Shiromani Akali Dal News: ਸ਼੍ਰੋਮਣੀ ਅਕਾਲੀ ਦਲ ਨੇ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਫ਼ੈਸਲਾ ਲਿਆ ਹੈ ਤੇ ਪਾਰਟੀ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ਆਪੇ ਗੁਰ ਚੇਲਾ ਨਗਰ ਕੀਰਤਨ ਸਜਾਏਗੀ। ਇਸ ਬਾਰੇ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੀਤੀ ਗਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।


COMMERCIAL BREAK
SCROLL TO CONTINUE READING

ਕੋਰ ਕਮੇਟੀ ਨੇ ਫ਼ੈਸਲਾ ਕੀਤਾ ਕਿ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰ ਕੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਿਸਾਨਾਂ, ਸਮਾਜ ਦੇ ਕਮਜ਼ੋਰ ਵਰਗਾਂ, ਉਦਯੋਗ ਤੇ ਵਪਾਰ, ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਨਾਲ ਕੀਤੇ ਧੋਖੇ ਨੂੰ ਬੇਨਕਾਬ ਕਰੇਗੀ।


ਇਹ ਵੀ ਫੈਸਲਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਤੇ ਉਹ ਹਰ ਹਲਕੇ ਵਿੱਚ ਦੋ ਦਿਨ ਗੁਜ਼ਾਰਨ ਸਮੇਤ ਸਾਰੇ 117 ਹਲਕਿਆਂ ਨੂੰ ਕਵਰ ਕਰਨਗੇ। ਪੰਜਾਬ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬੁਲੰਦ ਕਰਨ ਲਈ ਸਾਰੇ ਪ੍ਰਮੁੱਖ ਕਸਬਿਆਂ ਤੇ ਸ਼ਹਿਰਾਂ ਵਿਚ ਸੈਮੀਨਾਰ ਕਰਵਾਏ ਜਾਣਗੇ। ਮੀਟਿੰਗ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਜਿਸ ਤਰੀਕੇ ਸੰਘੀ ਢਾਂਚਾ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਉਸੇ ਤਰੀਕੇ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਪੰਜਾਬ ਨੂੰ ਰਾਜਧਾਨੀ  ਅਤੇ ਦਰਿਆਈ ਪਾਣੀਆਂ ਤੋਂ ਵਿਰਵਾ ਕਰਨ ਸਣੇ ਇਸਦੇ ਸਾਰੇ ਮੁੱਦਿਆਂ ਉਤੇ ਸੈਮੀਨਾਰਾਂ ਵਿੱਚ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਇਹ ਸੈਮੀਨਾਰ ਕਰਵਾਉਣ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਹਰਚਰਨ ਸਿੰਘ ਗਰੇਵਾਲ ਦੀ ਸ਼ਮੂਲੀਅਤ ਵਾਲੀ ਕਮੇਟੀ ਦਾ ਗਠਨ ਵੀ ਕੀਤਾ ਗਿਆ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਿਨ੍ਹਾਂ ਨੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ, ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ ਉਹ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਆਪੇ ਗੁਰ ਚੇਲਾ ਮਾਰਚ ਕੱਢੇਗੀ।


ਕੋਰ ਕਮੇਟੀ ਨੇ ਇਸ ਫ਼ੈਸਲਾ ਦੀ ਸ਼ਲਾਘਾ ਕਰਦਿਆਂ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਹ ਵੀ ਫ਼ੈਸਲਾ ਲਿਆ ਗਿਆ ਕਿ ਪਾਰਟੀ ਦੇ ਐਸਸੀ ਤੇ ਬੀਸੀ ਵਿੰਗਾਂ ਤੋਂ ਇਲਾਵਾ ਯੂਥ ਅਕਾਲੀ ਦਲ ਤੇ ਇਸਤਰੀ ਅਕਾਲੀ ਦਲ ਵੀ ਇਸ ਮਾਰਚ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਗੇ।


ਇਸ ਤੋਂ ਇਲਾਵਾ ਇਹ ਵੀ ਫ਼ੈਸਲਾ ਲਿਆ ਗਿਆ ਕਿ ਇਸਤਰੀ ਅਕਾਲੀ ਦਲ 12 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਕਾਨਫਰੰਸ ਕਰੇਗੀ ਤੇ ਅਕਾਲੀ ਦਲ ਉਸੇ ਥਾਂ ’ਤੇ 14 ਜਨਵਰੀ ਨੂੰ ਕਾਨਫਰੰਸ ਕਰੇਗਾ। ਕੋਰ ਕਮੇਟੀ ਦੀ ਮੀਟਿੰਗ ਮਗਰੋਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ, ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਬਾਰੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰੇ ਮਾਮਲੇ ਦੀ ਘੋਖ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਹੀ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਿਰਾਂ ਨਾਲ ਰਾਇ ਮਸ਼ਵਰਾ ਕੀਤਾ ਹੈ ਤੇ ਉਹ ਮਾਮਲੇ ਵਿੱਚ ਢੁਕਵੀਂ ਕਾਰਵਾਈ ਕਰਨਗੇ।


ਇਹ ਵੀ ਪੜ੍ਹੋ : Chandigarh Tricity Cab Drivers Strike: ਟ੍ਰਾਈਸਿਟੀ 'ਚ ਅੱਜ ਨਹੀਂ ਮਿਲੇਗੀ ਕੈਬ! ਹਿੱਟ ਐਂਡ ਰਨ ਕਾਨੂੰਨ ਖਿਲਾਫ਼ ਹੜਤਾਲ 'ਤੇ ਗਏ ਕੈਬ ਚਾਲਕ