SGPC ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਦਾ ਨਾਂਅ ਬਦਲਣ `ਤੇ ਜਤਾਇਆ ਇਤਰਾਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਲੇ ਦਿਨ ਨੂੰ ਬਾਲ ਦਿਵਸ ਦਾ ਨਾਮ ਦੇਣ `ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਨੇ ਕੇਂਦਰ ਨੂੰ ਸਲਾਹ ਦਿੱਤੀ ਕਿ ਇਸ ਦਿਨ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਦਾ ਨਾਮ ਦਿੱਤਾ ਜਾਵੇ।
ਚੰਡੀਗੜ੍ਹ- ਬੀਤੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਨ ਮੌਕੇ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਸਮੇਂ ਵੀ ਇਤਰਾਜ਼ ਜਤਾਇਆ ਗਿਆ ਸੀ। ਉਸ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਦੇ ਲਈ ਇੱਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ, ਅਤੇ ਹੁਣ ਸਬ ਕਮੇਟੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਨੂੰ ਬਾਲ ਦਿਵਸ ਦਾ ਨਾਮ ਦੇਣ ਦੀ ਬਜਾਇ ਸਹਿਬਜ਼ਾਦੇ ਸ਼ਹਾਦਤ ਦਿਵਸ ਦੇ ਨਾਮ ਦਾ ਸੁਝਾਅ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰੈਸ ਕਾਨਫਰੰਸ ਰਾਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਦਾ ਨਾਮ ਬਾਲ ਦਿਵਸ ਦੀ ਬਜਾਇ ਸਹਿਬਜ਼ਾਦੇ ਸ਼ਹਾਦਤ ਦਿਵਸ ਰੱਖਣ ਦਾ ਐਲਾਨ ਕਰਨ।