Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ
Sukhbir Singh Badal Resigned: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ
Sukhbir Singh Badal Resigned: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ (Sukhbir Badal resigns) ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਦੱਸ ਦਈਏ ਕਿ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਇਸ ਅਸਤੀਫੇ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਦਿੱਤੀ ਹੈ।
ਉਨ੍ਹਾਂ ਨੇ ਲਿਖਿਆ ਕਿ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ 'ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 18 ਨਵੰਬਰ ਨੂੰ ਹੋਵੇਗੀ, ਜਿਸ ਵਿਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਫੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਸਦਨ ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।
ਸੁਖਬੀਰ ਦੇ ਅਸਤੀਫੇ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਇਸ ਉੱਤੇ ਤਿੱਖੀ ਟਿੱਪਣੀ ਕੀਤੀ ਹੈ। ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਹੁਣ ਖੁਸ਼ ਜੇ......!!! ਹੁਣ ਬਣਾ ਦਿਓ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਪ੍ਰਧਾਨ ਜਥੇਦਾਰ ਜੀ ਦੀ ਬੜੇ ਚਿਰ ਦੀ ਇੱਛਾ ਸੀ।
ਇਸ ਅਸਤੀਫੇ ਤੋਂ ਬਾਅਦ ਹੁਣ ਹਰ ਇੱਕ ਦੀ ਨਜ਼ਰ ਪਾਰਟੀ ਦੇ ਨਵੇਂ ਪ੍ਰਧਾਨ 'ਤੇ ਵੀ ਬਣੀ ਹੋਈ ਹੈ। ਕਿ ਸੁਖਬੀਰ ਬਾਦਲ ਤੋਂ ਬਾਅਦ ਨਵਾਂ ਪ੍ਰਧਾਨ ਕੌਣ ਹੋਵੇਗਾ। ਫਿਲਹਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਬਣੇ ਹੋਏ ਹਨ।
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਐਲਾਨੇ ਗਏ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਰੂਪ ਵਿੱਚ ਫੈਸਲਾ ਲੈਣ ਦੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਖੁਦ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਅਤੇ ਲਿਖਤੀ ਦਰਖਾਸਤ ਸੌਂਪੀ ਸੀ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਖਿਲਾਫ ਪਿਛਲੇ ਕਈ ਸਾਲਾਂ ਤੋਂ ਗੰਦੀ ਮੁਹਿੰਮ ਚਲਾਈ ਜਾ ਰਹੀ ਹੈ। ਕੁਝ ਲੋਕਾਂ ਨੇ ਪਾਰਟੀ ਤੋਂ ਬਾਗੀ ਹੋ ਕੇ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਕੀਤੀ, ਜਿਸ 'ਤੇ ਸਿੰਘ ਸਾਹਿਬ ਨੇ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ।
ਮੈਂ ਤੁਰੰਤ ਸਪੱਸ਼ਟੀਕਰਨ ਦੇ ਦਿੱਤਾ ਅਤੇ ਅਕਾਲੀ ਦਲ ਦੇ ਪ੍ਰਧਾਨ ਵਜੋਂ ਸਭ ਕੁਝ ਆਪਣੇ ਸਿਰ ਲੈ ਲਿਆ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆਂ ਦੇ ਹਰ ਸਿੱਖ ਲਈ ਸਰਵਉੱਚ ਹੈ। ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਤਾਂ ਹੀ ਅੱਜ ਦੇਸ਼ ਮਜ਼ਬੂਤ ਹੈ, ਉਨ੍ਹਾਂ ਕਿਹਾ ਕਿ ਕੁਝ ਜ਼ਿੰਮੇਵਾਰੀਆਂ ਨਿੱਜੀ ਵੀ ਹਨ।