Weather Update: ਉੱਤਰੀ ਭਾਰਤ ਦੇ ਕਈ ਸੂਬੇ ਅੱਤ ਦੀ ਗਰਮੀ ਦੀ ਲਪੇਟ 'ਚ ਹਨ। ਰਾਜਸਥਾਨ, ਹਰਿਆਣਾ ਅਤੇ ਦਿੱਲੀ ਵਿੱਚ ਤਾਪਮਾਨ 49 ਡਿਗਰੀ ਸੈਲਸੀਅਸ ਤੱਕ ਪਹੁੰਚ ਰਿਹਾ ਹੈ। ਵਧਦੇ ਤਾਪਮਾਨ ਦੇ ਵਿਚਕਾਰ ਰਾਜਧਾਨੀ ਦਿੱਲੀ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਿਆ ਹੈ। ਦਿੱਲੀ-ਐਨਸੀਆਰ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਬੁੱਧਵਾਰ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ। ਮੀਂਹ ਕਾਰਨ ਪੰਜਾਬ ਦੇ ਪਟਿਆਲਾ, ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। 


COMMERCIAL BREAK
SCROLL TO CONTINUE READING

ਪਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਕਾਰਨ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਮਾਮੂਲੀ ਗਿਰਾਵਟ ਆ ਸਕਦੀ ਹੈ। ਹਾਲਾਂਕਿ ਗਰਮੀ ਅਤੇ ਹੀਟਵੇਵ ਤੋਂ ਕੋਈ ਰਾਹਤ ਨਹੀਂ ਮਿਲੇਗੀ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਭਾਗ ਵੱਲੋਂ ਜਾਰੀ ਰੈੱਡ ਅਲਰਟ ਨੂੰ ਹੁਣ ਔਰੇਂਜ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਯੈਲੋ ਅਲਰਟ ਅਤੇ 2 ਜੂਨ ਨੂੰ ਆਮ ਦਿਨ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਵੀ ਜਤਾਈ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਕਪੂਰਥਲਾ, ਜਲੰਧਰ, ਬਠਿੰਡਾ, ਬਰਨਾਲਾ, ਲੁਧਿਆਣਾ, ਐਸ.ਏ.ਐਸ.ਨਗਰ, ਫ਼ਤਹਿਗੜ੍ਹ ਸਾਹਿਬ, ਮਾਨਸਾ, ਪਟਿਆਲਾ ਅਤੇ ਸੰਗਰੂਰ ਵਿੱਚ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਬੁੱਧਵਾਰ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਪਾਰਾ ਬਠਿੰਡਾ ਵਿੱਚ 48.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਘੱਟੋਂ-ਘੱਟੋ 44.5 ਬਲਾਚੌਰ ਵਿੱਚ ਦਰਜ ਕੀਤਾ ਗਿਆ।


ਉੱਧਰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਤਾਪਮਾਨ 45.2 ਤੋਂ 49.1 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ। ਦਿੱਲੀ ਦੇ ਮੁੰਗੇਸ਼ਪੁਰ ਅਤੇ ਨਜਫਗੜ੍ਹ ਖੇਤਰਾਂ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ।


ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ 1 ਜੂਨ (ਸ਼ਨੀਵਾਰ) ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਇਨ੍ਹਾਂ ਸਾਰੇ ਸੂਬਿਆਂ 'ਚ ਸ਼ਨੀਵਾਰ ਤੋਂ ਬਾਅਦ ਤਾਪਮਾਨ 'ਚ ਹੌਲੀ-ਹੌਲੀ ਕਮੀ ਆਵੇਗੀ। ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।