ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਯੂਥ ਵਿੰਗ ਦੀ ਅਹਿਮ ਮੀਟਿੰਗ ਸੱਦੀ
ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਵੱਧ ਤੋਂ ਵੱਧ ਨੌਜਾਵਾਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ `ਤੇ ਅਗਾਮੀ ਲੋਕ ਸਭਾ ਹਲਕਾ ਸੰਗਰੂਰ ਜਿ਼ਮਨੀ ਚੋਣ ਵਿੱਚ ਪਾਰਟੀ ਦਾ ਯੂਥ ਵਿੰਗ ਪੂਰੀ ਤਰ੍ਹਾਂ ਸਰਗਰਮ ਹੈ। ਇਸ ਦੇ ਤਹਿਤ ਪਾਰਟੀ ਦੇ ਯੂਥ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਆਉਣੀ ਵਾਲੀ 17 ਜੂਨ ਦਿਨ ਸ਼ੁਕੱਰਵਾਰ ਨੂੰ ਸੰਗਰੂਰ ਜਿ਼ਮਨੀ ਚੋਣ ਦੀ ਰੂਪ-ਰੇਖਾ ਉਲੀਕਣ ਅਤੇ ਚੋਣ ਪ੍ਰਚਾਰ ਤੇਜ਼ ਕਰਨ ਲਈ ਸੰਗਰੂਰ ਵਿਖੇ ਪਾਰਟੀ ਦੇ ਯੂਥ ਵਿੰਗ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਮਨਪ੍ਰੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਮੀਟਿੰਗ ਵਿੱਚ ਪਾਰਟੀ ਦੇ ਸਮੁੱਚੇ ਯੂਥ ਆਗੂ ਸ਼ਾਮਿਲ ਹੋਣਗੇ।
ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਵੱਧ ਤੋਂ ਵੱਧ ਨੌਜਾਵਾਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ।
ਤਲਵੰਡੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਜਿ਼ਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਲੋਕ ਵਿਰੋਧੀ ਆਮ ਆਦਮੀ ਪਾਰਟੀ, ਕਾਂਗਰਸ ਅਤੇ ਬਾਦਲ ਦਲ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਕੇਵਲ ਸਿੰਘ ਢਿੱਲੋਂ ਦੀ ਜਿੱਤ ਯਕੀਨੀ ਬਣਾਵੇਗਾ।