Punjab News: ਕਿਸਾਨਾਂ ਲਈ ਵੱਡੀ ਰਾਹਤ; ਫਸਲੀ ਨੁਕਸਾਨ ਲਈ ਮੁਆਵਜ਼ੇ ਵਿੱਚ 25% ਦਾ ਵਾਧਾ!
Punjab News: ਕਿਸਾਨਾਂ ਨੂੰ ਕੁਦਰਤੀ ਆਫਤਾਂ ਤੋਂ ਬਚਾਉਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਬੀਮਾ ਯੋਜਨਾ ਲਿਆਵੇਗੀ। ਹਾਲ ਹੀ ਵਿੱਚ ਪੰਜਾਬ `ਚ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦੀ ਰਾਸ਼ੀ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਭਗਵੰਤ ਮਾਨ (CM Bhagwant Mann) ਨੇ ਹਾਲ ਹੀ ਵਿੱਚ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦੀ ਰਾਸ਼ੀ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਮੁਕਤਸਰ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਜੇਕਰ ਫਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ।
ਜੇਕਰ ਨੁਕਸਾਨ 33-75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਵੀ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਪੂਰੇ ਘਰ ਦੇ ਨੁਕਸਾਨ ਲਈ 95100 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ISSF World Cup: ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਜਿੱਤਿਆ ਕਾਂਸੀ ਦਾ ਤਗ਼ਮਾ; ਭਾਰਤ ਨੂੰ ਮਿਲੇ 7 ਮੈਡਲ
ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਮੀਂਹ ਖੜ੍ਹੀ ਕਣਕ ਅਤੇ ਹਾੜੀ ਦੀਆਂ ਹੋਰ ਫਸਲਾਂ ਲਈ ਨੁਕਸਾਨਦੇਹ ਹੈ। ਬਦਕਿਸਮਤੀ ਨਾਲ, ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇਮਾਰੀ ਨੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਠੇਸ ਪਹੁੰਚਾਈ ਹੈ। ਮਾਨ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕਈ ਏਕੜ ਤੋਂ ਵੱਧ ਕਾਸ਼ਤਯੋਗ ਰਕਬਾ ਪ੍ਰਭਾਵਿਤ ਹੋਇਆ ਹੈ ਕਿਉਂਕਿ ਹਾੜ੍ਹੀ ਦੀ ਫਸਲ ਲਗਭਗ ਤਿਆਰ ਹੈ।
ਮੁੱਖ ਮੰਤਰੀ ਮਾਨ (CM Bhagwant Mann) ਨੇ ਦੱਸਿਆ ਕਿ ਉਹ ਪਹਿਲਾਂ ਹੀ ਵਿੱਤ ਕਮਿਸ਼ਨਰ ਨੂੰ ਹਦਾਇਤ ਕਰ ਚੁੱਕੇ ਹਨ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਲਈ ਹਦਾਇਤਾਂ ਜਾਰੀ ਕਰਨ ਤਾਂ ਜੋ ਫਸਲਾਂ, ਬਗੀਚਿਆਂ ਅਤੇ ਘਰਾਂ ਨੂੰ ਹੋਏ ਨੁਕਸਾਨ ਦੀ ਪਹਿਲ ਦੇ ਆਧਾਰ 'ਤੇ ਮੁਰੰਮਤ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਨੁਕਸਾਨ ਦੀ ਰਿਪੋਰਟ ਜਲਦੀ ਤੋਂ ਜਲਦੀ ਪੇਸ਼ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ, ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ 1 ਅਪ੍ਰੈਲ ਤੋਂ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਲਈ ਨਹਿਰੀ ਪਾਣੀ ਉਪਲਬਧ ਕਰਵਾਇਆ ਜਾਵੇਗਾ। ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ, ਤਾਂ ਜੋ ਕਪਾਹ ਦੀ ਖੇਤੀ ਨੂੰ ਵੱਡੇ ਪੱਧਰ ’ਤੇ ਲਾਭ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਰਮੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁਆਵਜ਼ੇ ਵਿੱਚ ਕੀਤੇ ਗਏ ਵਾਧੇ ਦਾ ਵੇਰਵਾ ਹੇਠਾਂ ਅਨੁਸਾਰ ਹੈ।
-75 ਫੀਸਦੀ ਤੋਂ ਵੱਧ ਫਸਲ ਖਰਾਬ ਹੋਣ 'ਤੇ 15,000 ਰੁਪਏ ਪ੍ਰਤੀ ਏਕੜ।
-33-75 ਪ੍ਰਤੀਸ਼ਤ ਫਸਲ ਦੇ ਨੁਕਸਾਨ ਲਈ 6750 ਰੁਪਏ ਪ੍ਰਤੀ ਏਕੜ
-ਖੇਤ ਮਜ਼ਦੂਰਾਂ ਨੂੰ ਮੁਆਵਜ਼ਾ 10% (ਕੁੱਲ ਮੁਆਵਜ਼ਾ ਰਾਸ਼ੀ ਦਾ)
-ਪੂਰੇ ਘਰ ਨੂੰ ਨੁਕਸਾਨ ਹੋਣ ਦੀ ਸੂਰਤ ਵਿੱਚ 95,100 ਰੁਪਏ
-ਘਰ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ
ਇਹ ਵੀ ਪੜ੍ਹੋ: ਕੈਨੇਡੀਅਨ MP ਦੀ ਕੋਠੀ 'ਤੇ ਕਰ ਲਿਆ ਨਜਾਇਜ਼ ਕਬਜ਼ਾ! ਪੰਜਾਬ ਸਰਕਾਰ ਨੇ 48 ਘੰਟਿਆਂ ‘ਚ ਛੁਡਵਾਇਆ