SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ RSS ਮੁਖੀ ਦੇ 'ਸਾਰੇ ਭਾਰਤੀ ਹਿੰਦੂ' ਵਾਲੇ ਬਿਆਨ ਦਾ ਮੋੜਵਾਂ ਜਵਾਬ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਹੈ, ਇਸ ਦੀ ਪਛਾਣ ਨਿਰਾਲੀ ਹੈ ਜੋ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਦੇ ਬਿਆਨ ਦਾ ਜਵਾਬ ਦਿੰਦਿਆਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ, ਜਗਰਾਓਂ ਵਿਖੇ ਨਵੇਂ ਦਰਬਾਰ ਹਾਲ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪੁੱਜੇ ਹੋਏ ਸਨ।


COMMERCIAL BREAK
SCROLL TO CONTINUE READING

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਆਏ ਦਿਨ ਆਰਐਸਐਸ ਆਗੂ ਮੋਹਨ ਭਾਗਵਤ ਆਪਣੇ ਮਨ ਨੂੰ ਧਰਵਾਸ ਦੇਣ ਲਈ ਭਾਰਤ 'ਚ ਰਹਿਣ ਵਾਲੇ ਹਰ ਵਿਅਕਤੀ ਨੂੰ ਹਿੰਦੂ ਹੋਣ ਦਾ ਫਤਵਾ ਦੇ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ਵਾਲੇ ਇਹਨਾਂ ਲੋਕਾਂ ਨੂੰ ਇੱਕ ਵਾਰ ਭਾਰਤ ਅਤੇ ਖਾਸਕਰ ਸਿੱਖਾਂ ਦਾ ਇਤਿਹਾਸ ਜਰੂਰ ਪੜ੍ਹ ਲੈਣਾ ਚਾਹੀਦਾ ਹੈ।


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਭਾਰਤ ਵਿੱਚ ਰਹਿਣ ਵਾਲੇ ਸਾਰੇ ਲੋਕ ਹਿੰਦੂ ਨਹੀਂ ਹਨ ਅਤੇ ਸਿੱਖਾਂ ਦਾ ਆਪਣਾ ਵਿਲੱਖਣ ਖਾਸਾ ਹੈ, ਜਿਸ ਨੂੰ ਕੋਈ ਵੀ ਰਲਗੱਡ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਕਿਸੇ ਇੱਕ ਧਰਮ ਦਾ ਨਹੀਂ ਹੈ ਅਤੇ ਸਿੱਖ ਹਮੇਸ਼ਾ ਆਪਣੇ ਧਰਮ ਦੀਆਂ ਰਵਾਇਤਾਂ ਅਨੁਸਾਰ ਦੇਸ਼ ਲਈ ਖੜਦੇ ਹਨ। ਧਾਮੀ ਨੇ ਅੱਗੇ ਇਹ ਵੀ ਕਿਹਾ ਕਿ ਹਰ ਸੰਕਟ ਸਮੇਂ ਸਿੱਖਾਂ ਦੇ ਯੋਗਦਾਨ ਨੂੰ ਘੱਟ ਕਰਕੇ ਨਹੀਂ ਦੇਖਿਆ ਜਾ ਸਕਦਾ। ਉਨ੍ਹਾਂ ਆਰਐਸਐਸ ਮੁਖੀ ਨੂੰ ਵਿਵਾਦਤ ਬਿਆਨ ਦੇਣ ਤੋਂ ਸੰਕੋਚ ਕਰਨ ਦੀ ਸਲਾਹ ਦਿੱਤੀ।


ਇਸੇ ਦੌਰਾਨ ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ ਵਿਖੇ ਨਵੇਂ ਬਣੇ ਦਰਬਾਰ ਹਾਲ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਕਾਰਜ ਕਰਵਾਉਦੀਂ ਰਹਿੰਦੀ ਹੈ। ਇਸੇ ਦੇ ਤਹਿਤ ਹੀ ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ ਦਾ ਨਵਾਂ ਦਰਬਾਰ ਤਿਆਰ ਕਰਵਾਇਆ ਗਿਆ ਹੈ। 


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਕਿਹਾ ਕਿ ਅੱਜ ਖੁਸ਼ੀ ਦਾ ਦਿਨ ਹੈ ਜਦੋਂ ਕਾਰ ਸੇਵਾ ਉਪਰੰਤ ਗੁਰਦੁਆਰਾ ਸਾਹਿਬ ਦੇ ਤਿਆਰ ਹੋਏ ਦਰਬਾਰ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਸੰਗਤ ਨੇ ਇਸ ਸੇਵਾ ਵਿਚ ਵਧ ਚੜ੍ਹ ਕੇ ਹਿੱਸਾ ਪਾਇਆ ਹੈ ਅਤੇ ਭਵਿੱਖ ਵਿਚ ਵੀ ਸੰਗਤ ਦੀ ਭਾਵਨਾ ਅਨੁਸਾਰ ਲੋੜੀਂਦੀਆਂ ਸੇਵਾਵਾਂ ਜਾਰੀ ਰਹਿਣਗੀਆਂ। ਭਾਈ ਗਰੇਵਾਲ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।


ਇਹ ਵੀ ਪੜ੍ਹੋ: Guru Nanak Dev Ji Viah Purab: ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਦੀ ਨੂੰ ਲੈਕੇ ਤਿਆਰੀਆਂ ਸ਼ੁਰੂ, SGPC ਮੈਂਬਰਾਂ ਨੇ ਕੀਤੀ ਮੀਟਿੰਗ