Sri Muktsar Sahib: ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਰਾਜ ਪੱਧਰੀ ਸ਼ੁਰੂਆਤੀ ਸਮਾਗਮ ਦੌਰਾਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਲਗਾਏ ਗਏ ਕੈਂਪ ਮੌਕੇ ਕੀਤਾ।


COMMERCIAL BREAK
SCROLL TO CONTINUE READING

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਕੈਂਸਰ ਜਿਹੀ ਭਿਆਨਕ ਬਿਮਾਰੀ ਤੋਂ ਬਚਾਉਣਾ ਹੈ, ਇਸ ਕੈਂਪ ਵਿੱਚ ਕੈਂਸਰ ਦੀ ਸਕਰੀਨਿੰਗ ਸਬੰਧੀ 500 ਤੋਂ ਵੱਧ ਔਰਤਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਅਤੇ ਲੜਕੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਰੋਜ਼ਗਾਰ ਸਬੰਧੀ 209 ਲੜਕੀਆਂ ਵੱਲੋਂ ਪਲੇਸਮੈਂਟ ਕੈਂਪ ਵਿੱਚ ਭਾਗ ਲਿਆ ਗਿਆ ਅਤੇ ਮੌਕੇ ’ਤੇ ਹੀ 134 ਲੜਕੀਆਂ ਦੀ 07 ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ। 


ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਔਰਤਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਸੁਵਿਧਾਵਾਂ ਇਕੱਠੀਆਂ ਕੀਤੀਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ ਜਿਵੇਂ ਕਿ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ, ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਰੋਜ਼ਗਾਰ ਸਬੰਧੀ ਪਲੇਸਮੈਂਟ ਕੈਂਪ, ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗਾ ਕਲਾਸ ਆਦਿ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ।


ਉਨ੍ਹਾਂ ਕਿਹਾ ਕਿ ਵਿਧਵਾ ਔਰਤਾਂ ਨੂੰ ਉਨ੍ਹਾਂ ਦੇ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਤਹਿਤ 4000 ਰੁਪਏ ਪ੍ਰਤੀ ਮਹੀਨਾ ਪ੍ਰੋਤਸਾਹਨ ਰਾਸ਼ੀ, ਘੱਟ ਵਿਆਜ ਦਰ ’ਤੇ ਲੋਨ ਦੀ ਸੁਵਿਧਾ ਆਦਿ ਸਹੂਲਤਾਂ ਵੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ 132 ਲਾਭਪਾਤਰੀਆਂ ਨੂੰ 51000 ਪ੍ਰਤੀ ਲਭਾਪਾਤਰੀ ਦੇ ਹਿਸਾਬ ਨਾਲ 67 ਲੱਖ 32 ਹਜ਼ਾਰ ਰੁਪਏ ਦੇ ਚੈੱਕ ਅਸ਼ੀਰਵਾਦ ਸਕੀਮ ਤਹਿਤ ਤਕਸੀਮ ਕੀਤੇ ਗਏ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਸੂਬੇ ਦੇ ਹਰ ਜ਼ਿਲ੍ਹੇ ਇਸ ਤਰ੍ਹਾਂ ਦੇ ਕੈਂਪ ਲਗਾਉਣਾ ਹੈ ਤਾਂ ਜੋ ਕੋਈ ਵੀ ਔਰਤ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਤੋਂ ਵਾਂਝੀ ਨਾ ਰਹੇ ਅਤੇ ਹਰ ਇੱਕ ਔਰਤ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।


ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਵੱਲੋਂ 149 ਖਿਡਾਰੀਆਂ ਨੂੰ ਟਰੈਕ ਸੂਟ, 100 ਲੜਕੀਆਂ ਸਕੂਲੀ ਬੈਗ ਅਤੇ ਪਾਣੀ ਦੀਆਂ ਬੋਤਲਾਂ ਅਤੇ ਸਪਾਂਸਿਰਸ਼ਿਪ ਸਕੀਮ ਤਹਿਤ ਲਾਭਪਾਤਰੀਆਂ ਨੂੰ ਟੀ-ਸ਼ਰਟ ਅਤੇ ਬੈਗ ਵੀ ਵੰਡੇ ਗਏ।