Punjab News: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
Advertisement
Article Detail0/zeephh/zeephh1873712

Punjab News: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

‘Parkash Purb’ of Guru Granth Sahib: ਉਨ੍ਹਾਂ ਵਧਾਈ ਸੁਨੇਹੇ 'ਚ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦੀਆਂ ਮੁੱਲਵਾਨ ਸਿੱਖਿਆਵਾਂ ਮਨੁੱਖੀ ਜੀਵਨ ਲਈ ਮਾਰਗ ਦਰਸ਼ਨ ਹਨ। 

 

Punjab News: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

‘Parkash Purb’ of Guru Granth Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ ਸਰੋਤ ਹੈ, ਜਿਸ ਦੀ ਰੌਸ਼ਨੀ ਵਿਚ ਚੱਲਣਾ ਹਰ ਸਿੱਖ ਦਾ ਫ਼ਰਜ਼ ਹੈ। 

ਉਨ੍ਹਾਂ ਵਧਾਈ ਸੁਨੇਹੇ 'ਚ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦੀਆਂ ਮੁੱਲਵਾਨ ਸਿੱਖਿਆਵਾਂ ਮਨੁੱਖੀ ਜੀਵਨ ਲਈ ਮਾਰਗ ਦਰਸ਼ਨ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਕੁਰੀਤੀਆਂ ਤੋਂ ਵਰਜਦੀ ਹੈ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। 

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ, ਜਾਣੋ ਕਿਉਂ 

ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।

Trending news