ਚੰਡੀਗੜ੍ਹ: ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਦੇ ਮੌਕੇ ਮੱਧਪ੍ਰਦੇਸ਼ ਦੇ ਇੰਦੌਰ ’ਚ ਗੁਰਦੁਆਰਾ ਸਾਹਿਬ ’ਤੇ ਤਿਰੰਗਾ ਝੰਡਾ ਲਹਿਰਾ ਦਿੱਤਾ ਗਿਆ। ਇਸ ਮੁੱਦੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ ਪ੍ਰਗਟ ਕੀਤਾ ਹੈ। ਇਸ ਕਾਰਵਾਈ ’ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਰਪਰਾਵਾਂ ਦੇ ਹਵਾਲੇ ਨਾਲ ਜਾਂਚ ਦੇ ਆਦੇਸ਼ ਦਿੱਤੇ ਹਨ।


COMMERCIAL BREAK
SCROLL TO CONTINUE READING


ਗੁਰਦੁਆਰੇ ’ਚ ਸਿਰਫ਼ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ: ਧਾਮੀ
ਦਰਅਸਲ ਮੱਧਪ੍ਰਦੇਸ਼ ਦੇ ਇੰਦੌਰ ਤੋਂ ਇਕ ਤਸਵੀਰ ਸਾਹਮਣੇ ਆਈ ਹੈ। ਜਿਸ ’ਚ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ ’ਤੇ ਤਿਰੰਗਾ ਝੰਡਾ ਲਹਿਰਾਉਂਦਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਇਸ ਮਾਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਧਾਮੀ ਨੇ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਇਤਿਹਾਸਕ ਗੁਰਦੁਆਰਾ ਸਾਹਿਬ ’ਚ ਕੇਵਲ ਖ਼ਾਲਸਾ ਪੰਥ ਦਾ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ। 




ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਪ੍ਰਸ਼ਾਸਨ ਜਿਸਨੇ ਵੀ ਗਲਤੀ ਕੀਤੀ ਹੈ। ਉਹ ਇਸ ਘਟਨਾਕ੍ਰਮ ਲਈ ਜ਼ਿੰਮੇਵਾਰ ਹੈ। ਪ੍ਰਧਾਨ ਵਲੋਂ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। 



ਹਰਿਆਣਾ ’ਚ ਵੀ ਗੁਰੂ ਘਰਾਂ ’ਤੇ ਤਿਰੰਗਾ ਲਹਿਰਾਉਣ ਦਾ ਹੋਇਆ ਸੀ ਫ਼ੈਸਲਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਵਲੋਂ ਸੂਬੇ ਦੇ ਗੁਰਦੁਆਰਿਆਂ ’ਚ ਤਿਰੰਗਾ ਝੰਡਾ ਲਹਿਰਾਉਣ ਦੀ ਗੱਲ ਕਹੀ ਜਾ ਰਹੀ ਹੈ। ਇਸ ਗੱਲ ’ਤੇ ਐੱਸ. ਜੀ. ਪੀ. ਸੀ (SGPC) ਵਲੋਂ ਇਤਰਾਜ ਪ੍ਰਗਟ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣਾ ਪਿਆ ਸੀ।