ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘੱਟੋ ਘੱਟ ਸਮਰਥਨ ਮੁੱਲ ਦੀਆਂ ਸਿਫਾਰਸ਼ਾਂ ਲਈ ਕਾਇਮ ਕੀਤੀ ਕਮੇਟੀ ਵਿੱਚੋਂ ਪੰਜਾਬ ਨੂੰ ਬਾਹਰ ਰੱਖਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਇਸ ਨੂੰ ਕੇਂਦਰ ਸਰਕਾਰ ਦਾ ਆਪਹੁਦਰਾ ਕਦਮ ਦੱਸਦਿਆਂ ਕਿਹਾ ਕਿ ਕੌਮੀ ਅੰਨ ਭੰਡਾਰ ਵਿਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਨੂੰ ਉਚ ਤਾਕਤੀ ਕਮੇਟੀ ਵਿੱਚੋਂ ਬਾਹਰ ਕਿਉਂ ਰੱਖਿਆ ਗਿਆ ਜਿਸ ਬਾਰੇ ਕੇਂਦਰ ਦੀ ਸਰਕਾਰ ਹੀ ਭਲੀ ਭਾਂਤ ਦੱਸ ਸਕਦੀ ਹੈ।


COMMERCIAL BREAK
SCROLL TO CONTINUE READING

 


ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਕਮੇਟੀ ਵਿਚ ਪੰਜਾਬ ਦੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਗਿਆ ਹੈ, ਇਸ ਤੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਆਪਣੀਆਂ ਭਾਵਨਾਵਾਂ ਪ੍ਰਗਟਾਉਣ ਦਾ ਮੌਕਾ ਨਹੀਂ ਦੇਣਾ ਚਾਹੁੰਦੀ ਅਤੇ ਖਾਸ ਕਰਕੇ ਘਾਤਕ ਖੇਤੀ ਕਾਨੂੰਨ ਵਿਰੁੱਧ ਸੂਬੇ ਦੇ ਕਿਸਾਨਾਂ ਦੇ ਸਖ਼ਤ ਵਿਰੋਧ ਤੋਂ ਬਾਅਦ ਕੇਂਦਰ ਨੇ ਇਹ ਵਤੀਰਾ ਅਪਣਾਇਆ ਹੋਇਆ ਹੈ।


 


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦਾ ਪੰਜਾਬ ਨਾਲ ਤਾਨਾਸ਼ਾਹੀ ਵਾਲਾ ਸਲੂਕ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਪੰਜਾਬ ਦੇ ਕਿਸਾਨ ਨੁਮਾਇੰਦਿਆਂ ਤੋਂ ਬਿਨਾਂ ਇਸ ਕਮੇਟੀ ਦੀ ਕੋਈ ਮਹੱਤਤਾ ਨਹੀਂ ਰਹਿ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਨੁਮਾਇੰਦਗੀ ਤੋਂ ਬਿਨਾਂ ਬਣੀ ਕਮੇਟੀ “ਰੂਹ ਬਿਨਾਂ ਸਰੀਰ” ਵਾਂਗ ਹੈ। ਐਨ.ਡੀ.ਏ. ਸਰਕਾਰ ਕਿਸਾਨਾਂ ਦੀ ਭਲਾਈ ਕਰਨ ਦੀ ਬਜਾਏ ਪੰਜਾਬ ਦੇ ਅੰਨਦਾਤਿਆਂ ਨਾਲ ਕਿੜ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਕਿਸਾਨਾਂ ਦਾ ਕਾਨੂੰਨੀ ਹੱਕ ਹੈ ਅਤੇ ਜੇ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਨੂੰ ਇਸ ਦਾ ਲਾਭ ਮਿਲਣਾ ਚਾਹੀਦਾ ਹੈ ਤਾਂ ਇਸ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਸ਼ਮੂਲੀਅਤ ਤੋਂ ਬਗ਼ੈਰ ਜ਼ਮੀਨੀ ਹਕੀਕਤਾਂ ਤੋਂ ਕੋਰੇ ਅਰਥ ਸ਼ਾਸਤਰੀਆਂ ਉਤੇ ਆਧਾਰਤ ਇਹ ਕਮੇਟੀ ਦੇਸ਼ ਖ਼ਾਸ ਤੌਰ ਉਤੇ ਪੰਜਾਬ ਦੇ ਅੰਨਦਾਤਿਆਂ ਨਾਲ ਨਿਆਂ ਕਰਨ ਦੇ ਯੋਗ ਨਹੀਂ ਹੋਵੇਗੀ।


 


ਮੁੱਖ ਮੰਤਰੀ ਨੇ ਕਿਹਾ ਕਿ ਬੇਤਹਾਸ਼ਾ ਵਧ ਰਹੀਆਂ ਖੇਤੀ ਲਾਗਤਾਂ ਅਤੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਉਪਜ ਦੇ ਮਿਲ ਰਹੇ ਨਿਗੂਣੇ ਭਾਅ ਕਾਰਨ ਉਹ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦਬੇ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਾਲੇ ਪੰਜਾਬੀ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਹੀ ਐਮ.ਐਸ.ਪੀ. ਤੈਅ ਕਰਨ ਦੀ ਲੋੜ ਹੈ ਤਾਂ ਕਿ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ, ‘‘ਕੇਂਦਰ ਸਰਕਾਰ ਨੂੰ ਸਮੇਂ ਦੀ ਮੰਗ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬੀ ਕਿਸਾਨਾਂ ਨੂੰ ਇਸ ਕਮੇਟੀ ਵਿੱਚ ਜ਼ਰੂਰ ਸ਼ਾਮਲ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ।”


 


WATCH LIVE TV