Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪੰਥਕ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ ਕਰਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪੱਤਰ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਇਕੱਤਰਤਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਬੀਤੇ ਸਮੇਂ ਬਣਾਈ ਗਈ ਕਮੇਟੀ ਦੇ ਮੈਂਬਰਾਂ ਅਤੇ ਵਿਸ਼ੇਸ਼ ਤੌਰ ’ਤੇ ਸੱਦੇ ਸਿੱਖ ਆਗੂਆਂ ਨੇ ਸ਼ਿਰਕਤ ਕੀਤੀ। ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪੱਤਰ ਸਬੰਧੀ ਪੰਥਕ ਨੁਮਾਇੰਦਿਆਂ ਨੇ ਆਪਣੇ ਸੁਝਾਅ ਦਿੱਤੇ ਹਨ ਜੋ ਭਲਕੇ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਵਿੱਚ ਪੇਸ਼ ਕੀਤੇ ਜਾਣਗੇ। ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।


COMMERCIAL BREAK
SCROLL TO CONTINUE READING

ਸ਼ਨੀਵਾਰ ਸ਼ਾਮ ਤੋਂ ਸ਼ੁਰੂ ਹੋਈ 11 ਜਥੇਬੰਦੀਆਂ ਦੀ ਮੀਟਿੰਗ ਦੇਰ ਰਾਤ ਤੱਕ ਜਾਰੀ ਰਹੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਤਵਾਰ ਸਵੇਰੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਸੱਦਣ ਦਾ ਐਲਾਨ ਕੀਤਾ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੇਜਾ ਸਿੰਘ ਮਰੀਨ ਹਾਲ, ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ 11 ਜਥੇਬੰਦੀਆਂ ਦੀ ਮੀਟਿੰਗ ਵਿੱਚ ਕੁਝ ਫੈਸਲੇ ਲਏ ਗਏ ਸਨ, ਜਿਨ੍ਹਾਂ ਨੂੰ ਵਿਚਾਰਨ ਲਈ ਐਤਵਾਰ ਸਵੇਰੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਬੈਠਕ 'ਚ ਸ਼ਨੀਵਾਰ ਰਾਤ ਦੇ ਫੈਸਲਿਆਂ 'ਤੇ ਚਰਚਾ ਕੀਤੀ ਜਾਵੇਗੀ।


ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 8 ਬੱਚੇ ਗਿਆਨ ਪਰਦਾਨ ਲਈ ਜਾਣਗੇ ਜਾਪਾਨ

ਐਡਵੋਕੇਟ ਧਾਮੀ ਨੇ ਸ਼ਨੀਵਾਰ ਰਾਤ ਨੂੰ ਕੀ ਫੈਸਲੇ ਲਏ ਗਏ ਇਸ ਬਾਰੇ ਬੋਲਣ ਤੋਂ ਇਨਕਾਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਐਤਵਾਰ ਸਵੇਰੇ ਕਰੀਬ 11 ਵਜੇ ਸ਼ੁਰੂ ਹੋਵੇਗੀ। ਦਰਅਸਲ, ਬਲਵੰਤ ਸਿੰਘ ਰਾਜੋਆਣਾ ਵੱਲੋਂ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਹਰਕਤ ਵਿੱਚ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਕਿਹਾ ਸੀ।


ਮੀਟਿੰਗ ਤੋਂ ਬਾਅਦ 30 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਬੁਲਾਈ ਗਈ, ਜਿਸ ਵਿੱਚ ਇਹ ਸਹਿਮਤੀ ਬਣੀ ਕਿ ਸ਼ਨੀਵਾਰ ਨੂੰ 11 ਜਥੇਬੰਦੀਆਂ ਇਕੱਠੇ ਬੈਠ ਕੇ ਫੈਸਲਾ ਲੈਣਗੀਆਂ। ਅੱਜ ਦੀ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਜਗਜੋਤ ਸਿੰਘ ਸੋਹੀ ਵੱਲੋਂ ਭਾਈ ਲਖਵਿੰਦਰ ਸਿੰਘ ਮੀਤ ਪ੍ਰਧਾਨ (ਆਨਲਾਈਨ), ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਸ਼ਾਸਕ  ਵਿਜੇ ਸਤਬੀਰ ਸਿੰਘ ਵੱਲੋਂ ਨੁਮਾਇੰਦੇ ਭਾਈ ਪਰਮਵੀਰ ਸਿੰਘ, ਦਿੱਲੀ ਦੇ ਸਿੱਖ ਆਗੂਪਰਮਜੀਤ ਸਿੰਘ ਸਰਨਾ,  ਮਨਜੀਤ ਸਿੰਘ ਜੀਕੇ, ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਵੱਲੋਂ ਬਾਬਾ ਹਰਪ੍ਰੀਤ ਸਿੰਘ, ਸ. ਜਸਵੰਤ ਸਿੰਘ ਪੁੜੈਣ ਅਤੇ ਵਿਸ਼ੇਸ਼ ਸੱਦੇ ਨੁਮਾਇੰਦਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਅਤੇ ਦਿੱਲੀ ਕਮੇਟੀ ਦੇ ਆਗੂ ਪਰਮਜੀਤ ਸਿੰਘ ਰਾਣਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ।