MC Election: ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਵੱਡੇ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀ
MC Election: ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।
MC Election: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਵਿਚ ਹੋਣ ਵਾਲੀਆਂ 5 ਨਗਰ ਨਿਗਮਾਂ ਦੀਆਂ ਚੋਣਾਂ ਲਈ ਪਾਰਟੀ ਦੇ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਰੀਸ਼ ਰਾਏ ਢਾਂਡਾ ਨੂੰ ਜਲੰਧਰ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ।
ਇਸੇ ਤਰ੍ਹਾਂ ਬਿਕਰਮ ਸਿੰਘ ਮਜੀਠੀਆ ਤੇ ਗੁਲਜ਼ਾਰ ਸਿੰਘ ਰਣੀਕੇ ਨੂੰ ਅੰਮ੍ਰਿਤਸਰ ਲਈ, ਬਲਦੇਵ ਸਿੰਘ ਖਹਿਰਾ ਨੂੰ ਫਗਵਾੜਾ, ਮਨਤਾਰ ਸਿੰਘ ਬਰਾੜ ਤੇ ਐੱਸ. ਆਰ. ਕਲੇਰ ਨੂੰ ਲੁਧਿਆਣਾ ਅਤੇ ਐੱਨ. ਕੇ. ਸ਼ਰਮਾ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ ’ਤਕੜੀ’ ’ਤੇ ਹੀ ਇਹ ਚੋਣਾਂ ਲੜੇਗਾ।
ਦੱਸਦਈਏ ਕਿ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ 9 ਦਸੰਬਰ ਤੋਂ ਸ਼ੁਰੂ ਹੋਵੇਗੀ ਅਤੇ ਇਸ ਦੇ ਨਾਲ ਹੀ 12 ਦਸੰਬਰ ਨਾਮਜ਼ਦਗੀ (Municipal Corporation elections) ਭਰਨ ਦੀ ਆਖ਼ਰੀ ਮਿਤੀ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ।