Ludhiana News: ਗਿਆਸਪੁਰਾ ਦੇ ਪ੍ਰਾਇਮਰੀ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਨੂੰ ਲੈ ਕੇ ਵੱਡਾ ਵਿਵਾਦ ਪੈਦਾ ਹੋ ਗਿਆ ਹੈ।
Trending Photos
Ludhiana News: ਲੁਧਿਆਣਾ ਗਿਆਸਪੁਰਾ ਦੇ ਪ੍ਰਾਇਮਰੀ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਨੂੰ ਲੈ ਕੇ ਵੱਡਾ ਵਿਵਾਦ ਪੈਦਾ ਹੋ ਗਿਆ ਹੈ। ਇੱਕ ਪਾਸੇ ਜਿੱਥੇ ਅਧਿਕਾਰਕ ਤੌਰ ਉਤੇ ਸਕੂਲ ਦੇ ਵਿੱਚ ਵਿਦਿਆਰਥੀਆਂ ਦੀ ਗਿਣਤੀ 5700 ਦੇ ਕਰੀਬ ਹੈ। ਦੂਜੇ ਪਾਸੇ ਸਕੂਲ ਦੇ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਚੈਕਿੰਗ ਕੀਤੀ ਉਸ ਦੌਰਾਨ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡਾ ਫੇਰ ਬਦਲ ਵੇਖਣ ਨੂੰ ਮਿਲਿਆ ਹੈ।
ਜਦ ਜਾਂਚ ਕਮੇਟੀ ਨੇ ਜਾਂਚ ਕੀਤੀ ਉਸ ਸਮੇਂ ਵੀ ਬੱਚਿਆਂ ਦੀ ਗਿਣਤੀ ਵਿੱਚ ਵੱਡਾ ਫਰਕ ਨਜ਼ਰ ਆਇਆ। ਸਕੂਲ ਦੀ ਮੌਜੂਦਾ ਪ੍ਰਿੰਸੀਪਲ ਨਿਸ਼ਾ ਰਾਣੀ ਉਤੇ ਇਲਜ਼ਾਮ ਵੀ ਲੱਗੇ ਹਨ ਕਿ ਉਨ੍ਹਾਂ ਵੱਲੋਂ 5700 ਵਿਦਿਆਰਥੀਆਂ ਦੇ ਹਿਸਾਬ ਨਾਲ ਵਰਦੀਆਂ ਤੇ ਮਿਡ ਡੇ ਮੀਲ ਦਾ ਰਾਸ਼ਨ ਮੰਗਵਾਇਆ ਜਾ ਰਿਹਾ ਹੈ ਪਰ ਉਨ੍ਹਾਂ ਦੀ ਗਿਣਤੀ ਚੈਕਿੰਗ ਕਰਨ ਉਤੇ ਕਾਫੀ ਘੱਟ ਹੈ।
ਇਸ ਸਬੰਧੀ ਪ੍ਰਾਇਮਰੀ ਲੁਧਿਆਣਾ ਦੀ ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਨੇ ਕਿਹਾ ਹੈ ਕਿ ਇਸ ਸਬੰਧੀ ਕਾਰਵਾਈ ਕਰਦੇ ਹੋਏ ਸਕੂਲ ਦੀ ਪ੍ਰਿੰਸੀਪਲ ਨੂੰ ਸਸਪੈਂਡ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਗੇ ਵਿਭਾਗੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਇਸ ਦੀ ਵਿਜੀਲੈਂਸ ਜਾਂਚ ਵੀ ਕਰਵਾਈ ਜਾਵੇਗੀ ਕਿਉਂਕਿ ਘਪਲਾ ਕਾਫੀ ਵੱਡਾ ਨਜ਼ਰ ਆ ਰਿਹਾ ਹੈ ਪਰ ਫਿਲਹਾਲ ਟੀਮ ਦਾ ਗਠਨ ਕੀਤਾ ਹੈ ਜੋ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਕਈ ਵਾਰ ਸਕੂਲ ਜਾਣ ਦੇ ਬਾਵਜੂਦ ਉਨ੍ਹਾਂ ਲੋੜੀਂਦੀ ਗਿਣਤੀ ਵਿੱਚ ਵਿਦਿਆਰਥੀ ਨਹੀਂ ਮਿਲੇ ਹਨ। ਗਿਆਸਪੁਰਾ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਨੂੰ ਲੈ ਕੇ ਵੱਡੇ ਹੇਰਫੇਰ ਦੇ ਮਾਮਲੇ ਵਿਚ ਜਾਂਚ ਕਰ ਰਹੀ ਕਮੇਟੀ ਵੱਲੋਂ ਜਦ ਜਾਂਚ ਕੀਤੀ ਜਾ ਰਹੀ ਸੀ। ਉਸ ਦੌਰਾਨ ਸਕੂਲ ਦੀ ਪ੍ਰਿੰਸੀਪਲ ਬੇਹੋਸ਼ ਹੋ ਕੇ ਡਿੱਗ ਗਈ ਅਤੇ ਉਸ ਨੂੰ ਹਸਪਤਾਲ ਲੈ ਕੇ ਗਿਆ ਜਿੱਥੇ ਕਿ ਉਸ ਨੇ ਇਲਾਜ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਟਾਫ ਨੂੰ ਤੰਗ ਕੀਤਾ ਜਾ ਰਿਹਾ ਤੇ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਉਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ। ਇਸ ਦੌਰਾਨ ਅਧਿਆਪਕਾਂ ਦੀ ਇੱਕ ਜਥੇਬੰਦੀ ਨੇ ਜ਼ਿਲ੍ਹਾ ਸਿੱਖਿਆ ਅਫਸਰ ਤੇ ਰਾਜ ਅਫਸਰ ਖਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਸਾਰੇ ਜੋ ਦੋਸ਼ ਲਗਾਏ ਜਾ ਰਹੇ ਹਨ ਉਹ ਸਰਾਸਰ ਗਲਤ ਹਨ। ਦੂਜੇ ਪਾਸੇ ਅਧਿਆਪਕ ਜਥੇਬੰਦੀਆਂ ਦੇ ਆਗੂ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਦੀ ਹਮਾਇਤ ਵਿੱਚ ਆ ਗਏ ਹਨ। ਉਨ੍ਹਾਂ ਨੇ ਜਾਂਚ ਕਮੇਟੀ ਦੇ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ।