ਚੰਡੀਗੜ੍ਹ: ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਵੱਲੋਂ ਦਸਤਾਰ ਦਿਵਸ ਐਕਟ ਪਾਸ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਪਾਸ ਹੋਏ ਇਸ ਐਕਟ ਅਨੁਸਾਰ ਹੁਣ ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਇਆ ਕਰੇਗਾ।


COMMERCIAL BREAK
SCROLL TO CONTINUE READING

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹੈ ਤੇ ਅੱਜ ਪੂਰੀ ਦੁਨੀਆਂ ਵਿੱਚ ਵੱਸੇ ਸਿੱਖ ਦਸਤਾਰਾਂ ਸਜ਼ਾ ਕੇ ਸਿੱਖ ਪਛਾਣ ਨੂੰ ਉੱਚਾ ਕਰ ਰਹੇ ਹਨ।


ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿੱਚ ਸਰਕਾਰੀ ਤੌਰ ’ਤੇ ਦਸਤਾਰ ਨੂੰ ਮਾਣ-ਸਤਿਕਾਰ ਮਿਲਣਾ ਖੁਸ਼ੀ ਤੇ ਤਸੱਲੀ ਵਾਲੀ ਗੱਲ ਹੈ। ਅਜਿਹਾ ਵਿਸ਼ਵ ਪੱਧਰ ’ਤੇ ਵਸੇ ਸਿੱਖਾਂ ਦੇ ਯਤਨਾਂ ਅਤੇ ਉਨ੍ਹਾਂ ਦੀਆਂ ਵਿਸ਼ਵੀ ਪ੍ਰਾਪਤੀਆਂ ਸਦਕਾ ਹੀ ਸੰਭਵ ਹੋ ਰਿਹਾ ਹੈ। ਐਡਵੋਕੇਟ ਧਾਮੀ ਨੇ ਮੈਨੀਟੋਬਾ ਸੂਬੇ ਦੀ ਸਰਕਾਰ ਦਾ ਧੰਨਵਾਦ ਕੀਤਾ ਅਤੇ ਸਿੱਖਾਂ ਨੂੰ ਮੁਬਾਰਕਬਾਦ ਦਿੱਤੀ।


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਾਨ੍ਹਪੁਰ ਵਿਖੇ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦਿਆਂ ਇਸ ਕਰੂਰਕਾਰੇ ਦੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।


ਉਨ੍ਹਾਂ ਕਿਹਾ ਕਿ 1984 ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਜਿਸ ਦੇ ਦੋਸ਼ੀ ਅਜੇ ਤੀਕ ਸਜ਼ਾਵਾਂ ਤੋਂ ਪਰ੍ਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿੰਨਾ ਚਿਰ ਹਰ ਦੋਸ਼ੀ ਨੂੰ ਮਿਸਾਲੀ ਸਜ਼ਾਵਾਂ ਨਹੀਂ ਮਿਲਦੀਆਂ, ਉਨ੍ਹਾਂ ਚਿਰ ਪੀੜਤ ਸਿੱਖਾਂ ਹਿਰਦੇ ਸ਼ਾਂਤ ਨਹੀਂ ਹੋਣਗੇ।