ਸੁਧੀਰ ਸੂਰੀ ਦੀ ਹੱਤਿਆ ਮਾਮਲੇ ’ਚ ਵੜਿੰਗ ਨੇ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ ਸੂਬੇ ’ਚ ਕਾਨੂੰਨ ਦਾ ਨਾਮੋ-ਨਿਸ਼ਾਨ ਨਹੀਂ
ਵੜਿੰਗ ਨੇ ਕਿਹਾ ਕਿ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਅਪਰਾਧੀ ਆਸਾਨੀ ਨਾਲ ਆਪਣਾ ਨਿਸ਼ਾਨਾ ਚੁਣ ਕੇ ਕਤਲ ਕਰ ਰਹੇ ਹਨ।
ਚੰਡੀਗੜ੍ਹ: ਅੰਮ੍ਰਿਤਸਰ ’ਚ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਮਾਮਲੇ ’ਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਸਰਕਾਰ ਨੂੰ ਘੇਰਿਆ ਹੈ।
ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਸੂਬੇ ’ਚ ਅਮਨ-ਕਾਨੂੰਨ (Law & Order) ਦੀ ਸਥਿਤੀ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਅਪਰਾਧੀ ਆਸਾਨੀ ਨਾਲ ਆਪਣਾ ਨਿਸ਼ਾਨਾ ਚੁਣ ਕੇ ਕਤਲ ਕਰ ਰਹੇ ਹਨ।
ਇਸ ਮੌਕੇ ਰਾਜਾ ਵੜਿੰਗ ਨੇ CM ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ’ਚ ਰੁੱਝੇ ਹਨ ਤੇ ਉੱਧਰ ਅਪਰਾਧੀ ਆਪਣੇ ਮਨਸੂਬਿਆਂ ਨੂੰ ਅੰਜਾਮ ਦੇ ਰਹੇ ਹਨ।
ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਦਿੱਲੀ ਤੋਂ ਬਾਹਰ ਰਹਿ ਕੇ ਚੋਣ ਪ੍ਰਚਾਰ (Election Campaign) ਕਰ ਸਕਦੇ ਹਨ। ਪਰ ਪੰਜਾਬ ਦੇ ਮਾਮਲੇ ’ਚ ਅਜਿਹਾ ਨਹੀਂ ਹੋ ਸਕਦਾ। ਪੰਜਾਬ ਪਾਕਿਸਤਾਨ ਦੀ ਹੱਦ ’ਤੇ ਪੈਂਦਾ ਹੈ, ਇਸ ਕਾਰਨ ਬਾਰਡਰ ਸਟੇਟ (Border State) ’ਚ ਸ਼ਾਸਨ ਚਲਾਉਣ ਆਸਾਨ ਨਹੀਂ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹਿੰਦੂ ਆਗੂ ਸੁਧੀਰ ਸੂਰੀ (Sudhir Suri) ਪਿਛਲੇ ਕਾਫ਼ੀ ਸਮੇਂ ਤੋਂ ਨਿਸ਼ਾਨੇ ‘ਤੇ ਸਨ ਜਿਸ ਕਾਰਨ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਹੋਰ ਸਤਰਕ ਰਹਿਣ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਹਲਾਤਾਂ ’ਚ ਪੰਜਾਬ ਨੂੰ ਦੁਬਾਰਾ ਕਾਲੇ ਦੌਰ ’ਚ ਨਹੀਂ ਧੱਕਿਆ ਜਾ ਸਕਦਾ।
ਅਸੀਂ ਬਹੁਤ ਕੁਰਬਾਨੀਆਂ ਤੋਂ ਬਾਅਦ ਪੰਜਾਬ ਨੂੰ ਬਚਾਇਆ ਹੈ ਅਤੇ ਹੁਣ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਕਾਇਮ ਰੱਖਣਾ ਸਾਡਾ ਫਰਜ਼ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਫੁੱਟ ਪਾਊ ਸਿਆਸਤ ਤੋਂ ਉਪਰ ਉਠ ਕੇ ਆਪਸੀ ਏਕਤਾ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ।