Samrala News: ਜ਼ਿਮਨੀ ਚੋਣਾਂ ਵਿਚ ‘ਆਪ’ ਦੀ ਜਿੱਤ ’ਤੇ ਹਲਕਾ ਸਮਰਾਲਾ ਵਿਚ ਮਨਾਏ ਗਏ ਜਸ਼ਨ
Samrala News: ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਪੂਰੀ ਤਰ੍ਹਾਂ ਤਿਆਰ ਹਨ।
Samrala News: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਵਿਧਾਨ ਸਭਾ ਚੋਣ ਨਤੀਜਿਆਂ ਵਿਚ 3 ਹਲਕਿਆਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਅੱਜ ਹਲਕਾ ਸਮਰਾਲਾ ਦੇ ਆਗੂਆਂ ਤੇ ਵਰਕਰਾਂ ਨੇ ਵੀ ਇਸ ਦੇ ਜਸ਼ਨ ਮਨਾਏ। ਮਾਛੀਵਾੜਾ ਦੇ ਖਾਲਸਾ ਚੌਂਕ ਵਿਚ ਅੱਜ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦੀ ਅਗਵਾਈ ਹੇਠ ਇਕੱਤਰ ਹੋਏ ਲੋਕਾਂ ਨੇ ਲੱਡੂ ਵੰਡੇ ਅਤੇ ਢੋਲ ਦੀ ਥਾਪ ’ਤੇ ਭੰਗੜੇ ਪਾਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਆਲਪੁਰਾ ਤੇ ਖੀਰਨੀਆਂ ਨੇ ਕਿਹਾ ਕਿ 3 ਵਿਧਾਨ ਸਭਾ ਹਲਕਿਆਂ ਵਿਚ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਵਰਕਰਾਂ ਨੇ ਵੀ ਸਖ਼ਤ ਮਿਹਨਤ ਕੀਤੀ। ਜਿਮਨੀ ਚੋਣਾਂ ਦੌਰਾਨ ਸਭ ਤੋਂ ਹਾਟ ਸੀਟ ਮੰਨੀ ਜਾਣ ਵਾਲੀ ਗਿੱਦਡ਼ਬਾਹਾ ’ਤੇ ‘ਆਪ’ ਦੀ ਸ਼ਾਨਦਾਰ ਜਿੱਤ ਤੇ ਪ੍ਰਤੀਕਿਰਿਆ ਕਰਦਿਆਂ ਕਿਹਾ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖ ਰਿਹਾ ਸੀ। ਜਿਸ ਨੂੰ ਲੋਕਾਂ ਨੇ ਚਕਨਾਚੂਰ ਕਰ ਇਹ ਸਾਬਿਤ ਕਰ ਦਿੱਤਾ ਕਿ ਅਗਲਾ ਮੁੱਖ ਮੰਤਰੀ ਵੀ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ।
ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ 2 ਹਫ਼ਤਿਆਂ ਅੰਦਰ ‘ਆਪ’ ਪਾਰਟੀ ਮਾਛੀਵਾੜਾ ਨਗਰ ਕੌਂਸਲ ਦੇ 15 ਵਾਰਡਾਂ ਤੋਂ ਉਮੀਦਵਾਰਾਂ ਦਾ ਐਲਾਨ ਕਰੇਗੀ। ਉਨ੍ਹਾਂ ਕਿਹਾ ਕਿ ਜਿਮਨੀ ਚੋਣਾਂ ਜਿੱਤਣ ਤੋਂ ਬਾਅਦ ‘ਆਪ’ ਆਗੂ ਤੇ ਵਰਕਰ ਬਹੁਤ ਉਤਸ਼ਾਹਿਤ ਹਨ ਅਤੇ ਇਸ ਤਰ੍ਹਾਂ ਨਗਰ ਕੌਂਸਲ ਚੋਣਾਂ ਵੀ ਬੜੀ ਸ਼ਾਨ ਨਾਲ ਜਿੱਤੀਆਂ ਜਾਣਗੀਆਂ। ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਉਹ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਜਾਣਗੇ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਹ ਚੋਣਾਂ ਵੀ 15 ਵਾਰਡਾਂ ’ਚੋਂ ਸਾਰੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ।