ਨਵੇਂ ਅਕਾਦਮਿਕ ਸੈਸ਼ਨ ਤੋਂ ਸੂਬੇ ਦੇ ਸਕੂਲਾਂ ’ਚ ਲਾਗੂ ਹੋਵੇਗੀ ਸੇਫ਼ ਸਕੂਲ ਵਾਹਨ ਸਕੀਮ
ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਸਕੂਲ ਦੀਆਂ ਬੱਸਾਂ ’ਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਵਿਭਾਗਾਂ ਦੀ ਸਮੂਹਿਕ ਜਿੰਮੇਵਾਰੀ ਹੈ।
Safe school vahan Scheme: ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਮੰਤਰੀ ਨੇ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲੇ ਸਖਸ਼ ਨਾਲ ਕਰੜੇ ਢੰਗ ਨਾਲ ਨਜਿਠਣ ਲਈ ਚੈਕਿੰਗ ਮੁਹਿੰਮ ਅਰੰਭ ਕਰਨ ਲਈ ਕਿਹਾ।
ਸਬੰਧਤ ਵਿਭਾਗਾਂ ਨੂੰ ਲਿਖੇ ਪੱਤਰ ’ਚ ਉਨ੍ਹਾਂ ਕਿਹਾ ਕਿ ਉੱਚ ਅਦਾਲਤਾਂ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਅਤੇ ਹੁਕਮਾਂ ਨੂੰ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ ਗਿਆ ਹੈ।
ਸਕੂਲਾਂ ਦੇ ਨਵੇਂ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਅਤੇ ਬੱਚਿਆਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ। ਮੰਤਰੀ ਨੇ ਸੂਬੇ ਦੇ ਸਕੂਲਾਂ ’ਚ ਸੇਫ਼ ਸਕੂਲ ਵਾਹਨ ਸਕੀਮ ਨੂੰ ਪੂਰੀ ਤਰਾਂ ਲਾਗੂ ਕਰਵਾਉਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗੀ।
ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ (Bhagwant Mann) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੇਫ਼ ਸਕੂਲ ਵਾਹਨ ਸਕੀਮ ਅਧੀਨ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ। ਕਿਉਂਕਿ ਸਕੂਲ ਦੀਆਂ ਬੱਸਾਂ ’ਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਵਿਭਾਗਾਂ ਦੀ ਸਮੂਹਿਕ ਜਿੰਮੇਵਾਰੀ ਹੈ।
ਪੱਤਰ ਵਿੱਚ ਸਮੂਹ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਧਿਕਾਰ ਖੇਤਰਾਂ ਅਧੀਨ ਪੈਂਦੇ ਐਸ.ਡੀ.ਐਮਜ਼ ਨਾਲ ਤਾਲਮੇਲ ਕਰਕੇ ਲੋੜੀਂਦਾ ਸ਼ਡਿਊਲ ਤਿਆਰ ਕਰਨ ਅਤੇ ਜੁਆਇੰਟ ਚੈਕਿੰਗ ਮੁਹਿੰਮ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।
ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਹੋਣ ਵਾਲੀ ਖੇਤਰੀ ਅਫ਼ਸਰਾਂ ਦੀ ਸੂਬਾ-ਪੱਧਰੀ ਮੀਟਿੰਗ ਵਿੱਚ ਇਹ ਮੁੱਦਾ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਇਸ ਤੋਂ ਇਲਾਵਾ ਅਧਿਕਾਰੀਆਂ ਵਲੋਂ ਅਮਲ ’ਚ ਲਿਆਂਦੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ।
ਇਹ ਵੀ ਪੜ੍ਹੋ: AAP ਵਲੋਂ MLA ਲਾਭ ਸਿੰਘ ਉਗੋਕੇ ਦਾ ਸਮਰਥਨ, ਕਿਹਾ “ਵਿਧਾਇਕ ਨੇ ਕੁਝ ਗਲਤ ਨਹੀਂ ਕੀਤਾ”