Ram Rahim News: ਰਾਮ ਰਹੀਮ ਨੂੰ ਝਟਕਾ, ਬੇਅਦਬੀ ਮਾਮਲੇ `ਚ ਚੰਡੀਗੜ੍ਹ ਅਦਾਲਤ ਨੇ ਅਰਜ਼ੀ ਕੀਤੀ ਖਾਰਜ
Ram Rahim News: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਤੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।
Ram Rahim Sacrilege Case Hearing Update: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਫਰੀਦਕੋਟ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ (Ram Rahim )ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਰਾਮ ਰਹੀਮ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਲਈ ਅਰਜ਼ੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਹ ਕੇਸ ਪਹਿਲਾਂ ਫਰੀਦਕੋਟ ਦੀ ਅਦਾਲਤ ਵਿੱਚ ਚੱਲ ਰਿਹਾ ਸੀ।
2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਘਟਨਾਵਾਂ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਨੇ ਆਪਣੀ ਜਾਨ ਨੂੰ ਖਤਰੇ ਦੇ ਡਰੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਨ੍ਹਾਂ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੀ ਅਪੀਲ ਕੀਤੀ ਸੀ।
28 ਫਰਵਰੀ, 2023 ਨੂੰ ਸੁਪਰੀਮ ਕੋਰਟ ਦੇ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ 'ਤੇ ਆਧਾਰਿਤ ਬੈਂਚ ਨੇ ਸੁਣਵਾਈ ਤੋਂ ਬਾਅਦ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਡੇਰਾ ਪੈਰੋਕਾਰਾਂ ਦੇ ਕੁੱਲ ਚਾਰ ਕੇਸ ਪੰਜਾਬ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ ਗਏ ਸਨ। ਇਨ੍ਹਾਂ ਵਿੱਚੋਂ ਤਿੰਨ ਕੇਸ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਹਨ, ਜਦਕਿ ਇੱਕ ਕੇਸ ਮੋਗਾ ਵਿੱਚ ਸਾਲ 2010 ਦੌਰਾਨ ਹੋਈ ਅੱਗਜ਼ਨੀ ਅਤੇ ਭੰਨਤੋੜ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ: Landslides: ਚੰਡੀਗੜ੍ਹ-ਮਨਾਲੀ ਹਾਈਵੇ 'ਤੇ ਢਿੱਗਾਂ ਡਿੱਗਣ ਕਾਰਨ ਰਸਤਾ ਹੋਇਆ ਬੰਦ
ਦੱਸ ਦੇਈਏ ਕਿ ਸਾਲ 2017 ਵਿੱਚ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ 20 ਸਾਲ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਉਹ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਸੀਬੀਆਈ ਦੀ ਪੰਚਕੂਲਾ ਅਦਾਲਤ ਨੇ ਵੀ ਡੇਰਾ ਮੁਖੀ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਸ ਕੇਸ ਵਿਚ ਵੀ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸ ਹਨ ਅਤੇ ਤਿੰਨਾਂ ਮਾਮਲਿਆਂ ਵਿੱਚ ਪੰਜਾਬ ਪੁਲੀਸ ਦੀ ਐਸਆਈਟੀ ਵੱਲੋਂ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਡੇਰਾ ਪੈਰੋਕਾਰਾਂ ਤੋਂ ਇਲਾਵਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਤਿੰਨਾਂ ਮਾਮਲਿਆਂ ਵਿੱਚ ਚਾਰਜਸ਼ੀਟ ਕੀਤਾ ਗਿਆ ਹੈ, ਜਦੋਂ ਕਿ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ।