Sri Akal Takhat Sahib Jathedar Giani Harpreet Singh news: ਜਿੱਥੇ ਪੰਜਾਬ ਪੁਲਿਸ (Punjab Police) ਵੱਲੋਂ 'ਵਾਰਿਸ ਪੰਜਾਬ ਦੇ' ਦੇ ਮੁਖੀ ਅਮ੍ਰਿਤਪਾਲ ਸਿੰਘ (Amritpal Singh news) ਦੇ ਖਿਲਾਫ ਕਾਰਵਾਈ ਕੀਤੀ ਆ ਰਹੀ ਹੈ ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿੱਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਚੰਗੇਰੇ ਭਵਿੱਖ ਵੱਲ ਤੁਰਨ ਦੀ ਲੋੜ ਹੈ।


ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਚੇਤਿਆਂ ਵਿੱਚ ਅਤੀਤ ਦੀਆਂ ਹਕੂਮਤਾਂ ਦੇ ਜਬਰ ਦੇ ਡੂੰਘੇ ਜ਼ਖ਼ਮ ਮੌਜੂਦ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਕਦੇ ਵੀ ਕਿਸੇ ਸਰਕਾਰ ਨੇ ਗੰਭੀਰਤਾ ਨਹੀਂ ਅਪਨਾਈ।ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ ਕਿ ਸਿੱਖ ਨੌਜਵਾਨ ਮਾਨਸਿਕਤਾ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਵਿਤਕਰੇਬਾਜ਼ੀਆਂ ਤੇ ਵਧੀਕੀਆਂ ਦੇ ਖਿਲਾਫ ਡਾਢਾ ਅਸੰਤੋਸ਼ ਮੌਜੂਦ ਹੈ ਪਰ ਸਿੱਖ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਦਿਸ਼ਾਹੀਣ ਕਰਨ ਅਤੇ ਬਲੀ ਦੇ ਬੱਕਰੇ ਬਣਾਉਣ ਲਈ ਵੀ ਵੱਡੀਆਂ ਸ਼ਕਤੀਆਂ ਲਗਾਤਾਰ ਮੌਕੇ ਦੀ ਤਾਕ ਵਿੱਚ ਰਹਿੰਦੀਆਂ ਹਨ।


ਉਨ੍ਹਾਂ ਸਿੱਖ ਨੌਜਵਾਨਾਂ ਨੂੰ ਵੀ ਟਕਰਾਅ ਦਾ ਰਾਹ ਅਪਨਾਉਣ ਦੀ ਬਜਾਇ ਆਪਣੇ ਬੌਧਿਕ ਤੇ ਅਕਾਦਮਿਕ ਕਾਇਆ-ਕਲਪ ਵਾਲੇ ਰਾਹ 'ਤੇ ਤੁਰਨ ਦੀ ਸਲਾਹ ਦਿੰਦਿਆਂ ਕੌਮ ਦੇ ਸੁਨਹਿਰੇ ਭਵਿੱਖ ਨੂੰ ਸੰਭਾਲਣ ਦਾ ਸੱਦਾ ਦਿੱਤਾ। 


ਇਹ ਵੀ ਪੜ੍ਹੋ: ਵੱਡੀ ਖ਼ਬਰ: ਜਾਣੋ ਪੰਜਾਬ 'ਚ ਕਦੋਂ ਤੱਕ ਬੰਦ ਰਹੇਗਾ ਇੰਟਰਨੈੱਟ; ਨਵੇਂ ਹੁਕਮ ਜਾਰੀ


ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀਆਂ ਸਥਾਪਤੀਆਂ ਦੀ ਵਿਉਂਤਬੰਦੀ ਬੜੀ ਜ਼ਹੀਨ ਹੁੰਦੀ ਹੈ, ਜਿਸ ਕਰਕੇ ਨੌਜਵਾਨਾਂ ਨੂੰ ਕਿਸੇ ਵੀ ਅਜਿਹੇ ਬਹਿਕਾਵੇ ਵਿੱਚ ਆਉਣ ਤੋਂ ਸੰਕੋਚ ਕਰਨਾ ਚਾਹੀਦਾ ਹੈ, ਜਿਸ ਨਾਲ ਸਰਕਾਰਾਂ ਨੂੰ ਸਿੱਖ ਨੌਜਵਾਨੀ ਦਾ ਦਮਨ ਕਰਨ ਦਾ ਮੌਕਾ ਮਿਲਦਾ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨੂੰ ਧਾਰਮਿਕ ਤੇ ਰਾਜਨੀਤਕ ਤੌਰ 'ਤੇ ਕਮਜ਼ੋਰ ਕਰਨ ਦੀ ਨੀਤੀ ਸਿੱਖਾਂ ਅੰਦਰ ਖਲਾਅ ਤੇ ਬੇਚੈਨੀ ਪੈਦਾ ਕਰਦੀ ਹੈ ਅਤੇ ਇਹ ਅਮਲ ਨਾ ਤਾਂ ਸਰਕਾਰਾਂ ਦੇ ਅਤੇ ਨਾ ਹੀ ਪੰਜਾਬ ਦੇ ਹਿੱਤ ਵਿਚ ਹੈ। ਇਸ ਬਾਰੇ ਸਾਨੂੰ ਸਭ ਨੂੰ ਸੋਚਣ ਦੀ ਲੋੜ ਹੈ।


ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਭਗੌੜਾ ਕਰਾਰ ! ਪੰਜਾਬ ਦੇ ਸਾਰੇ ਐਂਟਰੀ ਪੁਆਇੰਟ ਕੀਤੇ ਗਏ ਸੀਲ, ਵੱਡੀ ਗਿਣਤੀ 'ਚ ਜਵਾਨ ਤਾਇਨਾਤ


(For more news apart from Sri Akal Takhat Sahib Jathedar Giani Harpreet Singh, stay tuned to Zee PHH)