ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇਜ਼, ਕਾਲੀਆਂ ਦਸਤਾਰਾਂ ਸਜਾ ਕੇ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ
ਬੰਦੀ ਸਿੰਘਾਂ ਦੀ ਰਿਹਾਈ ਨੂੰ ਪੰਜਾਬ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਗਏ। ਸਿੱਖਾਂ ਦਾ ਕਹਿਣਾ ਹੈ ਕਿ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ 25-30 ਸਾਲਾਂ ਤੋਂ ਜੇਲ੍ਹਾਂ `ਚ ਬੰਦ ਕਰਕੇ ਰੱਖਣਾ ਮਨੁੱਖੀ ਅਧਿਕਾਰਾਂ ਦਾ ਉਲਂਘਣ ਹੈ।
ਚੰਡੀਗੜ੍ਹ- ਇੱਕ ਪਾਸੇ ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਦ ਮਨਾਉਣ ਜਾ ਰਿਹਾ ਹੈ, ਜਦਕਿ ਦੂਸਰੇ ਪਾਸੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਭਰ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ‘ਤੇ ਸਿੱਖਾਂ ਅਤੇ ਐਸ. ਜੀ. ਪੀ. ਸੀ. ਮੈਂਬਰਾਂ, ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਕੀਤੇ ਗਏ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਗਏ।
ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਗਿਆ ਸੀ ਸੱਦਾ
ਦੱਸਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 13 ਅਗਸਤ ਸ਼ਨੀਵਾਰ ਨੂੰ ਸਵੇਰੇ 10 ਤੋਂ 11 ਵਜੇ ਤੱਕ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣ ਦਾ ਸੱਦਾ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਐਸ. ਜੀ. ਪੀ. ਸੀ. ਦੇ ਇਸ ਸੱਦੇ ਨੂੰ ਮੰਨਦੇ ਹੋਏ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਦੀ ਗੱਲ ਆਖੀ ਗਈ ਸੀ। ਇਸ ਸੱਦੇ ਨੂੰ ਪੰਜਾਬ ਭਰ ਵਿੱਚ ਸਿੱਖਾਂ ਵੱਲੋਂ ਵੱਡੇ ਪੱਧਰ ਤੇ ਹੁੰਗਾਰਾ ਦਿੱਤਾ ਗਿਆ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਅੰਮ੍ਰਿਤਸਰ ‘ਚ ਕੀਤਾ ਗਿਆ ਪ੍ਰਦਰਸ਼ਨ
ਅੰਮ੍ਰਿਤਸਰ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਕਾਲੀਆਂ ਦਸਤਾਰਾਂ ਸਜਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘ 25-30 ਸਾਲਾਂ ਤੋਂ ਜੇਲ੍ਹਾਂ ‘ਚ ਬੰਦ ਹਨ। ਜੋ ਕਿ ਸਿੱਖਾਂ ਨਾਲ ਬੇਇਨਸਾਫੀ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ‘ਚ ਰੋਸ ਪ੍ਰਦਰਸ਼ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ ਸੌਂਪਿਆ ਗਿਆ।
WATCH LIVE TV