Nri Meeting: ਪਰਵਾਸੀ ਪੰਜਾਬੀਆਂ ਨਾਲ ਖੇਤਰੀ ਪੱਧਰ ਦੀ 09 ਫਰਵਰੀ ਨੂੰ ਨਵਾਂਸ਼ਹਿਰ ਵਿੱਚ ਮੀਟਿੰਗ
Nri Meeting: ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਿੰਨੀ ਗੋਆ ਵਿੱਚ ਪ੍ਰਵਾਸੀਆਂ ਪੰਜਾਬੀਆਂ ਦੇ ਨਾਲ ਮੀਟਿੰਗ ਕੀਤੀ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 09 ਫਰਵਰੀ, 2024 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀ ਇੱਕ ਖੇਤਰੀ ਮੀਟਿੰਗ ਸ਼ਿਵਾਲਿਕ ਪਬਲਿਕ ਸਕੂਲ, ਚੰਡੀਗੜ੍ਹ ਰੋਡ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਨ ਜਾ ਰਹੀ ਹੈ, ਜਿਸ ਦੌਰਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣਨਗੇ।
ਇਹ ਜਾਣਾਕਰੀ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ, ਸ੍ਰੀਮਤੀ ਆਸ਼ਿਕਾ ਜੈਨ ਨੇ ਖੇਤਰੀ ਮੀਟਿੰਗ ਬਾਬਤ ਜ਼ਿਲ੍ਹੇ ਦੀ ਐਨ.ਆਰ.ਆਈ.ਸਭਾ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਿੱਧੇ ਤੌਰ 'ਤੇ ਐਨ ਆਰ ਆਈਜ਼ ਨਾਲ ਖੇਤਰੀ ਮੀਟਿੰਗਾਂ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਵੱਖੋ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਸ਼੍ਰੀਮਤੀ ਆਸ਼ਿਕਾ ਜੈਨ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਤੇ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਹੀ ਐਨ ਆਰ ਆਈਜ਼ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਐਨ ਆਰ ਆਈਜ਼ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।