ਚੰਡੀਗੜ: ਜਬਰ ਜਨਾਹ ਮਾਮਲੇ 'ਚ ਨਾਮਜ਼ਦ ਆਤਮ ਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸਾਰੇ 7 ਮੁਲਜ਼ਮਾਂ ਦੀਆਂ ਜਾਇਦਾਦਾਂ ਇਸ ਕੇਸ ਨਾਲ ਅਟੈਚ ਕਰ ਲਈਆਂ ਗਈਆਂ ਹਨ। ਉਨ੍ਹਾਂ ਦੇ ਬੈਂਕ ਖਾਤੇ ਵੀ ਸੀਲ ਕਰ ਦਿੱਤੇ ਗਏ ਹਨ। ਅਦਾਲਤ ਦੇ 4 ਜੁਲਾਈ ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਪੁਲੀਸ ਨੇ ਸਿਮਰਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਬਲਜਿੰਦਰ ਕੌਰ ਅਤੇ ਸੁਖਚੈਨ ਸਿੰਘ ਦੀ ਜਾਇਦਾਦ ਦੀ ਰਿਪੋਰਟ ਵੀ ਅਦਾਲਤ ਵਿਚ ਪੇਸ਼ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

 


ਸਬੰਧਤ ਤਹਿਸੀਲਦਾਰ ਨੂੰ ਅਦਾਲਤੀ ਹੁਕਮਾਂ ਦੀ ਕਾਪੀ ਦੇ ਕੇ ਸੂਚਿਤ ਕੀਤਾ ਗਿਆ ਹੈ ਕਿ ਇਸ ਜਾਇਦਾਦ ਨੂੰ ਖਰੀਦਿਆ ਜਾਂ ਵੇਚਿਆ ਨਹੀਂ ਜਾ ਸਕਦਾ। ਪੁਲੀਸ ਨੇ ਬਾਕੀ ਮੁਲਜ਼ਮਾਂ ਦੀਆਂ ਜਾਇਦਾਦਾਂ ਦੀ ਸੂਚੀ ਵੀ ਤਿਆਰ ਕਰ ਲਈ ਹੈ। ਸੰਯੁਕਤ ਪੁਲਿਸ ਕਮਿਸ਼ਨਰ ਦਿਹਾਤੀ ਰਵਚਰਨ ਸਿੰਘ ਬਰਾੜ ਨੇ ਦੱਸਿਆ ਹੈ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਅਜੇ ਤੱਕ ਜਾਇਦਾਦ ਜ਼ਬਤ ਕਰਨ ਦਾ ਕੋਈ ਹੁਕਮ ਨਹੀਂ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਜਾਇਦਾਦ ਜ਼ਬਤ ਕਰ ਲਈ ਜਾਵੇਗੀ।


 


ਕੀ ਹੈ ਪੂਰਾ ਮਾਮਲਾ


ਜ਼ਿਕਰਯੋਗ ਹੈ ਕਿ ਵਿਧਾਇਕ ਹੁੰਦਿਆਂ ਸਿਮਰਜੀਤ ਸਿੰਘ ਬੈਂਸ 'ਤੇ ਪਲਾਟ ਦੇ ਵਿਵਾਦ ਨੂੰ ਸੁਲਝਾਉਣ ਦੇ ਨਾਂ 'ਤੇ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਲੱਗੇ ਹਨ। ਇਹ ਕੇਸ ਪਿਛਲੇ ਸਾਲ 10 ਜੁਲਾਈ ਨੂੰ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਅਜੇ ਤੱਕ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਸੁਪਰੀਮ ਕੋਰਟ ਵੱਲੋਂ ਬੈਂਸ ਦੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਹੁਣ ਤੱਕ ਬੈਂਸ ਦੇ ਭਰਾ ਕਰਮਜੀਤ ਸਿੰਘ ਅਤੇ ਪ੍ਰਾਪਰਟੀ ਡੀਲਰ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।


 


ਨਿਆਂਇਕ ਹਿਰਾਸਤ ਵਿਚ ਬੈਂਸ ਦੇ ਭਰਾ ਕਰਮਜੀਤ ਸਿੰਘ


ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਵੀਰਵਾਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲੀਸ ਨੇ ਮੁੜ ਅਦਾਲਤ ਨੂੰ ਮੋਬਾਈਲ ਬਰਾਮਦ ਹੋਣ ਬਾਰੇ ਦੱਸਿਆ ਅਤੇ ਰਿਮਾਂਡ ਵਧਾਉਣ ਦੀ ਮੰਗ ਕੀਤੀ। ਅਦਾਲਤ ਨੇ ਇਸ ਵਾਰ ਰਿਮਾਂਡ ਵਧਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਰਮਜੀਤ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।


 


WATCH LIVE TV