੋਟਿਸ
ਇਸ ਘਟਨਾ ਬਾਰੇ ਚਸ਼ਮਦੀਦਾਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਫਿਰ ਝਗੜਾ ਕਰਨ ਵਾਲੇ ਨੌਜਵਾਨ ਕਾਰ ਵਿੱਚ ਬੈਠ ਕੇ ਫ਼ਰਾਰ ਹੋ ਗਏ। ਪੁਲਿਸ ਟੀਮ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਗੋਲੀ ਦਾ ਖੋਲ ਬਰਾਮਦ ਕਰ ਲਿਆ। ਜਿਸ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਵਿੱਚ ਕਾਰਾਂ ਦੇ ਨੰਬਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਸੁਰਾਗ ਮਿਲ ਸਕੇ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।