Sukhbir Badal News: ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼; ਜਾਣੋ ਕੀ ਦਿੱਤਾ ਸਪੱਸ਼ਟੀਕਰਨ?
Sukhbir Badal News: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਅਤੇ ਸਪੱਸ਼ਟੀਕਰਨ ਪੇਸ਼ ਕੀਤਾ।
Sukhbir Badal News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਅਕਾਲੀ ਦਲ ਦੇ ਬਾਗ਼ੀ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੇ ਮੁਆਫੀਨਾਮੇ ਮਗਰੋਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਤਲਬ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ।
ਸੁਖਬੀਰ ਬਾਦਲ ਨੇ ਲਿਖਤੀ ਬੰਦ ਲਿਫਾਫੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਜਵਾਬ ਸੌਂਪਿਆ। ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ।
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਅੱਜ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਸਨ ਤੇ ਉਨ੍ਹਾਂ ਦਾ ਲਿਖਤੀ ਸਪੱਸ਼ਟੀਕਰਨ ਲਿਆ ਗਿਆ ਹੈ। ਸਪੱਸ਼ਟੀਕਰਨ ਸਬੰਧੀ ਆਉਣ ਵਾਲੇ ਸਮੇਂ ਵਿੱਚ ਕੁਝ ਦਿਨਾਂ ਦੇ ਅੰਦਰ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਉਹ ਸਪੱਸ਼ਟੀਕਰਨ ਖੋਲ੍ਹ ਕੇ ਪੜ੍ਹਿਆ ਜਾਵੇਗਾ ਤੇ ਉਸ ਤੇ ਫੈਸਲਾ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਆਪਣਾ ਲਿਖਤੀ ਜਵਾਬ ਸੌਂਪ ਦਿੱਤਾ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਆਪਣਾ ਫ਼ੈਸਲਾ ਸੁਣਾਉਣਗੇ।
ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਬਾਗ਼ੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਦੇ ਜਵਾਬ ਦਿੱਤੇ ਗਏ।
ਇਸ ਮੁਆਫੀਨਾਮਾ ਵਿੱਚ ਬਾਗੀ ਧਿਰ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਗਲਤੀਆਂ ਦਾ ਸਮਰਥਨ ਕਰਨ ਲਈ ਮੁਆਫੀ ਮੰਗੀ ਸੀ। ਅਕਾਲੀ ਦਲ ਦਾ ਬਾਗੀ ਧੜਾ ਜਿਸ ਦੀ ਅਗਵਾਈ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਪਰਮਿੰਦਰ ਸਿੰਘ ਢੀਂਡਸਾ ਕਰ ਰਹੇ ਹਨ ਉਨ੍ਹਾਂ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਦੇ ਬਤੌਰ ਗ੍ਰਹਿ ਮੰਤਰੀ ਹੋਈਆਂ ਭੁੱਲਾਂ ਲਈ ਲਿਖਤੀ ਰੂਪ ਵਿੱਚ ਮੁਆਫ਼ੀ ਮੰਗੀ ਗਈ ਸੀ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ ਦੋਸ਼ ਲਾਇਆ ਸੀ ਕਿ ਅਕਾਲੀ ਸਰਕਾਰ ਵੇਲੇ 2007 ਵਿੱਚ ਸਲਾਬਤਪੁਰਾ ਕੇਸ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਥਾਂ ਅਕਾਲੀ ਸਰਕਾਰ ਨੇ ਕੇਸ ਵਾਪਸ ਲੈ ਲਿਆ ਸੀ। 2015 ਵਿੱਚ ਹੋਈਆਂ ਬੇਅਦਬੀਆਂ ਦੇ ਮਾਮਲੇ ਵਿੱਚ ਅਕਾਲੀ ਸਰਕਾਰ ਨੇ ਮੁਲਜ਼ਮਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਸੀ।
ਇਹ ਵੀ ਪੜ੍ਹੋ : Punjab Weather Update: ਮਾਨਸੂਨ ਦੀ ਰਫ਼ਤਾਰ ਪਈ ਮੱਠੀ! ਪੰਜਾਬ 'ਚ ਅੱਜ ਛਾਏ ਰਹਿਣਗੇ ਬੱਦਲ
ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਸਬੰਧੀ ਮਾਮਲੇ ’ਚ ਫ਼ੈਸਲੇ ਦੀ ਪਰੋੜ੍ਹਤਾ ਲਈ 90 ਲੱਖ ਰੁਪਏ ਦੇ ਇਸ਼ਤਿਹਾਰ ਦੇਣ ਸਬੰਧੀ ਸ਼੍ਰੋਮਣੀ ਕਮੇਟੀ ਕੋਲੋਂ ਵੀ ਜਵਾਬ ਮੰਗਿਆ ਗਿਆ ਸੀ।
ਪੰਜ ਸਿੰਘ ਸਾਹਿਬਾਨਾਂ ਵਲੋਂ 15 ਦਿਨਾਂ ਵਿਚ ਸਪੱਸ਼ਟੀਕਰਨ ਮੰਗੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਸੀ ਕਿ ਉਹ ਇਕ ਸ਼ਰਧਾਵਾਨ ਅਤੇ ਨਿਮਾਣੇ ਸਿੱਖ ਵੱਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣਗੇ।
ਉਨ੍ਹਾਂ ਕਿਹਾ ਕਿ ਮੇਰਾ ਰੋਮ-ਰੋਮ ਅਤੇ ਸੁਆਸ-ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ-ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ 'ਤੇ ਨਤਮਸਤਕ ਹੋਵੇਗਾ।
ਇਹ ਵੀ ਪੜ੍ਹੋ : Nawanshahr News: ਭੇਦਭਰੇ ਹਾਲਾਤਾਂ 'ਚ ਏਕੇ 47 ਨਾਲ ਗੋਲੀ ਚੱਲਣ ਨਾਲ ਹੈਡ ਕਾਂਸਟੇਬਲ ਦੀ ਹੋਈ ਮੌਤ