ਚੰਡੀਗੜ: ਬੇਅਦਬੀ ਮਾਮਲੇ 'ਚ ਨਾਮਜਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਬੇਅਦਬੀ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਨੇ ਪਟੀਸ਼ਨ ਦੀ ਸੁਣਵਾਈ ਦੌਰਾਨ ਚਲਾਨ ਦੀ ਅਨੁਵਾਦਿਤ ਕਾਪੀ ਪੇਸ਼ ਕੀਤੀ। ਪੰਜਾਬ ਦੇ ਐਡਵੋਕੇਟ ਜਨਰਲ ਦੇ ਦਿੱਲੀ 'ਚ ਹੋਣ ਕਾਰਨ ਸਰਕਾਰ ਦੀ ਬੇਨਤੀ 'ਤੇ ਹਾਈਕੋਰਟ ਨੇ ਹੁਣ ਮਾਮਲੇ ਦੀ ਸੁਣਵਾਈ 19 ਜੁਲਾਈ ਨੂੰ ਤੈਅ ਕੀਤੀ ਹੈ।


COMMERCIAL BREAK
SCROLL TO CONTINUE READING

 


ਪੰਜਾਬ ਸਰਕਾਰ ਨੇ ਪਿਛਲੀ ਸੁਣਵਾਈ 'ਤੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ 'ਤੇ ਜਵਾਬ ਦਾਇਰ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਸੀ. ਬੀ. ਆਈ. ਜਾਂਚ ਦੇ ਆਦੇਸ਼ ਨੂੰ ਵਾਪਸ ਲੈਣ ਲਈ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਹੈ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ 'ਤੇ ਆਪਣੀ ਮੋਹਰ ਲਗਾ ਦਿੱਤੀ ਸੀ। ਸਰਕਾਰ ਨੇ ਕਿਹਾ ਸੀ ਕਿ ਇਸ ਤਰ੍ਹਾਂ ਇਸ ਮੰਗ ਸਬੰਧੀ ਮੁੜ ਪਟੀਸ਼ਨ ਦਾਇਰ ਕਰਨਾ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੈ। ਪੰਜਾਬ ਸਰਕਾਰ ਨੇ ਰਾਮ ਰਹੀਮ ਦੀ ਪਟੀਸ਼ਨ ਨੂੰ ਖਾਰਜ ਕਰਨ ਲਈ ਹਾਈਕੋਰਟ ਨੂੰ ਅਪੀਲ ਕੀਤੀ ਸੀ।


 


 


ਇਹ ਸੀ ਰਾਮ ਰਹੀਮ ਦੀਆਂ ਦਲੀਲਾਂ


ਰਾਮ ਰਹੀਮ ਨੇ ਕਿਹਾ ਕਿ ਮਾਮਲੇ ਨੂੰ ਗੰਭੀਰ ਦੇਖਦੇ ਹੋਏ ਪੰਜਾਬ ਸਰਕਾਰ ਨੇ 2015 'ਚ ਜਾਂਚ ਐੱਸ. ਆਈ. ਟੀ. ਨੂੰ ਸੌਂਪ ਦਿੱਤੀ ਸੀ। ਇਸ ਤੋਂ ਬਾਅਦ ਜਿਵੇਂ ਹੀ ਸਰਕਾਰ ਬਦਲੀ ਤਾਂ ਵਿਧਾਨ ਸਭਾ ਵਿੱਚ ਮਤਾ ਲਿਆ ਕੇ ਸੀ. ਬੀ. ਆਈ. ਤੋਂ ਜਾਂਚ ਵਾਪਸ ਲੈ ਲਈ ਗਈ। ਰਾਮ ਰਹੀਮ ਨੇ ਕਿਹਾ ਕਿ ਇਕ ਦੋਸ਼ੀ ਦੇ ਬਿਆਨ ਦੇ ਆਧਾਰ 'ਤੇ ਪਟੀਸ਼ਨਕਰਤਾ ਨੂੰ ਜਾਂਚ 'ਚ ਸ਼ਾਮਲ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ। ਹਾਈਕੋਰਟ ਦੇ ਦਖਲ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਨਾਰੀਆ ਜੇਲ੍ਹ ਤੋਂ ਹੀ ਪੁੱਛਗਿੱਛ 'ਚ ਸ਼ਾਮਿਲ ਕੀਤਾ ਸੀ। ਪਟੀਸ਼ਨਰ ਨੇ ਕਿਹਾ ਕਿ ਉਸ ਨੂੰ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਸੀ. ਬੀ. ਆਈ. ਜਾਂਚ ਬਹੁਤ ਅਹਿਮ ਹੈ।