ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਰੋੜਾਂ ਰੁਪਏ ਦੇ ਜੰਗਲਾਤ ਵਿਭਾਗ ’ਚ ਹੋਏ ਭ੍ਰਿਸ਼ਟਾਚਾਰ ਮਾਮਲੇ ’ਚ ਹਾਈ ਕੋਰਟ ਵਲੋਂ ਰਾਹਤ ਨਹੀਂ ਦਿੱਤੀ ਗਈ ਹੈ। 


COMMERCIAL BREAK
SCROLL TO CONTINUE READING

ਮੰਤਰੀ ਧਰਮਸੋਤ ਦੁਆਰਾ ਦਾਇਰ ਕੀਤੀ ਗਈ ਪਟੀਸ਼ਨ ਦੇ ਜਵਾਬ ’ਚ ਸਰਕਾਰ ਵਲੋਂ ਪੇਸ਼ ਹੋਏ ਐਡਵੋਕੇਟ ਜਨਰਲ ਵਿਨੋਦ ਘਈ ਨੇ ਕਿਹਾ ਕਿ ਇਸ ਮਾਮਲੇ ’ਚ ਚਲਾਨ ਪੇਸ਼ ਹੋ ਚੁੱਕਾ ਹੈ। ਜਿਸਦੇ ਚੱਲਦਿਆਂ ਹਾਈਕੋਰਟ ਦੁਆਰਾ ਇਸ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਤੈਅ ਕਰ ਦਿੱਤੀ ਹੈ।


 


ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਨੇ ਵੀ ਪਾਈ ਪਟੀਸ਼ਨ
ਉੱਥੇ ਹੀ ਦੂਜੇ ਪਾਸੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੇ ਵੀ ਜ਼ਮਾਨਤ ਲਈ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਦਲਜੀਤ ਸਿੰਘ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵਕਿੱਲ ਨੂੰ ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਸਾਬਕਾ ਮੰਤਰੀ ਹੋਰਨਾਂ ਸਮੇਤ ਖੈਰ ਦੇ ਦਰਖ਼ਤਾਂ ਦੀ ਕਟਾਈ ਦੀ ਇਜਾਜ਼ਤ ਦੇਣ, ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਤੇ ਜੰਗਲਾਤ ਮਹਿਕਮੇ ਦੇ ਹੋਰ ਮੁਲਾਜ਼ਮਾਂ ਤੇ ਨਿੱਜੀ ਠੇਕੇਦਾਰਾਂ ਨਾਲ ਸਮੂਹਿਕ ਤੌਰ ’ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ। ਇਸ ਘੁਟਾਲੇ ’ਚ ਜਾਂਚ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੁਆਰਾ ਉਕਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 


 


ਗਿਲਜੀਆਂ ਦੀ ਗ੍ਰਿਫ਼ਤਾਰੀ ’ਤੇ ਹਾਈ ਕੋਰਟ ਨੇ ਲਗਾਈ ਰੋਕ
ਕਾਂਗਰਸ ਦੇ ਸਾਬਕਾ ਮੰਤਰੀ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੰਗਤ ਸਿੰਘ ਗਿਲਜੀਆਂ ਦਾ ਨਾਮ ਵੀ ਸਾਹਮਣੇ ਆਇਆ ਸੀ। ਗਿਲਜੀਆਂ ਨੂੰ ਮਾਮਲੇ ਦਾ ਪਤਾ ਲਗਦਿਆਂ ਹੀ ਉਹ ਰੁਪੋਸ਼ ਹੋ ਗਿਆ ਸੀ ਤੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਦਿੱਤੀ ਸੀ। ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਗਿਲਜੀਆਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਸੀ।


ਜੰਗਲਾਤ ਵਿਭਾਗ ’ਚ ਹੋਏ ਭ੍ਰਿਸ਼ਟਾਚਾਰ ਮਾਮਲੇ ’ਚ ਹੁਣ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ।