Machhiwara News: ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜੋੜ ਮੇਲੇ ਦੀ ਸਮਾਪਤੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ |


COMMERCIAL BREAK
SCROLL TO CONTINUE READING

ਉਨ੍ਹਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਫਿਰ ਨਗਰ ਕੀਰਤਨ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਲੈ ਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਰਵਾਨਾ ਹੋਏ ਨਗਰ ਕੀਰਤਨ ਦਾ ਥਾਂ-ਥਾਂ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ।


ਨਗਰ ਕੀਰਤਨ ਦੇ ਸਵਾਗਤ ਲਈ ਬਾਜ਼ਾਰ ਵਿੱਚ ਦੁਕਾਨਦਾਰਾਂ ਨੇ ਸਜਾਵਟੀ ਗੇਟ ਲਗਾਏ ਹੋਏ ਸਨ ਅਤੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ। ਨਗਰ ਕੀਰਤਨ ਵਿੱਚ ਮਾਤਾ ਹਰਦੇਈ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਵੀ ਆਪਣੀ ਵਿਸ਼ੇਸ਼ ਹਾਜ਼ਰੀ ਲਗਵਾਈ। ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਦੀਵਾਨ ਹਾਲ ਵਿੱਚ ਨਾਮਵਰ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਸਾਹਿਬ ਦੀਆਂ ਵਾਰਾਂ ਅਤੇ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਜੋੜ ਮੇਲੇ ਵਿੱਚ ਸ਼ਰਧਾਲੂਆਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਡੀਆ ਤੋਂ ਦੂਰੀ ਬਣਾਈ ਰੱਖੀ। ਪੱਤਰਕਾਰਾਂ ਵੱਲੋਂ ਕੁਝ ਸਵਾਲ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਸ਼ਹੀਦੀ ਪੰਦਰਵਾੜੇ 'ਤੇ ਨਾ ਤਾਂ ਉਨ੍ਹਾਂ ਕੋਲ ਕੁਝ ਕਹਿਣਾ ਹੈ ਅਤੇ ਨਾ ਹੀ ਦੱਸਣ ਲਈ ਕੁਝ ਹੈ। ਇਹ ਪਹਿਲੀ ਵਾਰ ਹੈ ਕਿ ਮਾਛੀਵਾੜਾ ਜੋੜ ਮੇਲੇ ਵਿੱਚ ਪੁੱਜੇ ਪ੍ਰਧਾਨ ਧਾਮੀ ਬਿਨਾਂ ਕੋਈ ਸਿਆਸੀ ਜਾਂ ਧਾਰਮਿਕ ਬਿਆਨ ਦਿੱਤੇ ਹੀ ਰਵਾਨਾ ਹੋ ਗਏ।


ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਨਾਜ਼ੁਕ ਦੌਰ, ਸੀਨੀਅਰ ਲੀਡਰਸ਼ਿਪ ਦੇ ਅਸਤੀਫੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਬਰਖਾਸਤਗੀ ਬਾਰੇ ਸਵਾਲਾਂ ਤੋਂ ਬਚਣ ਲਈ ਪ੍ਰਧਾਨ ਧਾਮੀ ਨੇ ਸ਼ਾਇਦ ਚੁੱਪ ਰਹਿਣਾ ਹੀ ਬਿਹਤਰ ਸਮਝਿਆ। ਨਗਰ ਕੀਰਤਨ ਨੂੰ ਰਵਾਨਾ ਕਰਨ ਉਪਰੰਤ ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਇਲਾਕੇ ਦੀ ਲੀਡਰਸ਼ਿਪ ਨਾਲ ਨਿਸ਼ਚਿਤ ਤੌਰ 'ਤੇ ਬੰਦ ਕਮਰਾ ਮੀਟਿੰਗ ਕੀਤੀ, ਜਿਸ 'ਚ ਅਕਾਲੀ ਦਲ ਦੀ ਮੌਜੂਦਾ ਸਥਿਤੀ 'ਤੇ ਚਰਚਾ ਕੀਤੀ।