Panchayat Oath Programme: ਭਲਕੇ ਹੋਵੇਗਾ ਨਵੇਂ ਚੁਣੇ ਸਰਪੰਚ ਤੇ ਪੰਚਾਂ ਦਾ ਸਹੁੰ ਚੁੱਕ ਸਮਾਗਮ; ਸੀਐਮ ਭਗਵੰਤ ਮਾਨ ਦਿਵਾਉਣਗੇ ਹਲਫ਼
Panchayat Oath Programme: ਸੂਬਾ ਵਿੱਚ ਲੋਕਤੰਤਰ ਦੇ ਤਿਉਹਾਰ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।
Panchayat Oath Programme: ਸੂਬਾ ਵਿੱਚ ਲੋਕਤੰਤਰ ਦੇ ਤਿਉਹਾਰ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਸਥਿਤ ਸਾਈਕਲ ਵੈਲੀ ਵਿੱਚ ਸੂਬਾ ਪੱਧਰੀ ਸਮਾਰੋਹ ਦੌਰਾਨ ਨਵੇਂ ਨਿਯੁਕਤ ਸਰਪੰਚਾਂ ਨੂੰ ਹਲਫ ਦਿਵਾਇਆ ਗਿਆ ਹੈ।
ਸੂਬਾ ਸਰਕਾਰ ਦਾ ਇਹ ਸ਼ਾਨਦਾਰ ਸਮਾਗਮ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ 'ਲੋਕਤੰਤਰ ਦਾ ਥੰਮ' ਮੰਨਿਆ ਜਾਂਦਾ ਹੈ। ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਚੁਣੇ ਗਏ 23 ਜ਼ਿਲ੍ਹਿਆਂ ਦੀਆਂ 13,147 ਗ੍ਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ।
ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ ਤੋਂ ਬਾਅਦ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਨਵੇਂ ਮਾਪਦੰਡ ਕਾਇਮ ਕੀਤੇ ਹਨ ਅਤੇ ਇਹ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਕਰਵਾਈਆਂ ਗਈਆਂ ਹਨ ਤਾਂ ਜੋ ਪਿੰਡਾਂ ਨੂੰ ਸਿਆਸੀ ਧੜੇਬੰਦੀ ਤੋਂ ਦੂਰ ਰੱਖ ਕੇ ਆਪਸੀ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕੀਤਾ ਜਾ ਸਕੇ। ਲੋਕ ਹਿੱਤ ਵਿੱਚ ਸੂਬਾ ਸਰਕਾਰ ਨੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਲੜਨ ਉਤੇ ਪਾਬੰਦੀ ਲਾਉਣ ਦਾ ਇਤਿਹਾਸਕ ਫੈਸਲਾ ਲਿਆ ਸੀ।
ਇਸ ਦਾ ਉਦੇਸ਼ ਪਿੰਡਾਂ ਵਿੱਚ ਧੜੇਬੰਦੀ ਕਾਰਨ ਪੈਦਾ ਹੋਈਆਂ ਵੰਡੀਆਂ ਨੂੰ ਖਤਮ ਕਰਨਾ ਸੀ ਤਾਂ ਜੋ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਨੇਕ ਕਦਮ ਨਾਲ ਸਰਕਾਰ ਨੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਪੰਚਾਇਤੀ ਚੋਣਾਂ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਦੀ ਇਸ ਅਪੀਲ ਨੂੰ ਵਿਆਪਕ ਸਮਰਥਨ ਮਿਲਿਆ, ਜਿਸ ਦੇ ਨਤੀਜੇ ਵਜੋਂ ਰਾਜ ਵਿੱਚ 3,037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 336 ਸਰਪੰਚ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ, 335 ਸਰਪੰਚ ਗੁਰਦਾਸਪੁਰ ਅਤੇ 334 ਸਰਪੰਚ ਤਰਨਤਾਰਨ ਵਿੱਚ ਸਰਬਸੰਮਤੀ ਨਾਲ ਚੁਣੇ ਗਏ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਮਾਗਮ ਦੀ ਸਫ਼ਲਤਾ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿਉਂਕਿ ਇਸ ਸਮਾਗਮ ਵਿੱਚ ਸੂਬੇ ਭਰ ਤੋਂ ਹਜ਼ਾਰਾਂ ਪੰਚਾਇਤੀ ਨੁਮਾਇੰਦੇ ਅਤੇ ਹੋਰ ਲੋਕ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਾਜ਼ਰ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਟ੍ਰੈਫਿਕ ਦੇ ਪੁਖਤਾ ਪ੍ਰਬੰਧ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕ ਸਮਾਗਮ ਵਾਲੀ ਥਾਂ 'ਤੇ ਆਸਾਨੀ ਨਾਲ ਪਹੁੰਚ ਸਕਣ।