Gurdev Singh Kaunke News: ਕਾਉਂਕੇ ਦੇ ਕਤਲ ਮਾਮਲੇ ਵਿੱਚ ਕਾਰਵਾਈ ਲਈ SGPC ਨੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ
Gurdev Kaunke News: ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
Gurdev Singh Kaunke News: ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ ਦੀ ਅਗਵਾਈ ਵਿੱਚ ਬਣਾਈ ਗਈ। ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਸ਼ਾਮਲ ਕੀਤਾ ਗਿਆ ਹੈ।
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਕਾਉਂਕੇ ਦੇ ਕਤਲ ਸਬੰਧੀ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਗਿਆ ਸੀ। ਇਸ ਉੱਤੇ ਤੁਰੰਤ ਅਮਲ ਕਰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਥੇਦਾਰ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਸਤੇ ਭੇਜਿਆ ਗਿਆ ਸੀ ਅਤੇ ਹੁਣ ਇਸ ਮਾਮਲੇ ਸਬੰਧੀ ਇੱਕ ਉੱਚ ਪੱਧਰੀ ਕਾਨੂੰਨੀ ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਵਿਰੁੱਧ ਪੁਖ਼ਤਾ ਕਾਰਵਾਈ ਨੂੰ ਅਮਲ ਵਿੱਚ ਲਿਆਵੇਗੀ। SGPC ਵੱਲੋਂ ਬਣਾਈ ਗਈ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਪੰਜਾਬ ਦੇ ਤਤਕਾਲੀ ਵਧੀਕ ਡਾਇਰੈਕਟਰ ਜਨਰਲ ਪੁਲਿਸ ਬੀ ਪੀ ਤਿਵਾੜੀ ਦੀ ਜਾਂਚ ਵਾਲੀ ਰਿਪੋਰਟ ਦੀ ਮੁਕੰਮਲ ਘੋਖ ਕਰ ਕੇ ਕਾਨੂੰਨੀ ਕਾਰਵਾਈ ਕਰੇਗੀ। ਇਸ ਸਬੰਧ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇੱਕ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ: Rajoana Letter News: ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ !
ਕੌਣ ਸਨ ਗੁਰਦੇਵ ਸਿੰਘ ਕਾਉਂਕੇ ?
ਗੁਰਦੇਵ ਸਿੰਘ ਦਾ ਜਨਮ ਲੁਧਿਆਣਾ ਜ਼ਿਲ੍ਹੇ ਦੀ ਜਗਰਾਓਂ ਸਬ-ਡਵੀਜ਼ਨ ਦੇ ਪਿੰਡ ਕਾਉਂਕੇ ਕਲਾਂ ਵਿਖੇ ਹੋਇਆ। ਸਾਲ 1986 ਵਿੱਚ ਸ੍ਰੀ ਅਕਾਲ ਤਖ਼ਤ ਉੱਤੇ ਸਰਬੱਤ ਖਾਲਸਾ ਬੁਲਾ ਕੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਜਸਬੀਰ ਸਿੰਘ ਰੋਡੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪ ਦਿੱਤਾ ਗਿਆ ਸੀ। ਜਸਬੀਰ ਸਿੰਘ ਰੋਡੇ ਉਸ ਸਮੇਂ ਜੇਲ੍ਹ ਵਿੱਚ ਹੋਣ ਕਾਰਨ ਗੁਰਦੇਵ ਸਿੰਘ ਕਾਉਂਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਬਣੇ ਸਨ ਅਤੇ ਬਾਅਦ ਵਿੱਚ ਰੋਡੇ ਨੇ ਜੇਲ੍ਹ ਤੋਂ ਬਾਹਰ ਆ ਕੇ ਆਪਣਾ ਅਹੁਦਾ ਸੰਭਾਲ ਲਿਆ ਸੀ।
ਇਹ ਵੀ ਪੜ੍ਹੋ: Gidderbaha Murder News: ਗਿੱਦੜਬਾਹਾ 'ਚ ਨਿਹੰਗ ਸਿੰਘ ਦਾ ਕਤਲ; ਝੌਂਪੜੀ ਬਣਾ ਕੇ ਲੰਗਰ ਦੀ ਸੇਵਾ ਕਰਦਾ ਸੀ ਨਿਹੰਗ