Sunam News (R N kansal): ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਸਿਹਤ ਵਿਭਾਗ ਸੰਗਰੂਰ ਦੀ ਟੀਮ ਨੇ ਸੁਨਾਮ ਊਧਮ ਦੇ ਨੇੜਲੇ ਪਿੰਡ ਜਗਤਪੁਰਾ ਵਿੱਚ ਫੂਡ ਪ੍ਰੋਡਕਟ ਬਣਾਉਣ ਵਾਲੇ ਪਲਾਂਟ ਦਾ ਨਿਰੀਖਣ ਕੀਤਾ। ਵਿਭਾਗ ਦੀ ਟੀਮ ਵੱਲੋਂ ਇੱਕ ਫੈਕਟਰੀ ਵਿੱਚ ਅਚਨਚੇਤ ਛਾਪਾ ਮਾਰ ਕੇ ਸੈਂਪਲ ਲੈਣ ਉਪਰੰਤ ਫੈਕਟਰੀ ਦੇ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ। ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਫੈਕਟਰੀ ਵਿੱਚ ਤਿਆਰ ਕੀਤੇ ਜਾ ਰਹੇ ਮੁਰੱਬਾ, ਆਂਵਲਾ ਕੈਂਡੀ, ਚੈਰੀ ਆਦਿ ਖਾਧ ਪਦਾਰਥਾਂ ਦੇ ਚਾਰ ਸੈਂਪਲ ਲਏ।


COMMERCIAL BREAK
SCROLL TO CONTINUE READING

ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਇਕ ਨਾਗਰਿਕ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਸ਼ਿਕਾਇਤ ਕੀਤੀ ਸੀ ਕਿ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਗਤਪੁਰਾ 'ਚ ਸਥਿਤ ਇਕ ਨਿੱਜੀ ਫੈਕਟਰੀ 'ਚ ਗੈਰ-ਮਿਆਰੀ ਤਰੀਕੇ ਨਾਲ ਖਾਣ-ਪੀਣ ਦੀਆਂ ਵਸਤੂਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ 'ਤੇ ਤੁਰੰਤ ਕਾਰਵਾਈ ਕਰਦਿਆਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਗਏ ਸਨ ਅਤੇ ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਨੂੰ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸੈਂਪਲਾਂ ਦੀ ਰਿਪੋਰਟ ਆਉਣ ਤੱਕ ਫੈਕਟਰੀ ਦੇ ਗੋਦਾਮ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫੈਕਟਰੀ ਵਿੱਚ ਸਫ਼ਾਈ ਦੀ ਘਾਟ ਸੀ, ਜਿਸ ਕਾਰਨ ਸਬੰਧਤ ਫਰਮ ਦਾ ਚਲਾਨ ਵੀ ਕੀਤਾ ਗਿਆ ਹੈ।


ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਅਨੁਸਾਰ ਮਿਲਾਵਟਖੋਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਸੇ ਨੂੰ ਵੀ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੇਚ ਕੇ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਸ਼ਾਸਨ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਟੀਮਾਂ ਸਮੇਂ-ਸਮੇਂ 'ਤੇ ਅਜਿਹੀਆਂ ਕਾਰਵਾਈਆਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਚੌਕਸ ਹਨ।


ਇਸ ਮੌਕੇ ਥਾਣਾ ਸਿਟੀ ਸੁਨਾਮ ਦੇ ਐਸ.ਐਚ.ਓ ਸੁਖਦੀਪ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਸਿਹਤ ਵਿਭਾਗ ਦੀ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ ਅਤੇ ਜੇਕਰ ਇਨ੍ਹਾਂ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।