ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਦਿੱਤੇ ਬਿਆਨ ਦੀ ਆਲੋਚਨਾ ਕੀਤੀ। ਦਰਅਸਲ ਬੀਤੇ ਦਿਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਦੇਸ਼ ਦੇ ਸਾਰੇ ਸੂਬਿਆਂ ’ਚ ਐੱਨਆਈਏ (NIA) ਦੇ ਦਫ਼ਤਰ ਖੋਲ੍ਹੇ ਜਾਣਗੇ। 


COMMERCIAL BREAK
SCROLL TO CONTINUE READING


ਕਾਨੂੰਨ ਵਿਵਸਥਾ ਸੂਬਿਆਂ ਦੇ ਅਧਿਕਾਰ ਖੇਤਰ ਤੋਂ ਬਾਹਰ ਹੋ ਜਾਵੇਗੀ 
ਅਕਾਲੀ ਦਲ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ਨੇ ਅਮਿਤ ਸ਼ਾਹ ਦੇ ਫ਼ੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਪ੍ਰੈਸ-ਕਾਨਫ਼ਰੰਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਮਿਤ ਸ਼ਾਹ ਦੇ ਫ਼ੈਸਲੇ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਨੂੰਨ-ਵਿਵਸਥਾ ਭਵਿੱਖ ’ਚ ਸੂਬਿਆਂ ਦੇ ਅਧਿਕਾਰ-ਖੇਤਰ ’ਚ ਨਹੀਂ ਹੋਵੇਗੀ। 


ਇਸ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਪਹਿਲਾਂ ਵੀ ਸੀ. ਬੀ. ਆਈ (CBI), ਈ. ਡੀ. (ED) ਅਤੇ ਹੋਰਨਾ ਏਜੰਸੀਆਂ ਦਾ ਸਿਆਸੀ ਰਜਿੰਸ਼ਾਂ ਤਹਿਤ ਇਸਤੇਮਾਲ ਕੀਤਾ ਜਾ ਰਿਹਾ ਹੈ। ਹੁਣ ਕੇਂਦਰ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਐੱਨ. ਆਈ. ਏ (NIA) ਦਾ ਵੀ ਸਿੱਧਾ ਦਖ਼ਲ ਹੋ ਜਾਵੇਗਾ। 



 



CM ਨੂੰ ਫ਼ੈਸਲੇ ਦਾ ਵਿਰੋਧ ਕਰਨਾ ਚਾਹੀਦਾ ਸੀ: ਅਕਾਲੀ ਦਲ
ਉਨ੍ਹਾਂ ਕਿਹਾ ਕਿ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ CM ਭਗਵੰਤ ਮਾਨ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦੌਰਾਨ ਮੌਜੂਦ ਸਨ। ਉਨ੍ਹਾਂ ਨੂੰ ਇਸ ਫ਼ੈਸਲੇ ਦਾ ਤੁਰੰਤ ਵਿਰੋਧ ਕਰਨਾ ਚਾਹੀਦਾ ਸੀ, ਪਰ CM ਮਾਨ ਦੀ ਚੁੱਪ ਆਪਣੇ ਆਪ ’ਚ ਬਿਆਨ ਕਰਦੀ ਹੈ ਕਿ ਪੰਜਾਬ ਸਰਕਾਰ ਵੀ ਸੰਘੀ ਢਾਂਚੇ ਨੂੰ ਢਾਹ ਲਾਉਣ ਵਾਲੇ ਪਾਸੇ ਚੱਲ ਰਹੀ ਹੈ।  



‘ਆਪ’ ਸਰਕਾਰ ਪੰਜਾਬ ਦੀ ਰਾਖੀ ਕਰਨ ਦੇ ਸਮਰੱਥ ਨਹੀਂ ਹੈ : ਅਕਾਲੀ ਦਲ
ਅਕਾਲੀ ਆਗੂਆਂ ਨੇ ਕਿਹਾ ਕਿ CM ਭਗਵੰਤ ਮਾਨ ਦੇ ਰਵਈਏ ਤੋਂ ਜਾਪਦਾ ਹੈ ਕਿ ਜਿਵੇਂ ਅਰਵਿੰਦ ਕੇਜਰੀਵਾਲ ਦੇ ਮੰਤਵ ਨੂੰ ਪੂਰਾ ਕਰਨ ਲਈ ਅਤੇ ਸੂਬੇ ’ਚ ਭਾਜਪਾ ਦੇ ਏਜੰਡੇ ਲਾਗੂ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। 



ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਕੇਂਦਰੀ ਨਿਯਮ ਲਾਗੂ ਕਰਨਾ, ਬੀ.ਬੀ.ਐਮ.ਬੀ. ’ਤੇ ਕੇਂਦਰ ਸਰਕਾਰ ਦਾ ਅਧਿਕਾਰ ਕਾਇਮ ਹੋਣਾ ਤੇ ਹੁਣ ਕਾਨੂੰਨ ਵਿਵਸਥਾ ਵਿਚ ਕੇਂਦਰ ਸਰਕਾਰ ਦਾ ਸਿੱਧਾ ਦਖਲ ਹੋਣਾ ਸਾਬਤ ਕਰਦਾ ਹੈ ਕਿ ‘ਆਪ’ ਸਰਕਾਰ ਪੰਜਾਬ ਦੀ ਰਾਖੀ ਕਰਨ ਦੇ ਸਮਰੱਥ ਨਹੀਂ ਹੈ।
 ਇਸ ਲਈ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀਆਂ ਇਨ੍ਹਾਂ ਪੰਜਾਬੀਅਤ ਵਿਰੋਧੀ ਚਾਲਾਂ ਨੂੰ ਬਰਦਾਸ਼ਤ ਨਹੀਂ ਕਰਨਗੇ।