ਸੋਸ਼ਲ ਮੀਡੀਆ `ਤੇ ਹਥਿਆਰਾਂ ਦੀ ਪ੍ਰਦਰਸ਼ਨੀ `ਤੇ ਪੰਜਾਬ ਪੁਲਿਸ ਚੌਕਸ, ਕਈ ਲੋਕਾਂ ਖ਼ਿਲਾਫ਼ ਮਾਮਲਾ ਦਰਜ
Gun Culture: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ’ਤੇ ਹਥਿਆਰਾਂ ਦਾ ਪ੍ਰਚਾਰ ਕਰਨ ਵਾਲਿਆਂ ਖਿਲ਼ਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ `ਚ ਵੱਧ ਰਹੇ ਗੰਨ ਕਲਚਰ `ਤੇ ਸ਼ਿਕੰਜਾ ਕੱਸਣ ਲਈ ਮੁੱਖ ਮੰਤਰੀ ਮਾਨ ਨੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਸਖ਼ਤ ਰੁਖ਼ ਅਪਣਾ ਲਿਆ ਹੈ। ਹੁਕਮ ਦਿੱਤੇ ਗਏ ਹਨ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ ਬਿਨਾਂ ਕਿਸੇ ਕਾਰਨ ਹਥਿਆਰ ਲੈ ਕੇ ਨਹੀਂ ਜਾ ਸਕਦਾ ਹੈ ਅਤੇ ਨਾ ਹੀ ਇਸ ਨੂੰ ਸੋਸ਼ਲ ਮੀਡੀਆ 'ਤੇ ਇਨ੍ਹਾਂ ਨੂੰ ਪ੍ਰਦਰਸ਼ਿਤ ਕਰ ਸਕਦਾ ਹੈ, ਫਿਰ ਵੀ ਇਨ੍ਹਾਂ ਹਥਿਆਰਾਂ ਦੇ ਸ਼ੌਕੀਨ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਸੰਗਰੂਰ ਪੁਲਿਸ ਨੇ ਸਖ਼ਤ ਰੁਖ਼ ਅਖਤਿਆਰ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ 'ਚ ਬੁੱਧਵਾਰ ਨੂੰ ਇੱਕ ਹੀ ਦਿਨ 'ਚ 6 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ। ਲੌਂਗੋਵਾਲ ਪੁਲਿਸ ਨੇ ਫੇਸਬੁੱਕ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਸੂਬਾ ਸਰਕਾਰ ਦੀ ਸਖ਼ਤੀ ਕਾਰਨ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੇ ਦੋਸ਼ 'ਚ ਲੌਂਗੋਵਾਲ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਸਰਕਾਰ ਅਤੇ ਪੁਲਿਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੋਸਟ ਵੀ ਚੈੱਕ ਕੀਤੇ ਜਾ ਰਹੇ ਹਨ। ਅਜਿਹੇ ਵਿਚ ਮਨੀਸ਼ ਗੋਇਲ ਨਾਮਕ ਨੌਜਵਾਨ ਵੱਲੋਂ ਪੋਸਟ ਆਪਣੇ ਹਥਿਆਰਾਂ ਸਮੇਤ ਪਾਈ ਗਈ ਸੀ, ਜਿਸ ਕਾਰਨ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਅਸਲਾ ਮਾਲਕਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਹਥਿਆਰ ਮਾਲਕ ਦੇ ਵਿਵਹਾਰ, ਚਾਲ-ਚਲਣ ਅਤੇ ਅਪਰਾਧਿਕ ਰਿਕਾਰਡ ਦੀ ਜਾਂਚ ਕਰੇਗੀ। ਜ਼ਿਲ੍ਹੇ ਵਿੱਚ 119 ਵਿਅਕਤੀਆਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 55 ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ। ਡੀਸੀ ਜਤਿੰਦਰਾ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਸਬ-ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸਬੰਧਤ ਖੇਤਰ ਦੇ ਐਸਡੀਐਮ, ਡੀਐਸਪੀ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਐਸਐਚਓ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ; 72 ਅਸਲਾ ਲਾਇਸੈਂਸ ਰੱਦ ਕਰਨ ਦੀ ਕੀਤੀ ਸਿਫਾਰਿਸ਼
ਐਸਐਚਓ ਨੂੰ ਕਨਵੀਨਰ ਬਣਾਇਆ ਗਿਆ ਹੈ। ਜ਼ਿਲ੍ਹੇ ਵਿੱਚ 96 ਵਿਅਕਤੀ ਅਜਿਹੇ ਹਨ ਜਿਨ੍ਹਾਂ ਕੋਲ 2 ਤੋਂ ਵੱਧ ਹਥਿਆਰ ਹਨ। ਹਰ ਹਥਿਆਰ ਮਾਲਕ ਦੀ ਸੂਚੀ ਤਿਆਰ ਕੀਤੀ ਗਈ ਹੈ। ਅਸਲਾ ਮਾਲਕਾਂ ਖ਼ਿਲਾਫ਼ ਅਪਰਾਧਿਕ ਅਤੇ ਸ਼ਰਾਬ ਤਸਕਰੀ ਆਦਿ ਦੇ ਕੇਸ ਦਰਜ ਕੀਤੇ ਜਾ ਰਹੇ ਹਨ। ਇੱਕ ਹਫ਼ਤੇ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ, ਇਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਸੰਗਰੂਰ ਜ਼ਿਲ੍ਹੇ ਵਿੱਚ ਕੁੱਲ ਲਾਇਸੈਂਸਾਂ ਦੀ ਗਿਣਤੀ 15,825 ਹੈ। ਕੁੱਲ ਹਥਿਆਰ 19,705 ਹਨ।
ਦੱਸ ਦੇਈਏ ਕਿ ਪੰਜਾਬ 'ਚ ਵੱਧ ਰਹੇ ਗੰਨ ਕਲਚਰ 'ਤੇ ਸ਼ਿਕੰਜਾ ਕੱਸਣ ਲਈ ਪ੍ਰਸ਼ਾਸ਼ਨ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਫੇਸਬੁੱਕ 'ਤੇ ਹਥਿਆਰਾਂ ਸਮੇਤ ਫੋਟੋ ਪੋਸਟ ਪਾਉਣ ਵਾਲਿਆਂ ਖ਼ਿਲਾਫ਼ ਐਕਸ਼ਨ ਲਿਆ ਜਾਵੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਹੜੇ ਵਿਅਕਤੀ ਯੋਗ ਅਸਲਾ ਲਾਇਸੰਸਾਂ ਲਈ ਨਿਰਧਾਰਿਤ ਅਸਲੇ ਨਾਲੋਂ ਵੱਧ ਅਸਲਾ ਆਪਣੇ ਕੋਲ ਰੱਖੀ ਬੈਠੇ ਹਨ, ਉਨ੍ਹਾਂ ਦੇ ਲਾਇਸੰਸ ਕੈਂਸਲ ਕਰਨ ਲਈ ਵੀ ਕਾਰਵਾਈ ਆਰੰਭੀ ਗਈ ਹੈ। ਇਸ ਤਹਿਤ ਅੱਜ ਧੂਰੀ ਪੁਲਿਸ ਨੇ ਫੇਸਬੁੱਕ ਤੇ ਹਥਿਆਰਾਂ ਸਮੇਤ ਫੋਟੋ ਪੋਸਟ ਕਰਨ ਦੇ ਦੋਸ਼ ਵਿੱਚ ਨੋਂ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।