Section 144 in Moga: ਮੋਗਾ ਜ਼ਿਲੇ ‘ਚ ਧਾਰਾ 144 ਲਾਗੂ, ਆਦੇਸ਼ 30 ਸਤੰਬਰ ਤੱਕ ਲਾਗੂ
Moga Section 144 news: ਜ਼ਿਲ੍ਹੇ `ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ।
Section 144 in Punjab's Moga news: ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜ਼ਿਲਾ ਮੈਜਿਸਟ੍ਰੇਟ ਮੋਗਾ ਡਾ. ਨਿਧੀ ਕਮੁਦ ਬਾਂਬਾ ਵੱਲੋਂ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਇਹ ਆਦੇਸ਼ 30 ਸਤੰਬਰ, 2023 ਤੱਕ ਲਾਗੂ ਰਹਿਣਗੇ।
ਇਸ ਦੌਰਾਨ ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ‘ਤੇ ਪਾਬੰਦੀ ਦੇ ਹੁਕਮ ਦਿੱਤੇ ਗਏ ਹਨ। ਮਿਲੀ ਜਾਣਕਾਰੀ ਦੇ ਮੁਤਾਬਕ ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ ‘ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ।
ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ, ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਪੈਦੇ ਸਮੂਹ ਪਿੰਡਾਂ ਦੇ ਰਕਬੇ ਵਿੱਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ.ਸੀ..ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ‘ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ ਸਰਕਾਰ ਵੱਲੋਂ ਖੇਤਾਂ ਵਿੱਚੋਂ ਮਿੱਟੀ ਚਕਾਉਣ ਲਈ ਜਾਰੀ ਹੋਈਆਂ ਹਦਾਇਤਾਂ ’ਤੇ ਲਾਗੂ ਨਹੀਂ ਹੋਵੇਗਾ। ਇਸਦੇ ਨਾਲ ਹੀ ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ‘ਤੇ ਰੋਕ ਲਗਾਈ ਗਈ ਹੈ ਅਤੇ ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੋਰ ਗੱਡੀਆਂ, ਜਿੰਨਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਲਾਲ ਰੰਗ ਦੇ ਰਿਫਲੈਕਟਰ, ਆਈ ਗਲਾਸ ਜਾਂ ਕੋਈ ਹੋਰ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ‘ਤੇ ਰੋਕ ਲਗਾਈ ਗਈ ਹੈ।
ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ ਅਤੇ ਇਸਦੇ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।
ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ
ਵਧੀਕ ਜ਼ਿਲਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ ‘ਚ ਵਿਘਨ ਪਾਉਂਦੇ ਹਨ, ਜਿਸ ਨਾਲ ਐਕਸੀਡੈਂਟ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੀ ਸੰਪਤੀ ਅਤੇ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨਾਂ ਪਸ਼ੂਆਂ ਦੁਆਰਾ ਸੜਕਾਂ ‘ਤੇ ਗੰਦਗੀ ਵੀ ਪਾਈ ਜਾਂਦੀ ਹੈ।
ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
ਇਸੇ ਤਰ੍ਹਾਂ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ ਅਤੇ ਨਾਲ ਹੀ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਵੀ ਹੁਕਮ ਜਾਰੀ ਕੀਤੇ ਹਨ।
ਉਨਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ‘ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ‘ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ। ਇਹ ਹੁਕਮ ਪੁਲਿਸ/ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ਤੇ ਲਾਗੂ ਨਹੀ ਹੋਵੇਗਾ।
ਮਕਾਨ ਮਾਲਕਾਂ ਵੱਲੋ ਕਿਰਾਏਦਾਰਾਂ ਦੀ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਦੇ ਵੀ ਹੁਕਮ!
ਵਧੀਕ ਜ਼ਿਲਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੇ ਵਿੱਚ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਦਰਜ ਕਰਾਉਣ ਅਤੇ ਉਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ ‘ਚ ਮਕਾਨ ਮਾਲਕ ਦੇ ਵਿਰੁੱਧ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
- ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ
(For more news apart from Section 144 in Punjab's Moga news, stay tuned to Zee PHH)