Sangrur News: ਜ਼ਿਲ੍ਹਾ ਪੁਲਿਸ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਰਵਾਈ ਚੌਥੀ ਸੂਬਾ ਪੱਧਰੀ ਅਥਲੈਟਿਕਸ ਮੀਟ
Sangrur News: ਇਸ ਮੌਕੇ ਏਡੀਸੀ (ਡੀ) ਵਰਜੀਤ ਵਾਲੀਆ, ਐਸਪੀ ਰਾਕੇਸ਼ ਕੁਮਾਰ, ਡੀਐਸਪੀ ਆਰਕੇ ਬਾਜਵਾ, ਡੀਐਸਪੀ ਮਨੋਜ ਗੋਰਸੀ, ਡੀਐਸਪੀ ਜਤਿੰਦਰ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।
Sangrur News (KIRTIPAL KUMAR): ਸੰਗਰੂਰ ਜ਼ਿਲ੍ਹਾ ਪੁਲਿਸਵੱਲੋਂ ਲਗਾਤਾਰ ਚੌਥੀ ਵਾਰ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਰਾਜ ਪੱਧਰੀ ਐਥਲੈਟਿਕ ਮੀਟ ਕਰਵਾਈ ਗਈ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 600 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਕਰੀਬ 1200 ਬੱਚੇ ਇਸ ਅਥਲੈਟਿਕਸ ਮੀਟ ਨੂੰ ਦੇਖਣ ਲਈ ਪਹੁੰਚੇ।
ਇਸ ਅਥਲੈਟਿਕ ਮੀਟ ਦਾ ਮੁੱਖ ਮਕਸਦ ਨੌਜਵਾਨਾਂ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਹਜ਼ਾਰਾਂ ਰੁਪਏ ਦੇ ਨਕਦ ਇਨਾਮ, ਤਮਗੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਐਸਐਸਪੀ ਸਰਤਾਜ ਸਿੰਘ ਚਾਹਲ ਨੇ ਖਿਡਾਰੀਆਂ ਅਤੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਏ ਕੋਚਾਂ ਨੂੰ ਵੀ ਅਥਲੈਟਿਕਸ ਮੀਟ ਦੇ ਮੁੱਖ ਮੰਤਵ, “ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਨੂੰ ਧਿਆਨ ਵਿੱਚ ਰੱਖਦੇ ਹੋਏ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਖੇਡਾਂ ਅਤੇ ਗਰਾਉਂਡ ਨਾਲ ਜੋੜਨ ਲਈ ਉਪਰਾਲੇ ਕਰਨ ਸਬੰਧੀ ਜਾਗਰੂਕ ਕੀਤਾ ਤਾਂ ਜੋ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਕੇ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
ਇਸ ਮੌਕੇ ਸੰਬੋਧਨ ਕਰਦਿਆਂ ਡੀਸੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਖੇਡ ਮੇਲੇ ਦਾ ਉਦੇਸ਼ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਅਤੇ ਉਨ੍ਹਾਂ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਦੇ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਕਾਬਲੀਅਤ ਨੂੰ ਵਿਖਾਉਣ ਦਾ ਇੱਕ ਵਧੀਆ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹੁਨਰ ਵਿਕਾਸ ਸਿਖਲਾਈ ਦੇ ਕੇ ਉਨ੍ਹਾਂ ਦੇ ਚੰਗੇ ਪੁਨਰਵਾਸ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ।
ਇਸ ਅਥਲੈਟਿਕਸ ਮੀਟ ਵਿੱਚ ਅਹਿਮ ਭੂਮੀਕਾ ਨਿਭਾਉਂਦੇ ਹੋਏ ਨਵਰੀਤ ਸਿੰਘ ਵਿਰਕ, ਕਪਤਾਨ ਪੁਲਿਸ (ਪੀ.ਬੀ.ਆਈ) ਸੰਗਰੂਰ ਸਮੇਤ ਜਿਲ੍ਹਾ ਪੁਲਿਸ ਸੰਗਰੂਰ ਦੀ ਸਮੁੱਚੀ ਟੀਮ ਵੱਲੋਂ ਵੱਖ-ਵੱਖ ਇਵੈਂਟ ਜਿਵੇਂ ਕਿ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਰੇਸ, ਲੌਂਗ ਜੰਪ, ਸ਼ੋਟ ਪੁੱਟ ਅਤੇ ਰਿਲੇਅ ਰੇਸ ਕਰਵਾਏ ਗਏ। ਇਨ੍ਹਾਂ ਇਵੈਂਟਾਂ ਵਿੱਚ ਅੰਡਰ 14 ਸਾਲ, ਅੰਡਰ 17 ਸਾਲ ਅਤੇ ਅੰਡਰ 19 ਸਾਲ ਦੇ ਲੜਕੇ ਅਤੇ ਲੜਕੀਆਂ ਨੇ ਵੱਧ ਚੜ ਕੇ ਭਾਗ ਲਿਆ।
ਇਸ ਮੌਕੇ ਮੋਹਾਲੀ ਦੀ ਇੱਕ ਨੌਜਵਾਨ ਅਥਲੀਟ ਸੁਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨੇ ਉਨ੍ਹਾਂ ਨੂੰ ਇੱਕ ਸਮਾਜਿਕ ਉਦੇਸ਼ ਲਈ ਕਰਵਾਏ ਗਏ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਅਜਿਹੀਆਂ ਖੇਡ ਗਤੀਵਿਧੀਆਂ ਨਿਯਮਤ ਅੰਤਰਾਲਾਂ 'ਤੇ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਗੁਰਦਾਸਪੁਰ ਜ਼ਿਲ੍ਹੇ ਦੀ ਅਰਸ਼ਦੀਪ ਕੌਰ ਨੇ ਦੱਸਿਆ ਕਿ ਉਹ ਪਿਛਲੇ ਅੱਠ ਸਾਲਾਂ ਤੋਂ ਪ੍ਰੈਕਟਿਸ ਕਰ ਰਹੀ ਹੈ ਅਤੇ ਇਹ ਪਹਿਲੀ ਵਾਰ ਸੀ ਜਦੋਂ ਉਸ ਨੇ ਨਸ਼ਿਆਂ ਬਾਰੇ ਜਾਗਰੂਕਤਾ ਵਿਸ਼ੇ ’ਤੇ ਕਰਵਾਏ ਖੇਡ ਸਮਾਗਮ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੌਜਵਾਨਾਂ ਨੂੰ ਆਪਣੇ ਆਪ ਨੂੰ ਸਹੀ ਰਸਤੇ 'ਤੇ ਚੱਲਦਿਆਂ ਰੱਖਣ ਲਈ ਯਕੀਨੀ ਤੌਰ 'ਤੇ ਸਹਾਈ ਹੋਣਗੀਆਂ।