Surjit Patar Death: ਨਹੀਂ ਰਹੇ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ, ਸਿਆਸੀ ਲੀਡਰਾਂ ਨੇ ਪ੍ਰਗਟਾਇਆ ਦੁੱਖ
Surjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ। 79 ਸਾਲ ਦੀ ਉਮਰ `ਚ ਦੁਨੀਆਂ ਨੂੰ ਅਲਵਿਦਾ ਕਿਹਾ। ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ।
Surjit Patar Death: ਪੰਜਾਬੀ ਸਾਹਿਤ ਜਗਤ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਦੇ ਮਸ਼ਹੂਰ ਕਵੀ ਅਤੇ ਸਾਹਿਤਕਾਰ ਸੁਰਜੀਤ ਪਾਤਰ ਦਾ ਸ਼ਨੀਵਾਰ ਤੜਕੇ ਦੇਹਾਂਤ ਹੋ ਗਿਆ। ਦਰਅਸਲ ਮਸ਼ਹੂਰ ਕਵੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪਦਮਸ਼੍ਰੀ ਸੁਰਜੀਤ ਪਾਤਰ 79 ਸਾਲ ਦੀ ਉਮਰ ਵਿੱਚ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਲੁਧਿਆਣਾ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਇੱਕ ਦੋਸਤ ਅਮਰਜੀਤ ਸਿੰਘ ਗਰੇਵਾਲ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸ਼ਨੀਵਾਰ ਤੜਕੇ ਦਿਲ ਦਾ ਦੌਰਾ ਪੈਣ ਕਰਕੇ ਉਨ੍ਹਾਂ ਦਾ ਦੇਹਾਂਤ ਹੋਇਆ।
ਸੁਰਜੀਤ ਪਾਤਰ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਰਹੇ ਹਨ ਅਤੇ ਉਨ੍ਹਾਂ ਨੂੰ ਸਾਲ 2012 ਦੇ ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹਨਾਂ ਦੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਦੇਣ ਸ਼ਬਦਾਂ ਵਿਚ ਬਿਆਨ ਨਹੀਂ ਕੀਤੀ ਜਾ ਸਕਦੀ। ਬੇਹੱਦ ਸ਼ਾਂਤ, ਮਿਲਣਸਾਰ ਤੇ ਨਿੱਘੇ ਸੁਭਾਅ ਦੇ ਮਾਲਕ ਸੁਰਜੀਤ ਪਾਤਰ ਜੀ ਪੰਜਾਬ ਦਾ ਮਾਣ ਸਨ, ਹਨ ਤੇ ਹਮੇਸ਼ਾ ਰਹਿਣਗੇ। ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।
ਇਹ ਵੀ ਪੜ੍ਹੋ: Surjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ, 79 ਸਾਲ ਦੀ ਉਮਰ 'ਚ ਦੁਨੀਆਂ ਨੂੰ ਕਿਹਾ ਅਲਵਿਦਾ
ਭਗਵੰਤ ਮਾਨ ਦਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੁੱਖ ਪ੍ਰਗਟਾਇਆ ਹੈ। ਇਸ ਦੌਰਾਨ ਟਵੀਟ ਕਰ ਲਿਖਿਆ ਹੈ ਕਿ ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ ਤੇ ਬਹੁਤ ਦੁੱਖ ਹੋਇਆ..ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ
ਸੁਖਬੀਰ ਬਾਦਲ ਦਾ ਟਵੀਟ
ਸੁਖਬੀਰ ਬਾਦਲ ਨੇ ਟਵੀਟ ਕਰ ਲਿਖਿਆ ਹੈ ਕਿ “ਕੋਈ ਡਾਲੀਆਂ 'ਚੋਂ ਲੰਘਿਆ ਹਵਾ ਬਣਕੇ” ਮਾਂ ਬੋਲੀ ਪੰਜਾਬੀ ਦੇ ਲਾਡਲੇ ਪੁੱਤਰ, ਮਹਾਨ ਕਵੀ ਤੇ ਇਸ ਸਦੀ 'ਚ ਸਾਹਿਤ ਦੇ ਯੁੱਗ ਪੁਰਸ਼ ਸ਼੍ਰੀ ਸੁਰਜੀਤ ਪਾਤਰ ਜੀ ਦੇ ਅਕਾਲ ਚਲਾਣੇ ਨਾਲ ਸਾਹਿਤ ਦੀ ਦੁਨੀਆ ਵਿਚ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸਨੁੰ ਭਰਨਾ ਬਹੁਤ ਹੀ ਮੁਸ਼ਕਿਲ ਹੋਵੇਗਾ। ਸ਼ਿਵ ਬਟਾਲਵੀ ਦੇ ਕਾਲ ਤੋਂ ਬਾਅਦ, ਪਾਤਰ ਸਾਹਿਬ ਪੰਜਾਬੀਆਂ ਦੇ ਸਭ ਤੋਂ ਵਧ ਮਕਬੂਲ ਅਤੇ ਪਿਆਰੇ ਸ਼ਾਇਰ ਸਨ। ਮੈਂ ਉਹਨਾਂ ਦੇ ਪਰਿਵਾਰ ਅਤੇ ਉਹਨਾਂ ਦੇ ਬੇਸ਼ੁਮਾਰ ਚਾਹੁਣ ਵਾਲਿਆਂ ਨਾਲ ਦਿਲ ਦੀਆਂ ਗਹਿਰਾਈਆਂ ਤੋਂ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ ਤੇ ਅਕਾਲ ਪੁਰਖ ਦੇ ਚਰਨਾਂ ਵਿੱਚ ਬੇਨਤੀ ਕਰਦਾ ਹਾਂ ਕਿ ਉਹ ਪਾਤਰ ਸਾਹਿਬ ਦੀ ਪਾਵਨ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਉਹਨਾਂ ਦੇ ਪਰਿਵਾਰ ਤੇ ਦੁਨੀਆਂ ਦੇ ਕੋਨੇ ਕੋਨੇ ਵਿਚ ਉਹਨਾਂ ਦੇ ਚਾਹੁਣ ਵਾਲਿਆਂ ਨੂੰ ਇਸ ਸਦਮੇ ਨੂੰ ਬਰਦਾਸ਼ਤ ਕਰਨ ਦਾ ਬਲ ਬਖ਼ਸ਼ਣ।
ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਟਵੀਟ
ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਉਸ ਨੂੰ ਦੁਨੀਆਂ ਦੇ ਨਕਸ਼ੇ ‘ਤੇ ਚਮਕਾਉਣ ਵਾਲੇ ਸਾਡੇ ਬਹੁਤ ਹੀ ਹਰਮਨ ਪਿਆਰੇ ਪਦਮ ਸ਼੍ਰੀ ਸ. ਸੁਰਜੀਤ ਪਾਤਰ ਜੀ ਦਾ ਅਕਾਲ ਚਲਾਣਾ ਕਰ ਜਾਣਾ ਜਿੱਥੇ ਬਹੁਤ ਹੀ ਦੁੱਖਦਾਈ ਹੈ ਉੱਥੇ ਹੀ ਪੰਜਾਬੀ ਸਾਹਿਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਦੁੱਖ ਦੀ ਘੜੀ ‘ਚ ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ। ਵਾਹਿਗੁਰੂ ਜੀ ਨੂੰ ਨੇਕ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ।
ਪਰਨੀਤ ਕੌਰ ਦਾ ਟਵੀਟ
ਪਰਨੀਤ ਕੌਰ ਨੇ ਲਿਖਿਆ ਹੈ ਕਿ ਮੈਂ ਰਾਹਾਂ ਤੇ ਨਹੀਂ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ ਨੇ! ਪ੍ਰਸਿੱਧ ਪੰਜਾਬੀ ਲੇਖਕ ਅਤੇ ਕਵੀ ਸੁਰਜੀਤ ਪਾਤਰ ਸਾਹਿਬ ਦੇ ਅੱਜ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਉਨ੍ਹਾਂ ਦਾ ਦੇਹਾਂਤ ਸਮੁੱਚੇ ਪੀਬੀਆਈ ਭਾਈਚਾਰੇ ਲਈ ਵੱਡਾ ਘਾਟਾ ਹੈ।
ਡਾ: ਦਲਜੀਤ ਚੀਮਾ
ਡਾ: ਦਲਜੀਤ ਚੀਮਾ ਨੇ ਲਿਖਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਉਘੇ ਕਵੀ, ਅਨੁਵਾਦਕ ਅਤੇ ਸਕ੍ਰਿਪਟ ਲੇਖਕ ਸ. ਸੁਰਜੀਤ ਪਾਤਰ ਜੀ ਸਾਡੇ ਵਿਚਕਾਰ ਨਹੀਂ ਰਹੇ। ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਨਾਲ ਸਨਮਾਨਿਤ ਪਾਤਰ ਸਾਹਿਬ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਇੱਕ ਮਿਸਾਲ ਸਨ। ਉਨ੍ਹਾਂ ਦੇ ਜਾਣ ਨਾਲ ਪੰਜਾਬ ਅਤੇ ਪੰਜਾਬੀ ਭਾਸ਼ਾ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਪਾਤਰ ਸਾਹਿਬ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਬਿਕਰਮ ਸਿੰਘ ਮਜੀਠੀਆ ਦਾ ਟਵੀਟ
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਦੀ ਮਾਣ ਮੱਤੀ ਸ਼ਖਸ਼ੀਅਤ ਉੱਘੇ ਕਵੀ ਸੁਰਜੀਤ ਪਾਤਰ (Surjit Patar Death) ਦੇ ਸਦੀਵੀਂ ਵਿਛੋੜੇ ਦੀ ਖਬਰ ਬਹੁਤ ਹੀ ਦੁਖਦਾਈ ਹੈ। ਉਹਨਾਂ ਦੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਦੇਣ ਸ਼ਬਦਾਂ ਵਿਚ ਬਿਆਨ ਨਹੀਂ ਕੀਤੀ ਜਾ ਸਕਦੀ। ਬੇਹੱਦ ਸ਼ਾਂਤ, ਮਿਲਣਸਾਰ ਤੇ ਨਿੱਘੇ ਸੁਭਾਅ ਦੇ ਮਾਲਕ ਸੁਰਜੀਤ ਪਾਤਰ ਜੀ ਪੰਜਾਬ ਦਾ ਮਾਣ ਸਨ, ਹਨ ਤੇ ਹਮੇਸ਼ਾ ਰਹਿਣਗੇ।ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।
ਕੈਪਟਨ ਅਮਰਿੰਦਰ ਸਿੰਘ ਦਾ ਟਵੀਟ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਮੈਂ ਰਾਹਾਂ 'ਤੇ ਨਹੀਂ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ ਨੇ! ਇੱਕ ਯੁੱਗ ਦਾ ਅੰਤ, ਮਸ਼ਹੂਰ ਪੰਜਾਬੀ ਲੇਖਕ ਅਤੇ ਕਵੀ ਪਦਮ ਸ਼੍ਰੀ ਸੁਰਜੀਤ ਪਾਤਰ ਸਾਹਿਬ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਲੱਖਾਂ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ। ਪੰਜਾਬ ਨੇ ਅੱਜ ਇੱਕ ਆਈਕਨ ਗੁਆ ਦਿੱਤਾ ਹੈ। RIP!
ਹਰਜਿੰਦਰ ਸਿੰਘ ਧਾਮੀ ਦਾ ਟਵੀਟ
ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰ ਲਿਖਿਆ ਹੈ ਕਿ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਪਹੁੰਚਿਆ ਹੈ। ਸ. ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇੱਕ ਖੇਤਰੀ ਭਾਸ਼ਾ ਵਿੱਚ ਲਿਖਣ ਕਾਰਜ ਕਰਕੇ ਪਦਮਸ਼੍ਰੀ ਅਤੇ ਸਾਹਿਤ ਅਕੈਡਮੀ ਅਵਾਰਡ ਵਰਗੇ ਸਿਖਰਲੇ ਸਨਮਾਨ ਹਾਸਲ ਕਰਨੇ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ। ਸ. ਪਾਤਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਕਾਸ਼ਨਾ ਹੇਠ ਇੱਕ ਅਹਿਮ ਪੁਸਤਕ ‘ਤੇਰੇ ਦਰ ’ਤੇ ਵਗਦੀ ਕਾਵਿ-ਨਦੀ – 52 ਕਾਵਿ-ਰਚਨਾਵਾਂ’ ਸੰਪਾਦਤ ਕਰਕੇ ਦਿੱਤੀ, ਜਿਸ ਵਿੱਚ ਸ਼ਾਮਲ ਕਵੀਆਂ ਦੀਆਂ ਕਵਿਤਾਵਾਂ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਨੂੰ ਉਜਾਗਰ ਕਰਦੀਆਂ ਹਨ। ਅਜਿਹੇ ਮਹਾਨ ਲੇਖਕ ਦਾ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਅਕਾਦਮਿਕ ਅਤੇ ਪੰਜਾਬੀ ਸਾਹਿਤਕ ਖੇਤਰ ਲਈ ਵੀ ਬੇਹੱਦ ਦੁੱਖਦਾਈ ਹੈ।ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।
ਸੁਨੀਲ ਜਾਖੜ ਦਾ ਟਵੀਟ
ਸੁਨੀਲ ਜਾਖੜ ਨੇ ਲਿਖਿਆ ਹੈ ਕਿ ਅਲਵਿਦਾ ਸ਼੍ਰੋਮਣੀ ਸ਼ਾਇਰ ਡਾ. ਸੁਰਜੀਤ ਪਾਤਰ ... ਅੱਜ ਦੀ ਸਵੇਰ ਸਾਨੂੰ ਸਾਰਿਆਂ ਨੂੰ ਬੇਹੱਦ ਉਦਾਸ ਕਰ ਗਈ, ਜਦੋਂ ਖਬਰ ਸੁਣੀ ਕਿ ਪੰਜਾਬੀ ਸਾਹਿਤ ਦੀ ਫੁਲਵਾੜੀ ਦੇ ਟਹਿਕਦੇ/ਮਹਿਕਦੇ ਫੁੱਲ, ਸਾਡੇ ਸਮਿਆਂ ਦੇ ਮਹਾਨ ਸ਼ਾਇਰ ਪਦਮਸ਼੍ਰੀ ਡਾ. ਸੁਰਜੀਤ ਪਾਤਰ ਇਸ ਦੁਨੀਆ ਉੱਤੇ ਨਹੀਂ ਰਹੇ। ... ਉਨ੍ਹਾਂ ਦੇ ਲਿਖੇ ਸ਼ਬਦ 'ਮੈਂ ਤਾਂ ਨਹੀਂ ਰਹਾਂਗਾ, ਮੇਰੇ ਗੀਤ ਰਹਿਣਗੇ, ਪਾਣੀ ਨੇ ਮੇਰੇ ਗੀਤ, ਮੈਂ ਪਾਣੀ ਤੇ ਲੀਕ ਹਾਂ।' ਗਵਾਹ ਹਨ ਕਿ ਸਾਹਿਤਕਾਰ ਸੁਰਜੀਤ ਪਾਤਰ ਦਾ ਵਿਛੋੜਾ ਇੱਕ ਯੁੱਗ ਦਾ ਅੰਤ ਹੈ। ... ਕੀ ਕਹਾਂ ....ਸ਼ਬਦ ਬੌਨੇ... ਮਨ ਬੋਝਲ ਹੈ ਤੇ ਪਰ ਸਾਡੇ ਸਮਿਆਂ ਦੇ ਮਹਾਨ ਸ਼ਾਇਰ ਦੇ ਇਹ ਸ਼ਬਦ.... 'ਮੈਂ ਰਾਹਾਂ 'ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰਾਹ ਬਣਦੇ..।' ......ਇਸ ਵਿਗੋਚੇ ਨੂੰ ਹੌਸਲੇ ਨਾਲ ਜ਼ਰਨ ਤੇ ਨਵੀਂਆਂ ਰਾਹਾਂ ਦਾ ਪਾਂਧੀ ਬਣਨ ਲਈ ਪ੍ਰੇਰਦੇ ਹਨ। ਜਦੋਂ-ਜਦੋਂ ਵੀ ਪੰਜਾਬੀ ਸਾਹਿਤ ਦੀ ਗੱਲ ਤੁਰੇਗੀ ਤਾਂ ਡਾ. ਸੁਰਜੀਤ ਪਾਤਰ ਦੀ ਬਾਤ ਵੀ ਜ਼ਰੂਰ ਪਵੇਗੀ। .....ਵਿਛੜੀ ਰੂਹ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਬੇਨਤੀ ਹੈ।