Anandpur Sahib News (ਬਿਮਲ ਸ਼ਰਮਾ): ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਅੱਜ ਵੱਡੀ ਗਿਣਤੀ ਵਿੱਚ ਸਮਰਥਕਾਂ ਦੇ ਨਾਲ ਇੱਕ ਕਾਫਲੇ ਦੇ ਰੂਪ ਵਿੱਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਮੋਹਾਲੀ ਤੋਂ ਇਹ ਕਾਫਿਲਾ ਚੱਲਿਆ ਜੋ ਕਿ ਸ਼੍ਰੀ ਅਨੰਦਪੁਰ ਸਾਹਿਬ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬਾਅਦ ਦੁਪਹਿਰ ਪੁੱਜਿਆ ਅਤੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਅਤੇ ਸਿੰਗਲਾ ਵੱਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸਪੀਕਰ ਰਾਣਾ ਕੇ ਪੀ ਅਤੇ ਬਲਬੀਰ ਸਿੱਧੂ ਵੀ ਮੌਜੂਦ ਸਨ ।


COMMERCIAL BREAK
SCROLL TO CONTINUE READING

ਇਸ ਮੌਕੇ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜਦੋਂ ਕਦੇ ਵੀ ਉਹਨਾਂ ਨੂੰ ਕੋਈ ਜਿੰਮੇਵਾਰੀ ਦਿੱਤੀ ਗਈ ਤਾਂ ਉਹਨਾਂ ਨੇ ਉਸ ਨੂੰ ਤਨ ਦੇਹੀ ਨਾਲ ਨਿਭਾਇਆ ਹੈ। ਅਤੇ ਹੁਣ ਜਦੋਂ ਪਾਰਟੀ ਵੱਲੋਂ ਉਹਨਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਦਾ ਉਮੀਦਵਾਰ ਬਣਾ ਕੇ ਮੈਦਾਨ ਵਿੱਚ ਉਤਾਰਿਆ ਹੈ ਤਾਂ ਉਹ ਇਸ ਜਿੰਮੇਵਾਰੀ ਨੂੰ ਵੀ ਪੂਰੀ ਸ਼ਿੱਦਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਉਹਨਾਂ ਨੂੰ ਭਰਪੂਰ ਪਿਆਰ ਮਿਲ ਰਿਹਾ ਹੈ ਅਤੇ ਅੱਜ ਐਨੀ ਜ਼ਿਆਦਾ ਗਰਮੀ ਦੇ ਬਾਵਜੂਦ ਵੀ ਸਵੇਰ ਤੋਂ ਲੈ ਕੇ ਹੁਣ ਤੱਕ ਪਾਰਟੀ ਵਰਕਰਾਂ ਦਾ ਵੱਡੀ ਗਿਣਤੀ ਵਿੱਚ ਇਸ ਕਾਫਲੇ ਦੇ ਵਿੱਚ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਪੰਜਾਬ ਅਤੇ ਕੇਂਦਰ ਦੇ ਨਿਜ਼ਾਮ ਨੂੰ ਬਦਲਣ ਲਈ ਤਿਆਰ ਬੈਠੇ ਹਨ ।


ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦੋ ਢਾਈ ਸਾਲਾਂ ਵਿੱਚ ਕੋਈ ਵੀ ਕੰਮ ਨਹੀਂ ਕੀਤਾ, ਇਹੀ ਕਾਰਨ ਹੈ ਕਿ ਬਹੁਤ ਸਾਰੀਆਂ ਥਾਵਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਆਮ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸਿੰਗਲਾ ਨੇ ਕਿਹਾ ਕਿ ਉਹ ਇਲਾਕੇ ਅੰਦਰ ਸੇਵਾ ਭਾਵਨਾ ਦੇ ਨਾਲ ਆਏ ਹਨ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਉਹ ਸੁਣਨਗੇ ਅਤੇ ਉਹਨਾਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦੇ ਲਈ ਪੂਰੀ ਵਾਹ ਲਾਉਣਗੇ।


ਇਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਬਲਵੀਰ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਸੂਬੇ ਅੰਦਰ 13 ਦੀਆਂ 13 ਲੋਕ ਸਭਾ ਸੀਟਾਂ ਪਰ ਜਿੱਤ ਪ੍ਰਾਪਤ ਕਰੇਗੀ। ਉਹਨਾਂ ਕਿਹਾ ਕਿ ਕਾਂਗਰਸ ਵਿੱਚ ਕੋਈ ਫੁੱਟ ਨਹੀਂ ਹੈ। ਅੱਜ ਹੋਇਆ ਲੋਕਾਂ ਦਾ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਲੋਕ ਕੇਂਦਰ ਅਤੇ ਸੂਬਾ ਸਰਕਾਰ ਨੂੰ ਬਦਲਣਾ ਚਾਹੁੰਦੇ ਹਨ। ਉਨ੍ਹਾਂ ਕਿ ਜਿਹੜੇ ਵਾਅਦੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਸਨ ਨਾ ਤਾਂ ਕੇਂਦਰ ਸਰਕਾਰ ਨੇ ਉਹ ਵਾਅਦੇ ਪੂਰੇ ਕੀਤੇ ਅਤੇ ਜਿਹੜੇ ਵਾਅਦੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਸਨ ਉਹ ਵਾਅਦੇ ਸੂਬਾ ਸਰਕਾਰ ਵੱਲੋਂ ਵੀ ਪੂਰੇ ਨਹੀਂ ਕੀਤੇ ਗਏ ਹਨ। ਇਹੀ ਕਾਰਨ ਹੈ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੇ ਹੱਕ ਵਿੱਚ ਇੱਕ ਲਹਿਰ ਚੱਲ ਰਹੀ ਹੈ। ਜੋ ਕਿ ਆਉਂਦੀਆਂ ਚੋਣਾਂ ਵਿੱਚ ਜਿੱਤ ਦੇ ਰੂਪ ਦੇ ਵਿੱਚ ਬਦਲੇਗੀ।


ਇਸ ਮੌਕੇ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਵਿਜੇਇੰਦਰ ਸਿੰਗਲਾ ਦੀ ਚੋਣ ਮੁਹਿੰਮ ਦਾ ਆਰੰਭ ਅੱਜ ਗੁਰੂ ਚਰਨਾਂ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਵਿੱਚ ਕਾਂਗਰਸ ਦੇ ਉਮੀਦਵਾਰਾਂ ਪ੍ਰਤੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਕਿ ਇਹੀ ਕਾਰਨ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਲੋਕ ਇਸ ਕਾਫਲੇ ਦੇ ਵਿੱਚ ਵਿਜੇ ਇੰਦਰ ਸਿੰਗਲਾ ਦੇ ਨਾਲ ਪੁੱਜੇ ਹਨ ।