SGPC News: ਐਸਜੀਪੀਸੀ ਮੈਂਬਰਾਂ ਨੇ ਜਥੇਦਾਰਾਂ ਨੂੰ ਦਿੱਤਾ ਮੰਗ ਪੱਤਰ; ਨਰਾਇਣ ਸਿੰਘ ਚੌੜਾ ਨੂੰ ਪੰਥ `ਚੋਂ ਛੇਕਣ ਦੀ ਕੀਤੀ ਅਪੀਲ
SGPC News: ਐਸਜੀਪੀਸੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਮੰਗ ਪੱਤਰ ਦਿੱਤਾ ਹੈ।
SGPC News: ਐਸਜੀਪੀਸੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਮੰਗ ਪੱਤਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਨਰਾਇਣ ਸਿੰਘ ਚੌੜੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ ਕਿਉਂਕਿ ਗੋਲੀ ਸੁਖਬੀਰ ਬਾਦਲ ਦੇ ਨਹੀਂ ਵੱਜੀ ਬਲਕਿ ਗੋਲੀ ਸਿੱਧੀ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਡਿਓੜੀ ਉਤੇ ਵੱਜੀ ਹੈ ਅਤੇ ਇਸ ਗੋਲੀ ਨੇ ਦੁਬਾਰਾ ਤੋਂ 1984 ਦੀ ਯਾਦ ਦਵਾ ਦਿੱਤੀ ਹੈ, ਜਿਸ ਕਾਰਨ ਸਾਰਿਆਂ ਦੇ ਹਿਰਦੇ ਵਲੂੰਦਰੇ ਗਏ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਮੈਂਬਰਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਉਤੇ ਲੱਗੀ ਧਾਰਮਿਕ ਸੇਵਾ ਸਮਰਪਣ ਭਾਵਨਾ ਨਾਲ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਮਿਤੀ 4 ਦਸੰਬਰ 2024 ਨੂੰ ਨਰਾਇਣ ਸਿੰਘ ਚੌੜਾ ਵੱਲੋਂ ਕੀਤੇ ਗਏ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਓਢੀ ਦੇ ਥੰਮ੍ਹ ਉਪਰ ਗੋਲੀਆਂ ਲੱਗਣ ਨਾਲ ਉਨ੍ਹਾਂ ਨੂੰ ਗਹਿਰਾ ਮਾਨਸਿਕ ਦੁੱਖ ਪੁੱਜਾ ਹੈ।
ਇਹ ਹਮਲਾ ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ 'ਤੇ ਤੌਹੀਨ ਹੈ, ਉਥੇ ਹੀ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਦੀ ਵੱਡੀ ਬੇਅਦਬੀ ਅਤੇ ਇਸ ਦੀ ਰੂਹਾਨੀਅਤ ਨੂੰ ਖੰਡਿਤ ਕਰਨ ਵਾਲੀ ਕੋਝੀ ਹਰਕਤ ਵੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਤੇ ਦੁਨੀਆ ਭਰ ਦੇ ਸ਼ਰਧਾਲੂ ਨਤਮਸਤਕ ਹੋ ਕੇ ਆਪਣੀ ਆਤਮਿਕ ਤ੍ਰਿਪਤੀ ਦੇ ਨਾਲ ਨਾਲ ਸ਼ਾਂਤੀ, ਸਹਿਜ, ਸੇਵਾ ਭਾਵ ਜਿਹੇ ਗੁਣਾਂ ਨੂੰ ਆਪਣੇ ਅੰਦਰ ਸਮੋਅ ਕੇ ਲਿਜਾਂਦੇ ਹਨ। ਇਥੋਂ ਦੀਆਂ ਜੀਵਨ ਬਖਸ਼ਣ ਵਾਲੀਆਂ ਤਰੰਗਾਂ ਮਨੁੱਖ ਨੂੰ ਇੱਕ ਮੁਕੰਮਲ ਸਮਰਪਣ ਅਤੇ ਅਗੰਮੀ ਇਲਹਾਮ ਦਾ ਰਾਹ ਦਿਖਾਉਂਦੀਆਂ ਹਨ। ਅਜਿਹੇ ਪਾਵਨ ਅਸਥਾਨ ਵੱਲ ਹਮਲਾ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਤਾਰ-ਤਾਰ ਕਰਨ ਵਾਲਾ ਹੈ।
ਸਿੱਖ ਜਗਤ ਕੋਲੋਂ ਤਾਂ ਪਹਿਲਾਂ ਹੀ ਜੂਨ 1984 ਸਮੇਂ ਕਾਂਗਰਸ ਹਕੂਮਤ ਵੱਲੋਂ ਇਸ ਅਸਥਾਨ ਉਤੇ ਕੀਤੇ ਗਏ ਫੌਜੀ ਹਮਲੇ ਦਾ ਦਰਦ ਨਹੀਂ ਭੁੱਲਿਆ ਜਾ ਰਿਹਾ ਅਤੇ ਹੁਣ ਇਸ ਤਾਜਾ ਹਰਕਤ ਨਾਲ ਇਕ ਵਾਰ ਫਿਰ ਸਿੱਖਾਂ ਨੂੰ ਮਾਨਸਿਕ ਪੀੜਾ ਪੁੱਜੀ ਹੈ।
ਗੋਲੀ ਲੱਗਣ ਨਾਲ ਹੋਈ ਬੇਅਦਬੀ ਦਾ ਪਸਚਾਤਾਪ ਅਤੇ ਗੁਰੂ ਸਾਹਿਬ ਤੋਂ ਮੁਆਫੀ ਇੱਕ ਲੋੜੀਂਦਾ ਅਮਲ ਹੈ ਜਿਸ ਨੂੰ ਮੁਕੰਮਲ ਕਰਨ ਵਾਸਤੇ ਹਰ ਸਿੱਖ ਅਤੇ ਇਸ ਪਾਵਨ ਅਸਥਾਨ ਉਤੇ ਆਸਥਾ ਰੱਖਦਾ ਹਰ ਵਿਅਕਤੀ ਸਿੱਖ ਕੌਮ ਦੀ ਅਗਵਾਈ ਕਰਦੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਸ ਕਰਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਪੰਜ ਸਿੰਘ ਸਾਹਿਬਾਨ ਇਸ ਉਤੇ ਵਿਚਾਰ ਕਰਨ ਅਤੇ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਿਆ ਜਾਵੇ।